ਖੜ੍ਹੀ ਕਾਰ ’ਚੋਂ ਅਣਪਛਾਤੇ ਵਿਅਕਤੀ ਦੀ ਲਾਸ਼ ਮਿਲੀ, ਨਸ਼ੇ ਦੀ ਓਵਰਡੋਜ਼ ਦਾ ਸ਼ੱਕ

ਖੜ੍ਹੀ ਕਾਰ ’ਚੋਂ ਅਣਪਛਾਤੇ ਵਿਅਕਤੀ ਦੀ ਲਾਸ਼...
ਚੰਡੀਗੜ੍ਹ : ਚੰਡੀਗੜ੍ਹ ਦੇ ਡੱਡੂ ਮਾਜਰਾ ਪਿੰਡ ਵਿੱਚ ਐਤਵਾਰ ਸ਼ਾਮ ਉਸ ਵੇਲੇ ਸਨਸਨੀ ਫੈਲ ਗਈ ਜਦੋਂ ਘਰ ਦੇ ਬਾਹਰ ਖੜ੍ਹੀ ਇੱਕ ਕਾਰ ਦੀ ਪਿਛਲੀ ਸੀਟ ‘ਤੇ 50 ਤੋਂ 55 ਸਾਲ ਦੇ ਕਰੀਬ ਇੱਕ ਅਣਪਛਾਤੇ ਵਿਅਕਤੀ ਦੀ ਲਾਸ਼ ਸ਼ੱਕੀ ਹਾਲਾਤ ਵਿੱਚ ਮਿਲੀ। ਸੂਚਨਾ ਮਿਲਣ ‘ਤੇ ਮਲੋਇਆ ਥਾਣਾ ਪੁਲਿਸ ਮੌਕੇ ‘ਤੇ ਪਹੁੰਚੀ ਅਤੇ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਸੈਕਟਰ-16 ਸਥਿਤ ਜੀਐਮਐਸਐਚ ਦੀ ਮੋਰਚਰੀ ਵਿੱਚ ਰਖਵਾ ਦਿੱਤਾ। ਪੁਲਿਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।
ਪੁਲਿਸ ਮੁਤਾਬਕ ਮ੍ਰਿਤਕ ਦੀ ਪਛਾਣ ਹਾਲੇ ਤੱਕ ਨਹੀਂ ਹੋ ਸਕੀ। ਸ਼ੁਰੂਆਤੀ ਜਾਂਚ ਵਿੱਚ ਨਸ਼ੇ ਦੀ ਓਵਰਡੋਜ਼ ਕਾਰਨ ਮੌਤ ਹੋਣ ਦਾ ਸ਼ੱਕ ਜਤਾਇਆ ਜਾ ਰਿਹਾ ਹੈ, ਹਾਲਾਂਕਿ ਮੌਤ ਦੇ ਅਸਲ ਕਾਰਨਾਂ ਦਾ ਖੁਲਾਸਾ ਪੋਸਟਮਾਰਟਮ ਅਤੇ ਫੋਰੈਂਸਿਕ ਰਿਪੋਰਟ ਆਉਣ ਤੋਂ ਬਾਅਦ ਹੀ ਹੋਵੇਗਾ।
ਕਾਰ ਦੇ ਮਾਲਕ ਗੁਰਲੀਨ ਸਿੰਘ ਨੇ ਪੁਲਿਸ ਨੂੰ ਦੱਸਿਆ ਕਿ ਉਹ ਸ਼ਨੀਵਾਰ ਰਾਤ ਆਪਣੀ ਕਾਰ ਘਰ ਦੇ ਬਾਹਰ ਖੜ੍ਹੀ ਕਰਕੇ ਗਲਤੀ ਨਾਲ ਲੌਕ ਕਰਨਾ ਭੁੱਲ ਗਏ ਸਨ। ਐਤਵਾਰ ਸ਼ਾਮ ਜਦੋਂ ਉਹ ਕਾਰ ਕੋਲ ਪਹੁੰਚੇ ਤਾਂ ਪਿਛਲੀ ਸੀਟ ‘ਤੇ ਇੱਕ ਅਣਪਛਾਤਾ ਵਿਅਕਤੀ ਬੇਹੋਸ਼ੀ ਦੀ ਹਾਲਤ ਵਿੱਚ ਪਿਆ ਮਿਲਿਆ। ਇਸ ਤੋਂ ਬਾਅਦ ਉਨ੍ਹਾਂ ਨੇ ਤੁਰੰਤ ਡਾਇਲ-112 ‘ਤੇ ਪੁਲਿਸ ਨੂੰ ਸੂਚਿਤ ਕੀਤਾ। ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਵਿਅਕਤੀ ਨੂੰ ਤੁਰੰਤ ਜੀਐਮਐਸਐਚ-16 ਹਸਪਤਾਲ ਪਹੁੰਚਾਇਆ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ।
ਸਥਾਨਕ ਲੋਕਾਂ ਨੇ ਪੁਲਿਸ ਨੂੰ ਦੱਸਿਆ ਕਿ ਮ੍ਰਿਤਕ ਨੂੰ ਸ਼ਨੀਵਾਰ ਰਾਤ ਇਲਾਕੇ ਵਿੱਚ ਘੁੰਮਦੇ ਹੋਏ ਦੇਖਿਆ ਗਿਆ ਸੀ। ਪੁਲਿਸ ਆਸਪਾਸ ਲੱਗੇ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਖੰਗਾਲ ਰਹੀ ਹੈ ਅਤੇ ਮ੍ਰਿਤਕ ਦੀ ਪਛਾਣ ਲਈ ਉਸ ਦਾ ਵੇਰਵਾ ਸ਼ਹਿਰ ਦੇ ਹੋਰ ਥਾਣਿਆਂ ਨੂੰ ਵੀ ਭੇਜਿਆ ਗਿਆ ਹੈ। ਪੁਲਿਸ ਦਾ ਕਹਿਣਾ ਹੈ ਕਿ ਪੋਸਟਮਾਰਟਮ ਅਤੇ ਫੋਰੈਂਸਿਕ ਜਾਂਚ ਦੀ ਰਿਪੋਰਟ ਆਉਣ ਤੋਂ ਬਾਅਦ ਹੀ ਮੌਤ ਦੇ ਅਸਲ ਕਾਰਨਾਂ ਬਾਰੇ ਸਪੱਸ਼ਟ ਜਾਣਕਾਰੀ ਮਿਲੇਗੀ। ਫਿਲਹਾਲ ਹਰ ਸੰਭਾਵਿਤ ਪੱਖ ਤੋਂ ਜਾਂਚ ਜਾਰੀ ਹੈ।
