ਉੱਤਰਾਖੰਡ ਵਿਵਾਦ: CM ਮਾਨ ਨੇ ਉੱਤਰਾਖੰਡ ਦੇ ਮੁੱਖ ਮੰਤਰੀ ਨਾਲ ਕੀਤੀ ਗੱਲਬਾਤ

ਉੱਤਰਾਖੰਡ ਵਿਵਾਦ: CM ਮਾਨ ਨੇ ਉੱਤਰਾਖੰਡ ਦੇ...
ਚੰਡੀਗੜ੍ਹ : ਉੱਤਰਾਖੰਡ ਦੇ ਰੁਦ੍ਰਪ੍ਰਯਾਗ ਵਿੱਚ ਨਿਹੰਗ ਸਿੰਘਾਂ ਅਤੇ ਸਥਾਨਕ ਵਪਾਰੀਆਂ ਵਿਚਾਲੇ ਹੋਏ ਵਿਵਾਦ ਨੂੰ ਗੰਭੀਰਤਾ ਨਾਲ ਲੈਂਦਿਆਂ ਪੰਜਾਬ ਦੇ ਮੁੱਖ ਮੰਤਰੀ Bhagwant Mann ਨੇ ਉੱਤਰਾਖੰਡ ਦੇ ਮੁੱਖ ਮੰਤਰੀ Pushkar Singh Dhami ਨਾਲ ਫ਼ੋਨ ‘ਤੇ ਗੱਲਬਾਤ ਕਰਕੇ ਹਾਲਾਤ ਨੂੰ ਜਲਦ ਤੋਂ ਜਲਦ ਸ਼ਾਂਤ ਕਰਨ ਦੀ ਅਪੀਲ ਕੀਤੀ। ਉਨ੍ਹਾਂ ਦੋਵਾਂ ਸੂਬਿਆਂ ਵਿਚਾਲੇ ਆਪਸੀ ਤਾਲਮੇਲ ਅਤੇ ਸਹਿਯੋਗ ਨਾਲ ਸਥਿਤੀ ਨੂੰ ਕਾਬੂ ਹੇਠ ਲਿਆਉਣ ‘ਤੇ ਜ਼ੋਰ ਦਿੱਤਾ।
ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਇਹ ਬਹੁਤ ਹੀ ਸੰਵੇਦਨਸ਼ੀਲ ਮਾਮਲਾ ਹੈ ਅਤੇ ਕਿਸੇ ਵੀ ਪ੍ਰਸ਼ਾਸਨਿਕ ਜਾਂ ਕਾਨੂੰਨੀ ਕਾਰਵਾਈ ਤੋਂ ਪਹਿਲਾਂ ਦੋਵਾਂ ਧਿਰਾਂ ਦੀ ਗੱਲ ਨਿਰਪੱਖਤਾ ਅਤੇ ਪਾਰਦਰਸ਼ਤਾ ਨਾਲ ਸੁਣੀ ਜਾਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਨਿਆਂ ਨੂੰ ਯਕੀਨੀ ਬਣਾਉਣ ਲਈ ਦੋਵਾਂ ਪੱਖਾਂ ਨੂੰ ਬਰਾਬਰ ਦਾ ਮੌਕਾ ਮਿਲਣਾ ਲਾਜ਼ਮੀ ਹੈ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਇਸ ਪੂਰੇ ਮਾਮਲੇ ਦਾ ਹੱਲ ਸਿਰਫ਼ ਸ਼ਾਂਤੀਪੂਰਨ ਢੰਗ ਨਾਲ ਹੀ ਕੱਢਿਆ ਜਾਣਾ ਚਾਹੀਦਾ ਹੈ, ਤਾਂ ਜੋ ਇਲਾਕੇ ਵਿੱਚ ਭਾਈਚਾਰਕ ਸਾਂਝ, ਸਦਭਾਵਨਾ ਅਤੇ ਅਮਨ-ਸ਼ਾਂਤੀ ਬਰਕਰਾਰ ਰਹੇ।
ਭਗਵੰਤ ਮਾਨ ਨੇ ਉੱਤਰਾਖੰਡ ਵਿੱਚ ਰਹਿ ਰਹੀ ਸਿੱਖ ਸੰਗਤ ਅਤੇ ਪੰਜਾਬ ਤੋਂ ਧਾਰਮਿਕ ਯਾਤਰਾ ‘ਤੇ ਗਏ ਸ਼ਰਧਾਲੂਆਂ ਨੂੰ ਵੀ ਸ਼ਾਂਤੀ ਅਤੇ ਸੰਜਮ ਬਣਾਈ ਰੱਖਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਮੌਜੂਦਾ ਹਾਲਾਤ ਨੂੰ ਸੂਝ-ਬੂਝ ਅਤੇ ਧੀਰਜ ਨਾਲ ਸੰਭਾਲਣ ਦੀ ਲੋੜ ਹੈ। ਮੁੱਖ ਮੰਤਰੀ ਨੇ ਦੇਸ਼-ਵਿਦੇਸ਼ ਵਿੱਚ ਰਹਿੰਦੇ ਪੰਜਾਬੀਆਂ ਨੂੰ ਭਰੋਸਾ ਦਿਵਾਇਆ ਕਿ ਪੰਜਾਬ ਸਰਕਾਰ ਆਪਣੇ ਲੋਕਾਂ ਅਤੇ ਸਿੱਖ ਸੰਗਤ ਦੀ ਸੁਰੱਖਿਆ ਅਤੇ ਹੱਕਾਂ ਦੀ ਰਾਖੀ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਕਿਸੇ ਵੀ ਔਖੀ ਘੜੀ ਵਿੱਚ ਪੰਜਾਬ ਸਰਕਾਰ ਆਪਣੇ ਨਾਗਰਿਕਾਂ ਦੀ ਹਰ ਸੰਭਵ ਮਦਦ ਲਈ ਹਮੇਸ਼ਾ ਤਿਆਰ ਹੈ।
