ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਨੂੰ ਸਮਰਪਿਤ ਕੀਤੇ 500 ਆਧੁਨਿਕ ਪੇਂਡੂ ਜਿੰਮ

0
Jim

ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਨੂੰ ਸਮਰਪਿਤ...

ਫ਼ਰੀਦਕੋਟ : ਪੰਜਾਬ ਨੂੰ ਨਸ਼ਾ ਮੁਕਤ, ਸਿਹਤਮੰਦ ਅਤੇ ਖੇਡ ਸੱਭਿਆਚਾਰ ਵਾਲਾ ਸੂਬਾ ਬਣਾਉਣ ਦੇ ਉਦੇਸ਼ ਨਾਲ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਐਤਵਾਰ ਨੂੰ ਸੂਬੇ ਭਰ ਵਿੱਚ 500 ਆਧੁਨਿਕ ਪੇਂਡੂ ਜਿੰਮ ਲੋਕਾਂ ਨੂੰ ਸਮਰਪਿਤ ਕੀਤੇ। ਫ਼ਰੀਦਕੋਟ ਦੇ ਪਿੰਡ ਚੰਦ ਬਾਜਾ ਤੋਂ ਇਸ ਪਹਿਲ ਦੀ ਸ਼ੁਰੂਆਤ ਕਰਦਿਆਂ ਉਨ੍ਹਾਂ ਕਿਹਾ ਕਿ ਨਵੇਂ ਜਿੰਮ ਅਤੇ ਖੇਡ ਮੈਦਾਨ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਅਤੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਵਿੱਚ ਅਹਿਮ ਭੂਮਿਕਾ ਨਿਭਾਉਣਗੇ।

ਮੁੱਖ ਮੰਤਰੀ ਨੇ ਦੱਸਿਆ ਕਿ ਸੂਬਾ ਸਰਕਾਰ ਨੇ ਖੇਡਾਂ ਲਈ 1,791 ਕਰੋੜ ਰੁਪਏ ਦਾ ਰਿਕਾਰਡ ਬਜਟ ਰੱਖਿਆ ਹੈ। ਇਸ ਤਹਿਤ ਕਰੀਬ 200 ਕਰੋੜ ਰੁਪਏ ਦੀ ਲਾਗਤ ਨਾਲ ਪੰਜਾਬ ਵਿੱਚ 3,000 ਆਧੁਨਿਕ ਪੇਂਡੂ ਜਿੰਮ ਅਤੇ 3,100 ਖੇਡ ਮੈਦਾਨ ਵਿਕਸਤ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਹੁਣ ਤੱਕ 250 ਖੇਡ ਮੈਦਾਨ ਲੋਕਾਂ ਨੂੰ ਸਮਰਪਿਤ ਕੀਤੇ ਜਾ ਚੁੱਕੇ ਹਨ। ਭਗਵੰਤ ਮਾਨ ਨੇ ਕਿਹਾ ਕਿ ਇਹ ਜਿੰਮ ਸਿਰਫ਼ ਕਸਰਤ ਕਰਨ ਦੀ ਥਾਂ ਨਹੀਂ, ਸਗੋਂ ਪੰਜਾਬ ਦੇ ਨੌਜਵਾਨਾਂ ਦੇ ਸਿਹਤਮੰਦ ਅਤੇ ਰੌਸ਼ਨ ਭਵਿੱਖ ਦੀ ਨੀਂਹ ਹਨ। ਉਨ੍ਹਾਂ ਕਿਹਾ ਕਿ ਸਰਕਾਰ ਦਾ ਮੁੱਖ ਟੀਚਾ ਨੌਜਵਾਨਾਂ ਨੂੰ ਖੇਡਾਂ ਨਾਲ ਜੋੜ ਕੇ ਨਸ਼ਿਆਂ ਦੀ ਲਾਹਨਤ ਤੋਂ ਬਚਾਉਣਾ ਹੈ।

ਮੁੱਖ ਮੰਤਰੀ ਨੇ ਇਹ ਵੀ ਐਲਾਨ ਕੀਤਾ ਕਿ ਪੰਜਾਬ ਭਰ ਦੇ ਪਿੰਡਾਂ ਦੇ ਛੱਪੜਾਂ ਦੀ ਕਾਇਆਕਲਪ ਲਈ ਵਿਆਪਕ ਮੁਹਿੰਮ ਸ਼ੁਰੂ ਕੀਤੀ ਗਈ ਹੈ। ਛੱਪੜਾਂ ਦੀ ਸਫ਼ਾਈ ਤੋਂ ਬਾਅਦ ਸੋਧੇ ਹੋਏ ਪਾਣੀ ਦੀ ਵਰਤੋਂ ਖੇਤੀਬਾੜੀ ਲਈ ਕੀਤੀ ਜਾਵੇਗੀ, ਜਿਸ ਨਾਲ ਜ਼ਮੀਨ ਹੇਠਲੇ ਪਾਣੀ ‘ਤੇ ਨਿਰਭਰਤਾ ਘਟੇਗੀ ਅਤੇ ਟਿਕਾਊ ਜਲ ਪ੍ਰਬੰਧਨ ਨੂੰ ਉਤਸ਼ਾਹ ਮਿਲੇਗਾ।

Leave a Reply

Your email address will not be published. Required fields are marked *