ਸਨੌਰ ਵਾਸੀ ਸੀਵਰੇਜ ਸਿਸਟਮ ਤੋਂ ਪ੍ਰੇਸ਼ਾਨ ਸੀਵਰੇਜ ਦੇ ਗੰਦੇ ਪਾਣੀ ਕਾਰਨ ਬੀਮਾਰੀਆਂ ਫੈਲਣ ਦਾ ਖ਼ਤਰਾ ਵਧਿਆ

0

ਸਨੌਰ/ਪਟਿਆਲ਼ਾ, 12 ਜੂਨ (ਰਾਜਿੰਦਰ ਸਿੰਘ ਥਿੰਦ)

ਸਨੌਰ ਦੇ ਗੁੱਗਾ ਮਾੜੀ ਕਲੋਨੀ ਚ ਸੀਵਰੇਜ ਦੇ ਲਗਾਤਾਰ ਓਵਰਫਲੋਅ ਹੋਣ ਕਾਰਨ ਇਲਾਕੇ ਦੇ ਵਸਨੀਕਾਂ ਨੂੰ ਭਾਰੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਸੜਕਾਂ ’ਤੇ ਗੰਦਾ ਪਾਣੀ ਖੜ੍ਹਾ ਹੋਣ ਨਾਲ ਨਾ ਸਿਰਫ਼ ਆਵਾਜਾਈ ਪ੍ਰਭਾਵਿਤ ਹੋ ਰਹੀ ਹੈ, ਸਗੋਂ ਬਦਬੂ ਅਤੇ ਗੰਦਗੀ ਕਾਰਨ ਬਿਮਾਰੀਆਂ ਫੈਲਣ ਦਾ ਖ਼ਤਰਾ ਵੀ ਵੱਧ ਗਿਆ ਹੈ। ਇਸ ਗੰਭੀਰ ਸਮੱਸਿਆ ਨੂੰ ਧਿਆਨ ਵਿੱਚ ਰੱਖਦਿਆਂ ਹਲਕਾ ਸਨੌਰ ਦੇ ਸੀਨੀਅਰ ਕਾਂਗਰਸੀ ਆਗੂ ਅਤੇ ਸਾਬਕਾ ਚੇਅਰਮੈਨ ਚੌਧਰੀ ਨਿਰਮਲ ਸਿੰਘ ਭੱਟੀਆ ਆਪਣੇ ਸਾਥੀਆਂ ਸਮੇਤ ਮੌਕੇ ’ਤੇ ਪਹੁੰਚੇ। ਉਨ੍ਹਾਂ ਇਸ ਸਮੱਸਿਆ ਨਾਲ ਜੂਝ ਰਹੇ ਵਸਨੀਕਾਂ ਨਾਲ ਗੱਲਬਾਤ ਕਰਕੇ ਉਨ੍ਹਾਂ ਦੀਆਂ ਮੁਸ਼ਕਿਲਾਂ ਸੁਣੀਆਂ ਅਤੇ ਹਾਲਾਤਾਂ ਦਾ ਜਾਇਜ਼ਾ ਲਿਆ। ਨੇੜਲੇ ਵਸਨੀਕ ਨੇ ਦੱਸਿਆ ਕਿ ਉਹ ਕਾਫ਼ੀ ਸਮੇਂ ਤੋਂ ਇਸ ਸਮੱਸਿਆ ਨਾਲ ਜੂਝ ਰਹੇ ਹਨ। ਉਨ੍ਹਾਂ ਕਿਹਾ ਕਿ ਸੀਵਰੇਜ ਦਾ ਗੰਦਾ ਪਾਣੀ ਘਰਾਂ ਦੇ ਬਾਹਰ ਖੜ੍ਹਾ ਰਹਿੰਦਾ ਹੈ, ਜਿਸ ਕਾਰਨ ਬੱਚਿਆਂ, ਬਜ਼ੁਰਗਾਂ ਅਤੇ ਹੋਰ ਲੋਕਾਂ ਨੂੰ ਆਉਣ-ਜਾਣ ਵਿੱਚ ਦਿੱਕਤਾਂ ਆ ਰਹੀਆਂ ਹਨ। ਓਹਨਾ ਨੇ ਦੋਸ਼ ਲਗਾਇਆ ਕਿ ਇਸ ਸਬੰਧੀ ਕਈ ਵਾਰ ਨਗਰ ਕੌਂਸਲ ਦੇ ਅਧਿਕਾਰੀਆਂ ਨੂੰ ਸ਼ਿਕਾਇਤਾਂ ਦਿੱਤੀਆਂ ਗਈਆਂ ਹਨ, ਪਰ ਅਜੇ ਤੱਕ ਕੋਈ ਢੁੱਕਵੀਂ ਕਾਰਵਾਈ ਨਹੀਂ ਕੀਤੀ ਗਈ। ਉਨ੍ਹਾਂ ਕਿਹਾ ਕਿ ਉਹ ਸਮੇਂ ਸਿਰ ਸਾਰੇ ਟੈਕਸ ਅਦਾ ਕਰਦੇ ਹਨ, ਫਿਰ ਵੀ ਉਨ੍ਹਾਂ ਨੂੰ ਬੁਨਿਆਦੀ ਸਹੂਲਤਾਂ ਤੋਂ ਵਾਂਝਾ ਰਹਿਣਾ ਪੈ ਰਿਹਾ ਹੈ।ਅਖ਼ੀਰ ਚ ਚੌਧਰੀ ਨਿਰਮਲ ਸਿੰਘ ਭੱਟੀਆ ਨੇ ਕਿਹਾ ਕਿ ਸੀਵਰੇਜ ਓਵਰਫਲੋਅ ਦੀ ਸਮੱਸਿਆ ਕਾਰਨ ਲੋਕਾਂ ਦਾ ਆਮ ਜੀਵਨ ਪ੍ਰਭਾਵਿਤ ਹੋ ਰਿਹਾ ਹੈ ਅਤੇ ਗੰਦੇ ਪਾਣੀ ਕਾਰਨ ਬਿਮਾਰੀਆਂ ਫੈਲਣ ਦਾ ਖ਼ਤਰਾ ਬਣਿਆ ਹੋਇਆ ਹੈ। ਉਨ੍ਹਾਂ ਕਿਹਾ ਕਿ ਜਦੋਂ ਲੋਕ ਨਿਯਮਤ ਤੌਰ ’ਤੇ ਟੈਕਸ ਅਦਾ ਕਰ ਰਹੇ ਹਨ ਤਾਂ ਉਨ੍ਹਾਂ ਨੂੰ ਬੁਨਿਆਦੀ ਸਹੂਲਤਾਂ ਵੀ ਮਿਲਣੀਆਂ ਚਾਹੀਦੀਆਂ ਹਨ। ਭੱਟੀਆ ਨੇ ਪ੍ਰਸ਼ਾਸਨ ਅਤੇ ਨਗਰ ਕੌਂਸਲ ਤੋਂ ਮੰਗ ਕੀਤੀ ਕਿ ਮਾਮਲੇ ਦੀ ਤੁਰੰਤ ਜਾਂਚ ਕਰਵਾ ਕੇ ਸੀਵਰੇਜ ਸਮੱਸਿਆ ਦਾ ਪੱਕਾ ਅਤੇ ਸਥਾਈ ਹੱਲ ਕੀਤਾ ਜਾਵੇ।

Leave a Reply

Your email address will not be published. Required fields are marked *