ਬਰੈਂਪਟਨ ਕਾਨਫਰੰਸ ਵਿੱਚ ਅਕਾਲੀ ਦਲ ਦਾ ਭਾਜਪਾ ਨਾਲ ਗੱਠਜੋੜ ਤੋਂ ਇਨਕਾਰ

ਬਰੈਂਪਟਨ ਕਾਨਫਰੰਸ ਵਿੱਚ ਅਕਾਲੀ ਦਲ ਦਾ...
ਬਰੈਂਪਟਨ (ਕਨੇਡਾ): ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂਆਂ ਨੇ ਕਨੇਡਾ ਦੇ ਬਰੈਂਪਟਨ ਵਿੱਚ ਕਰਵਾਈ ਗਈ ਇੱਕ ਸਿਆਸੀ ਕਾਨਫਰੰਸ ਦੌਰਾਨ ਐਲਾਨ ਕੀਤਾ ਕਿ ਪਾਰਟੀ ਪੰਜਾਬ ਵਿਧਾਨ ਸਭਾ ਦੀਆਂ ਸਾਰੀਆਂ 117 ਸੀਟਾਂ ‘ਤੇ ਇਕੱਲਿਆਂ ਚੋਣ ਲੜੇਗੀ ਅਤੇ ਪੰਜਾਬ ਦੇ ਹਿਤਾਂ ਦੀ ਕੀਮਤ ‘ਤੇ ਕਿਸੇ ਵੀ ਸਿਆਸੀ ਪਾਰਟੀ ਨਾਲ ਸਮਝੌਤਾ ਨਹੀਂ ਕਰੇਗੀ।
ਕਾਨਫਰੰਸ ਨੂੰ ਸੰਬੋਧਨ ਕਰਦਿਆਂ ਸੀਨੀਅਰ ਅਕਾਲੀ ਆਗੂ ਸਰਦਾਰ ਤੇਜਿੰਦਰ ਸਿੰਘ ਮਿੱਡੂਖੇੜਾ, ਮੱਖਣ ਸਿੰਘ ਬਰਾੜ (ਮੋਗਾ), ਚੰਡੀਗੜ੍ਹ ਦੀ ਸਾਬਕਾ ਮੇਅਰ ਬੀਬੀ ਹਰਜਿੰਦਰ ਕੌਰ, ਪਰਮਜੀਤ ਸਿੰਘ ਢਿੱਲੋਂ ਸਮਰਾਲਾ, ਗੁਰਪ੍ਰੀਤ ਸਿੰਘ ਝੱਬਰ ਅਤੇ ਹਰਜਾਪ ਸਿੰਘ ਸੰਘਾ ਨੇ ਕਿਹਾ ਕਿ ਅਕਾਲੀ ਦਲ ਪੰਜਾਬ ਦੇ ਹਿੱਤਾਂ ਦੀ ਰੱਖਿਆ ਲਈ ਵਚਨਬੱਧ ਹੈ। ਉਨ੍ਹਾਂ ਸਪੱਸ਼ਟ ਕੀਤਾ ਕਿ ਪਾਰਟੀ ਭਾਰਤੀ ਜਨਤਾ ਪਾਰਟੀ (ਭਾਜਪਾ) ਸਮੇਤ ਕਿਸੇ ਵੀ ਪਾਰਟੀ ਨਾਲ ਪੰਜਾਬ ਦੇ ਹਿਤਾਂ ਨੂੰ ਨੁਕਸਾਨ ਪਹੁੰਚਾ ਕੇ ਗੱਠਜੋੜ ਨਹੀਂ ਕਰੇਗੀ।
ਐਨਆਰਆਈ ਸੁਰੱਖਿਆ ਤੇ ਜ਼ਮੀਨ ਖਰੀਦ ਸਬੰਧੀ ਕਈ ਵੱਡੇ ਵਾਅਦੇ
