ਪਿੰਡਾਂ ਦਾ ਸਰਬਪੱਖੀ ਵਿਕਾਸ ਹੀ ਪੰਜਾਬ ਨੂੰ ਨੰਬਰ ਇਕ ਸੂਬਾ ਬਣਾਏਗਾ: ਭਗਵੰਤ ਸਿੰਘ ਮਾਨ

ਪਿੰਡਾਂ ਦਾ ਸਰਬਪੱਖੀ ਵਿਕਾਸ ਹੀ ਪੰਜਾਬ ਨੂੰ...
ਪਟਿਆਲਾ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸਰਪੰਚਾਂ ਨੂੰ ਸੰਕੀਰਨ ਸੋਚ ਤੋਂ ਉੱਪਰ ਉੱਠ ਕੇ ਪਿੰਡਾਂ ਦੇ ਸਰਬਪੱਖੀ ਵਿਕਾਸ ਲਈ ਤਨਦੇਹੀ ਨਾਲ ਕੰਮ ਕਰਨ ਦਾ ਸੱਦਾ ਦਿੱਤਾ। ਇਥੇ ‘ਸਰਪੰਚ ਮਿਲਣੀ’ ਦੌਰਾਨ ਮੁੱਖ ਮੰਤਰੀ ਨੇ ਐਲਾਨ ਕੀਤਾ ਕਿ ਸਰਪੰਚਾਂ ਨੂੰ 15 ਅਗਸਤ ਤੋਂ 10,000 ਰੁਪਏ ਪ੍ਰਤੀ ਮਹੀਨਾ ਮਾਣਭੱਤਾ ਮਿਲੇਗਾ।
ਉਨ੍ਹਾਂ ਨੇ ਸਰਪੰਚਾਂ ਨੂੰ ਜਨਤਕ ਫੰਡਾਂ ਦੀ ਪਾਰਦਰਸ਼ੀ ਵਰਤੋਂ ਯਕੀਨੀ ਬਣਾਉਣ, ਧੜੇਬੰਦੀ ਨੂੰ ਖ਼ਤਮ ਕਰਨ, ਆਪਸੀ ਭਾਈਚਾਰਕ ਸਾਂਝ ਵਧਾਉਣ ਅਤੇ ਪਿੰਡਾਂ ਨੂੰ ਨਸ਼ਾ ਮੁਕਤ, ਸਾਫ਼-ਸੁਥਰਾ, ਹਰਿਆ-ਭਰਿਆ ਅਤੇ ਪ੍ਰਦੂਸ਼ਣ ਮੁਕਤ ਬਣਾਉਣ ਲਈ ਯਤਨਾਂ ਦੀ ਅਗਵਾਈ ਕਰਨ ਦੀ ਅਪੀਲ ਵੀ ਕੀਤੀ। ‘ਸਰਪੰਚ ਮਿਲਣੀ’ ਦੌਰਾਨ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਪੰਚਾਇਤਾਂ ਨੂੰ ਲੋਕਤੰਤਰ ਦੀ ਨੀਂਹ ਵਜੋਂ ਜਾਣਿਆ ਜਾਂਦਾ ਹੈ ਕਿਉਂਕਿ ਪੰਚਾਇਤਾਂ ਕੋਲ ਅਥਾਹ ਸ਼ਕਤੀਆਂ ਹੁੰਦੀਆਂ ਹਨ ਅਤੇ ਇਨ੍ਹਾਂ ਦੇ ਫੈਸਲਿਆਂ ਨੂੰ ਪੂਰੇ ਪਿੰਡ ਵੱਲੋਂ ਸਤਿਕਾਰ ਨਾਲ ਮੰਨਿਆ ਜਾਂਦਾ ਹੈ।
ਪਿੰਡ ਵਾਸੀਆਂ ਦੇ ਹਿੱਤਾਂ ਦੀ ਰਾਖੀ ਕਰਨਾ ਅਤੇ ਉਨ੍ਹਾਂ ਦੀਆਂ ਉਮੀਦਾਂ ‘ਤੇ ਖਰਾ ਉਤਰਨਾ ਹਰ ਸਰਪੰਚ ਦਾ ਨੈਤਿਕ ਫਰਜ਼ ਹੈ। ਸਾਡੇ ਦੇਸ਼ ਦੀ ਲਗਭਗ 70 ਫੀਸਦੀ ਆਬਾਦੀ ਪਿੰਡਾਂ ਵਿੱਚ ਰਹਿੰਦੀ ਹੈ, ਜਿਸ ਕਾਰਨ ਪੰਚਾਇਤੀ ਰਾਜ ਸੰਸਥਾਵਾਂ ਨੂੰ ਲੋਕਤੰਤਰ ਦਾ ਧੁਰਾ ਮੰਨਿਆ ਜਾਂਦਾ ਹੈ।”
ਮੁੱਖ ਮੰਤਰੀ ਨੇ ਕਿਹਾ, “ਇਹ ਸੰਸਥਾਵਾਂ ਸੂਬਾ ਸਰਕਾਰ ਦੀਆਂ ਲੋਕ-ਪੱਖੀ ਅਤੇ ਵਿਕਾਸ-ਮੁਖੀ ਸਕੀਮਾਂ ਦੇ ਲਾਭ ਜ਼ਮੀਨੀ ਪੱਧਰ ਤੱਕ ਪਹੁੰਚਾਉਣ ਲਈ ਅਹਿਮ ਜ਼ਰੀਏ ਵਜੋਂ ਕੰਮ ਕਰਦੀਆਂ ਹਨ।
ਸੂਬਾ ਸਰਕਾਰ ਨੀਤੀਆਂ ਬਣਾਉਂਦੀ ਹੈ, ਜਦਕਿ ਸਰਪੰਚ ਅਤੇ ਪੰਚ ਇਨ੍ਹਾਂ ਨੂੰ ਜ਼ਮੀਨੀ ਪੱਧਰ ‘ਤੇ ਲਾਗੂ ਕਰਨ ਵਿੱਚ ਵੱਡੀ ਭੂਮਿਕਾ ਨਿਭਾਉਂਦੇ ਹਨ। ਮੈਂ ਸਾਰੇ ਸਰਪੰਚਾਂ ਨੂੰ ਅਪੀਲ ਕਰਦਾ ਹਾਂ ਕਿ ਉਹ ਅੱਜ ਤੋਂ ਹੀ ਵਿਕਾਸ ਕਾਰਜਾਂ ਲਈ ਆਪਣੇ ਆਪ ਨੂੰ ਮੁੜ ਸਮਰਪਿਤ ਕਰਨ ਤਾਂ ਜੋ ਲੋਕਾਂ ਨੂੰ ਇਸ ਦਾ ਭਰਪੂਰ ਲਾਭ ਮਿਲ ਸਕੇ।”
