‘ਸਤਲੁਜ’ ਵਿਵਾਦ : ਅਤੀਤ ਨੂੰ ਸਿਆਸੀ ਵੰਡ ਦਾ ਸਾਧਨ ਨਾ ਬਣਾਇਆ ਜਾਵੇ’ : ਅਮਰਿੰਦਰ ਸਿੰਘ

0
Caption

'ਸਤਲੁਜ' ਵਿਵਾਦ : ਅਤੀਤ ਨੂੰ ਸਿਆਸੀ ਵੰਡ...

ਚੰਡੀਗੜ੍ਹ : ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਭਾਜਪਾ ਦੇ ਸੀਨੀਅਰ ਆਗੂ ਕੈਪਟਨ ਅਮਰਿੰਦਰ ਸਿੰਘ ਨੇ ਫ਼ਿਲਮ ‘ਸਤਲੁਜ’ ਨੂੰ ਲੈ ਕੇ ਚੱਲ ਰਹੇ ਵਿਵਾਦ ‘ਤੇ ਸੰਤੁਲਿਤ ਰੁਖ਼ ਅਪਣਾਉਂਦਿਆਂ ਕਿਹਾ ਹੈ ਕਿ ਇਤਿਹਾਸ ਤੋਂ ਮੂੰਹ ਨਹੀਂ ਮੋੜਿਆ ਜਾ ਸਕਦਾ, ਪਰ ਅਤੀਤ ਦੀਆਂ ਘਟਨਾਵਾਂ ਨੂੰ ਅੱਜ ਦੇ ਸਮੇਂ ਵਿੱਚ ਲੋਕਾਂ ਵਿਚ ਵੰਡੀਆਂ ਪਾਉਣ ਲਈ ਵਰਤਣਾ ਠੀਕ ਨਹੀਂ ਹੈ। ਕੈਪਟਨ ਨੇ ਕਿਹਾ ਕਿ ਕੇਂਦਰੀ ਰੇਲ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਸੋਸ਼ਲ ਮੀਡੀਆ ‘ਤੇ ਮਰੇ ਹੋਏ ਕਲੀਨ-ਸ਼ੇਵ ਵਿਅਕਤੀਆਂ ਦੀਆਂ ਤਸਵੀਰਾਂ ਅਤੇ ਵੀਡੀਓਜ਼ ਸਾਂਝੀਆਂ ਕਰਕੇ ਬਿਨਾਂ ਲੋੜ ਇਸ ਵਿਵਾਦ ਨੂੰ ਹੋਰ ਹਵਾ ਦੇ ਰਹੇ ਹਨ।

ਫ਼ਿਲਮ ਸਬੰਧੀ ਉਨ੍ਹਾਂ ਕਿਹਾ ਕਿ ਪੰਜਾਬ ਦੇ ਕਾਲੇ ਦੌਰ ਨੂੰ ਇਕਪਾਸੜ ਨਹੀਂ, ਸਗੋਂ ਪੂਰੇ ਇਤਿਹਾਸਕ ਪ੍ਰਸੰਗ ਵਿੱਚ ਦੇਖਣ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਜੇ ਕਰੀਬ 25 ਹਜ਼ਾਰ ਲੋਕ ਮਾਰੇ ਗਏ ਤਾਂ ਅਤਿਵਾਦ ਨਾਲ ਲੜਦਿਆਂ 1,800 ਤੋਂ ਵੱਧ ਪੁਲੀਸ ਮੁਲਾਜ਼ਮ ਵੀ ਸ਼ਹੀਦ ਹੋਏ ਅਤੇ ਹਜ਼ਾਰਾਂ ਬੇਗੁਨਾਹ ਨਾਗਰਿਕਾਂ ਨੇ ਵੀ ਜਾਨਾਂ ਗੁਆਈਆਂ। ਉਨ੍ਹਾਂ ਜ਼ੋਰ ਦਿੱਤਾ ਕਿ ਦੋਵੇਂ ਧਿਰਾਂ ਵੱਲੋਂ ਹੋਈਆਂ ਵਧੀਕੀਆਂ ਦੀ ਸੱਚਾਈ ਸਾਹਮਣੇ ਆਉਣੀ ਚਾਹੀਦੀ ਹੈ।

ਕੈਪਟਨ ਨੇ ਕਿਹਾ ਕਿ ਉਨ੍ਹਾਂ ਨੂੰ ਨਹੀਂ ਪਤਾ ਕਿ ਫ਼ਿਲਮ ਨੂੰ ਓਟੀਟੀ ਪਲੇਟਫਾਰਮ ਤੋਂ ਕਿਸ ਨੇ ਹਟਵਾਇਆ, ਪਰ ਇਸ ਤੋਂ ਬਾਅਦ ਹੀ ਲੋਕਾਂ ਵਿੱਚ ਫ਼ਿਲਮ ਪ੍ਰਤੀ ਦਿਲਚਸਪੀ ਹੋਰ ਵਧੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਫ਼ਿਲਮ ਦਿਖਾਏ ਜਾਣ ਨਾਲ ਨਾ ਭਾਜਪਾ ਅਤੇ ਨਾ ਹੀ ਕਾਂਗਰਸ ਨੂੰ ਕੋਈ ਸਿਆਸੀ ਲਾਭ ਹੋਵੇਗਾ। ਉਨ੍ਹਾਂ ਦਾ ਦਾਅਵਾ ਸੀ ਕਿ ਸ਼੍ਰੋਮਣੀ ਅਕਾਲੀ ਦਲ, ਵਾਰਿਸ ਪੰਜਾਬ ਦੇ ਅਤੇ ਅਕਾਲੀ ਦਲ (ਪੁਨਰ ਸੁਰਜੀਤ) ਇਸ ਮੁੱਦੇ ਤੋਂ ਸਿਆਸੀ ਫਾਇਦਾ ਲੈਣ ਦੀ ਕੋਸ਼ਿਸ਼ ਕਰ ਰਹੇ ਹਨ।

ਜਸਵੰਤ ਸਿੰਘ ਖਾਲੜਾ ਬਾਰੇ ਕੈਪਟਨ ਨੇ ਕਿਹਾ ਕਿ ਉਹ ਲਾਪਤਾ ਹੋਏ ਲੋਕਾਂ ਦੇ ਸਬੂਤ ਇਕੱਠੇ ਕਰ ਰਹੇ ਸਨ ਅਤੇ ਇਸ ਵਿੱਚ ਕੁਝ ਵੀ ਗਲਤ ਨਹੀਂ ਸੀ। ਉਨ੍ਹਾਂ ਕਿਹਾ ਕਿ ਅਤੀਤ ਨੂੰ ਸਵੀਕਾਰ ਕਰਨਾ ਅਤੇ ਉਸ ਤੋਂ ਸਿੱਖਣਾ ਜ਼ਰੂਰੀ ਹੈ, ਪਰ ਨਵੀਂ ਪੀੜ੍ਹੀ ਨੂੰ ਪੁਰਾਣੀਆਂ ਘਟਨਾਵਾਂ ਦੇ ਆਧਾਰ ‘ਤੇ ਭੜਕਾਉਣਾ ਖ਼ਤਰਨਾਕ ਹੋ ਸਕਦਾ ਹੈ।

Leave a Reply

Your email address will not be published. Required fields are marked *