ਏਮਜ਼ ਬਠਿੰਡਾ ਦੇ ਪ੍ਰਬੰਧਾਂ ‘ਤੇ ਬੀਕੇਯੂ ਉਗਰਾਹਾਂ ਨੇ ਚੁੱਕੇ ਸਵਾਲ

ਏਮਜ਼ ਬਠਿੰਡਾ ਦੇ ਪ੍ਰਬੰਧਾਂ 'ਤੇ ਬੀਕੇਯੂ ਉਗਰਾਹਾਂ...
ਬਠਿੰਡਾ: ਭਾਰਤੀ ਕਿਸਾਨ ਯੂਨੀਅਨ (ਏਕਤਾ ਉਗਰਾਹਾਂ) ਦੇ ਜ਼ਿਲ੍ਹਾ ਪ੍ਰਧਾਨ ਜਗਸੀਰ ਸਿੰਘ ਝੁੰਬਾ ਅਤੇ ਆਗੂ ਸਿੰਗਾਰਾ ਸਿੰਘ ਮਾਨ ਨੇ ਏਮਜ਼ ਬਠਿੰਡਾ ਦੇ ਪ੍ਰਬੰਧਾਂ ‘ਤੇ ਗੰਭੀਰ ਸਵਾਲ ਉਠਾਉਂਦੇ ਹੋਏ ਦੋਸ਼ ਲਾਇਆ ਹੈ ਕਿ ਹਸਪਤਾਲ ਵਿੱਚ ਮਰੀਜ਼ਾਂ ਅਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨੂੰ ਬੇਵਜ੍ਹਾ ਖੱਜਲ-ਖੁਆਰ ਹੋਣਾ ਪੈ ਰਿਹਾ ਹੈ।
ਯੂਨੀਅਨ ਆਗੂਆਂ ਅਨੁਸਾਰ ਸ਼ਨੀਵਾਰ ਰਾਤ ਗੰਭੀਰ ਹਾਲਤ ਵਿੱਚ ਮਰੀਜ਼ ਦਰਸ਼ਨ ਸਿੰਘ (ਪਿੰਡ ਮਾਈਸਰਖਾਨਾ) ਨੂੰ ਆਦੇਸ਼ ਹਸਪਤਾਲ ਤੋਂ ਰੈਫਰ ਕਰਕੇ ਏਮਜ਼ ਬਠਿੰਡਾ ਲਿਆਂਦਾ ਗਿਆ ਸੀ, ਪਰ ਨਾਜ਼ੁਕ ਹਾਲਤ ਹੋਣ ਦੇ ਬਾਵਜੂਦ ਉਸ ਨੂੰ ਤੁਰੰਤ ਦਾਖਲ ਨਹੀਂ ਕੀਤਾ ਗਿਆ। ਉਨ੍ਹਾਂ ਦਾ ਕਹਿਣਾ ਹੈ ਕਿ ਪਰਿਵਾਰਕ ਮੈਂਬਰਾਂ ਨੂੰ ਲੰਬੇ ਸਮੇਂ ਤੱਕ ਇਧਰ-ਉਧਰ ਭਟਕਣਾ ਪਿਆ ਅਤੇ ਯੂਨੀਅਨ ਆਗੂਆਂ ਦੇ ਦਖ਼ਲ ਤੋਂ ਬਾਅਦ ਹੀ ਮਰੀਜ਼ ਨੂੰ ਦਾਖਲ ਕੀਤਾ ਗਿਆ।
ਜਗਸੀਰ ਸਿੰਘ ਝੁੰਬਾ ਨੇ ਕਿਹਾ ਕਿ ਏਮਜ਼ ਵਰਗੇ ਵੱਡੇ ਸਿਹਤ ਸੰਸਥਾਨ ਵਿੱਚ ਐਮਰਜੈਂਸੀ ਮਰੀਜ਼ਾਂ ਨੂੰ ਤੁਰੰਤ ਇਲਾਜ ਅਤੇ ਲੋੜੀਂਦੀਆਂ ਸਹੂਲਤਾਂ ਮਿਲਣੀਆਂ ਚਾਹੀਦੀਆਂ ਹਨ, ਪਰ ਪ੍ਰਬੰਧਕੀ ਕਮੀਆਂ ਕਾਰਨ ਲੋਕਾਂ ਨੂੰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ। ਸਿੰਗਾਰਾ ਸਿੰਘ ਮਾਨ ਨੇ ਕਿਹਾ ਕਿ ਹਸਪਤਾਲ ਪ੍ਰਸ਼ਾਸਨ ਨੂੰ ਐਮਰਜੈਂਸੀ ਸੇਵਾਵਾਂ ਨੂੰ ਹੋਰ ਸੁਚਾਰੂ ਅਤੇ ਪ੍ਰਭਾਵਸ਼ਾਲੀ ਬਣਾਉਣਾ ਚਾਹੀਦਾ ਹੈ ਤਾਂ ਜੋ ਗੰਭੀਰ ਮਰੀਜ਼ਾਂ ਨੂੰ ਸਮੇਂ ਸਿਰ ਇਲਾਜ ਮਿਲ ਸਕੇ।
ਯੂਨੀਅਨ ਆਗੂਆਂ ਨੇ ਚੇਤਾਵਨੀ ਦਿੱਤੀ ਕਿ ਜੇਕਰ ਮਰੀਜ਼ਾਂ ਦੀਆਂ ਸਮੱਸਿਆਵਾਂ ਦਾ ਜਲਦ ਹੱਲ ਨਾ ਕੀਤਾ ਗਿਆ ਤਾਂ ਜਥੇਬੰਦੀ ਇਸ ਮੁੱਦੇ ਨੂੰ ਹੋਰ ਜ਼ੋਰਦਾਰ ਢੰਗ ਨਾਲ ਉਠਾਏਗੀ। ਉਨ੍ਹਾਂ ਹਸਪਤਾਲ ਪ੍ਰਸ਼ਾਸਨ ਤੋਂ ਮਰੀਜ਼ਾਂ ਦੀ ਸਹੂਲਤ ਲਈ ਢੁੱਕਵੇਂ ਅਤੇ ਪ੍ਰਭਾਵਸ਼ਾਲੀ ਪ੍ਰਬੰਧ ਕਰਨ ਦੀ ਮੰਗ ਕੀਤੀ।