ਆਗੂਆਂ ਨੇ ਕਿਹਾ ਕਿ ਜੇ ਪੰਜਾਬੀ ਇਕਜੁੱਟ ਹੋ ਕੇ ਅਕਾਲੀ ਦਲ ਨੂੰ ਸੱਤਾ ਵਿੱਚ ਲਿਆਉਂਦੇ ਹਨ ਤਾਂ ਸੂਬੇ ਦੇ ਸਾਰੇ ਅਹਿਮ ਮਸਲਿਆਂ ਦਾ ਹੱਲ ਕੀਤਾ ਜਾਵੇਗਾ। ਉਨ੍ਹਾਂ ਦਾਅਵਾ ਕੀਤਾ ਕਿ ਅਕਾਲੀ ਸਰਕਾਰ ਬਣਨ ‘ਤੇ ਹਿਮਾਚਲ ਪ੍ਰਦੇਸ਼ ਅਤੇ ਰਾਜਸਥਾਨ ਦੀ ਤਰਜ਼ ‘ਤੇ ਪੰਜਾਬ ਤੋਂ ਬਾਹਰ ਦਾ ਕੋਈ ਵੀ ਵਿਅਕਤੀ ਸੂਬੇ ਵਿੱਚ ਇੱਕ ਇੰਚ ਵੀ ਜ਼ਮੀਨ ਨਹੀਂ ਖਰੀਦ ਸਕੇਗਾ।
ਸਰਦਾਰ ਤੇਜਿੰਦਰ ਸਿੰਘ ਮਿੱਡੂਖੇੜਾ ਨੇ ਵਾਅਦਾ ਕੀਤਾ ਕਿ ਸੱਤਾ ਵਿੱਚ ਆਉਣ ‘ਤੇ ਐਨਆਰਆਈ ਭਾਈਚਾਰੇ ਦੀ ਜਾਨ-ਮਾਲ ਦੀ ਸੁਰੱਖਿਆ ਲਈ ਮੁੜ ਐਨਆਰਆਈ ਥਾਣੇ ਸਥਾਪਤ ਕੀਤੇ ਜਾਣਗੇ। ਵਿਦੇਸ਼ਾਂ ਤੋਂ ਵਾਪਸ ਆ ਕੇ ਪੰਜਾਬ ਵਿੱਚ ਕਾਰੋਬਾਰ ਸ਼ੁਰੂ ਕਰਨ ਵਾਲੇ ਨੌਜਵਾਨਾਂ ਨੂੰ ਵਿਸ਼ੇਸ਼ ਕਰਜ਼ੇ ਦਿੱਤੇ ਜਾਣਗੇ ਅਤੇ ਸੂਬੇ ਵਿੱਚ ਸਕਿਲਡ ਯੂਨੀਵਰਸਿਟੀਆਂ ਦੀ ਸਥਾਪਨਾ ਕੀਤੀ ਜਾਵੇਗੀ।
ਅਕਾਲੀ ਆਗੂਆਂ ਨੇ ਪ੍ਰਵਾਸੀ ਪੰਜਾਬੀ ਭਾਈਚਾਰੇ ਨੂੰ ਅਪੀਲ ਕੀਤੀ ਕਿ ਉਹ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਨੂੰ ਇੱਕ ਚੁਣੌਤੀ ਵਜੋਂ ਸਵੀਕਾਰ ਕਰਦਿਆਂ ਅਕਾਲੀ ਦਲ ਨੂੰ ਮਜ਼ਬੂਤ ਸਮਰਥਨ ਦੇਣ। ਕਾਨਫਰੰਸ ਵਿੱਚ ਵੱਡੀ ਗਿਣਤੀ ਵਿੱਚ ਪੰਜਾਬੀ ਭਾਈਚਾਰੇ ਦੇ ਲੋਕਾਂ ਨੇ ਸ਼ਿਰਕਤ ਕੀਤੀ ਅਤੇ ਆਗੂਆਂ ਦੇ ਸੰਬੋਧਨ ਦਾ ਭਰਵਾਂ ਸਵਾਗਤ ਕੀਤਾ।
