ਪਿਛਲੇ ਸਾਲਾਂ ‘ਚ 25 ਕਰੋੜ ਲੋਕਾਂ ਨੂੰ ਗਰੀਬੀ ਤੋਂ ਬਾਹਰ ਕੱਢਿਆ: ਮੋਦੀ

ਪਿਛਲੇ ਸਾਲਾਂ 'ਚ 25 ਕਰੋੜ ਲੋਕਾਂ ਨੂੰ ਗਰੀਬੀ ਤੋਂ ...
ਪੈਰਿਸ: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਪੈਰਿਸ ਵਿੱਚ ਭਾਰਤੀ ਭਾਈਚਾਰੇ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਭਾਰਤ ਨੇ ਪਿਛਲੇ ਸਾਲਾਂ ਦੌਰਾਨ ਗਰੀਬੀ ਖ਼ਿਲਾਫ਼ ਲੜਾਈ ਵਿੱਚ ਇਤਿਹਾਸਕ ਸਫਲਤਾ ਹਾਸਲ ਕੀਤੀ ਹੈ ਅਤੇ ਕਰੀਬ 25 ਕਰੋੜ ਲੋਕਾਂ ਨੂੰ ਗਰੀਬੀ ਦੀ ਰੇਖਾ ਤੋਂ ਬਾਹਰ ਕੱਢਿਆ ਗਿਆ ਹੈ। ਉਨ੍ਹਾਂ ਕਿਹਾ ਕਿ ਉਹ ਅਜਿਹੇ ਸਮੇਂ ਫਰਾਂਸ ਦੇ ਦੌਰੇ ‘ਤੇ ਆਏ ਹਨ, ਜਦੋਂ ਭਾਰਤ ਅਤੇ ਫਰਾਂਸ ਵਿਚਾਲੇ ਰਣਨੀਤਕ ਭਾਈਵਾਲੀ ਦੇ 12 ਸਾਲ ਪੂਰੇ ਹੋ ਰਹੇ ਹਨ। ਉਨ੍ਹਾਂ ਕਿਹਾ ਕਿ ਦੋਵਾਂ ਦੇਸ਼ਾਂ ਦੇ ਰਿਸ਼ਤੇ ਲਗਾਤਾਰ ਮਜ਼ਬੂਤ ਹੋ ਰਹੇ ਹਨ ਅਤੇ ਰੱਖਿਆ, ਤਕਨਾਲੋਜੀ, ਵਪਾਰ ਅਤੇ ਨਵੀਨਤਾ ਸਮੇਤ ਕਈ ਖੇਤਰਾਂ ਵਿੱਚ ਮਿਲ ਕੇ ਕੰਮ ਕੀਤਾ ਜਾ ਰਿਹਾ ਹੈ।
ਪ੍ਰਧਾਨ ਮੰਤਰੀ ਨੇ ਕਿਹਾ, “ਦੇਸ਼ ਦੀ 12 ਸਾਲ ਸੇਵਾ ਕਰਨਾ ਮੇਰੇ ਜੀਵਨ ਦੀ ਵੱਡੀ ਖੁਸ਼ਕਿਸਮਤੀ ਹੈ। ਇਹ ਭਾਰਤ ਦੇ ਲੋਕਤੰਤਰ ਦੀ ਤਾਕਤ ਹੈ ਕਿ ਇੱਕ ਚਾਹ ਵੇਚਣ ਵਾਲਾ ਵਿਅਕਤੀ ਵੀ ਦੇਸ਼ ਦਾ ਪ੍ਰਧਾਨ ਮੰਤਰੀ ਬਣ ਸਕਦਾ ਹੈ।”
ਉਨ੍ਹਾਂ ਕਿਹਾ ਕਿ ਭਾਰਤ ਦਾ ਵਿਕਾਸ ਹੁਣ ਸਿਰਫ਼ ਅੰਕੜਿਆਂ ਤੱਕ ਸੀਮਤ ਨਹੀਂ, ਸਗੋਂ ਇਸ ਦਾ ਲਾਭ ਸਮਾਜ ਦੇ ਆਖਰੀ ਵਿਅਕਤੀ ਤੱਕ ਪਹੁੰਚ ਰਿਹਾ ਹੈ। ਉਨ੍ਹਾਂ ਦਾਅਵਾ ਕੀਤਾ ਕਿ 25 ਕਰੋੜ ਲੋਕਾਂ ਨੂੰ ਗਰੀਬੀ ਤੋਂ ਬਾਹਰ ਕੱਢਣਾ ਦੁਨੀਆ ਦੇ ਇਤਿਹਾਸ ਦੀਆਂ ਸਭ ਤੋਂ ਵੱਡੀਆਂ ਸਮਾਜਿਕ-ਆਰਥਿਕ ਤਬਦੀਲੀਆਂ ਵਿੱਚੋਂ ਇੱਕ ਹੈ। ਰਿਹਾਇਸ਼ ਯੋਜਨਾਵਾਂ ਦਾ ਜ਼ਿਕਰ ਕਰਦਿਆਂ ਮੋਦੀ ਨੇ ਕਿਹਾ ਕਿ ਅੱਜ ਫਰਾਂਸ ਵਿੱਚ ਜਿੰਨੇ ਕੁੱਲ ਘਰ ਹਨ, ਉਸ ਤੋਂ ਵੱਧ ਘਰ ਭਾਰਤ ਵਿੱਚ ਲੋੜਵੰਦ ਅਤੇ ਗਰੀਬ ਪਰਿਵਾਰਾਂ ਲਈ ਬਣਾਏ ਗਏ ਹਨ। ਉਨ੍ਹਾਂ ਕਿਹਾ ਕਿ ਸਰਕਾਰ ਦਾ ਟੀਚਾ ਹਰ ਪਰਿਵਾਰ ਨੂੰ ਪੱਕਾ ਘਰ, ਬਿਜਲੀ, ਸਾਫ਼ ਪਾਣੀ ਅਤੇ ਹੋਰ ਬੁਨਿਆਦੀ ਸਹੂਲਤਾਂ ਉਪਲਬਧ ਕਰਵਾਉਣਾ ਹੈ।
ਪ੍ਰਧਾਨ ਮੰਤਰੀ ਨੇ ਵਿਦੇਸ਼ਾਂ ਵਿੱਚ ਵੱਸਦੇ ਭਾਰਤੀ ਭਾਈਚਾਰੇ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਉਹ ਭਾਰਤੀ ਸੰਸਕ੍ਰਿਤੀ, ਕਾਬਲੀਅਤ ਅਤੇ ਮੁੱਲਾਂ ਦੇ ਸੱਚੇ ਰਾਜਦੂਤ ਹਨ। ਉਨ੍ਹਾਂ ਕਿਹਾ ਕਿ ਭਾਰਤ ਤੇਜ਼ੀ ਨਾਲ ਵਿਕਾਸ ਦੇ ਰਾਹ ‘ਤੇ ਅੱਗੇ ਵੱਧ ਰਿਹਾ ਹੈ ਅਤੇ ਵਿਸ਼ਵ ਦੀਆਂ ਪ੍ਰਮੁੱਖ ਅਰਥਵਿਵਸਥਾਵਾਂ ਵਿੱਚ ਆਪਣੀ ਮਜ਼ਬੂਤ ਪਛਾਣ ਬਣਾਉਣ ਵਿੱਚ ਕਾਮਯਾਬ ਹੋ ਰਿਹਾ ਹੈ।
