ਹਰੀਕੇ ਪੱਤਣ ਹੁਣ ‘ਸ਼ਹੀਦੀ ਪੱਤਣ’ ਵਜੋਂ ਜਾਣਿਆ ਜਾਵੇਗਾ, ਬਣੇਗੀ ਵਿਸ਼ਾਲ ਯਾਦਗਾਰ

0
GAdgaj

ਹਰੀਕੇ ਪੱਤਣ ਹੁਣ ‘ਸ਼ਹੀਦੀ ਪੱਤਣ’ ਵਜੋਂ...

ਫਿਰੋਜ਼ਪੁਰ : ਮਨੁੱਖੀ ਅਧਿਕਾਰ ਕਾਰਕੁੰਨ ਭਾਈ ਜਸਵੰਤ ਸਿੰਘ ਖਾਲੜਾ ਸਮੇਤ 1980-90 ਦੇ ਦਹਾਕੇ ਦੌਰਾਨ ਜਾਨਾਂ ਗੁਆਉਣ ਵਾਲੇ ਵਿਅਕਤੀਆਂ ਦੀ ਯਾਦ ਵਿੱਚ ਮੰਗਲਵਾਰ ਨੂੰ ਸਤਲੁਜ ਦਰਿਆ ਦੇ ਹਰੀਕੇ ਹੈੱਡ ਵਿਖੇ ਕਰਵਾਏ ਗਏ ਅਰਦਾਸ ਅਤੇ ਸ਼ਰਧਾਂਜਲੀ ਸਮਾਗਮ ਵਿੱਚ ਹਜ਼ਾਰਾਂ ਦੀ ਗਿਣਤੀ ਵਿੱਚ ਸੰਗਤ ਨੇ ਸ਼ਮੂਲੀਅਤ ਕੀਤੀ।

ਭਾਵੁਕ ਮਾਹੌਲ ਦੌਰਾਨ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਐਲਾਨ ਕੀਤਾ ਕਿ ਹਰੀਕੇ ਪੱਤਣ ਨੂੰ ਹੁਣ ‘ਸ਼ਹੀਦੀ ਪੱਤਣ’ ਵਜੋਂ ਜਾਣਿਆ ਜਾਵੇਗਾ ਅਤੇ ਇੱਥੇ ਸ਼ਹੀਦਾਂ ਦੀ ਯਾਦ ਵਿੱਚ ਇੱਕ ਵਿਸ਼ਾਲ ਸਥਾਈ ਯਾਦਗਾਰ ਬਣਾਈ ਜਾਵੇਗੀ। ਫਿਲਮ ‘ਸਤਲੁਜ’ ਨੂੰ ਲੈ ਕੇ ਚੱਲ ਰਹੇ ਵਿਵਾਦ ਦੇ ਦਰਮਿਆਨ ਹੋਏ ਇਸ ਸਮਾਗਮ ਦੌਰਾਨ ਪਾਲਕੀ ਸਾਹਿਬ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪ੍ਰਕਾਸ਼ ਕੀਤਾ ਗਿਆ। ਸ੍ਰੀ ਸੁਖਮਨੀ ਸਾਹਿਬ ਦੇ ਪਾਠ, ਵੈਰਾਗਮਈ ਕੀਰਤਨ ਅਤੇ ਅਰਦਾਸ ਉਪਰੰਤ ਸੰਗਤ ਨੇ ਵਿਛੜੀਆਂ ਰੂਹਾਂ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ।

ਆਪਣੇ ਸੰਬੋਧਨ ਵਿੱਚ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਕਿਹਾ ਕਿ ਇਹ ਮਸਲਾ ਕਿਸੇ ਇੱਕ ਧਰਮ ਦਾ ਨਹੀਂ, ਸਗੋਂ ਮਨੁੱਖੀ ਅਧਿਕਾਰਾਂ ਦਾ ਹੈ। ਉਨ੍ਹਾਂ ਕਿਹਾ ਕਿ ਜਿੱਥੇ ਵੀ ਮਨੁੱਖੀ ਹੱਕਾਂ ਦਾ ਉਲੰਘਣ ਹੁੰਦਾ ਹੈ, ਉੱਥੇ ਹਰ ਸੰਵੇਦਨਸ਼ੀਲ ਨਾਗਰਿਕ ਨੂੰ ਆਵਾਜ਼ ਉਠਾਉਣੀ ਚਾਹੀਦੀ ਹੈ। ਉਨ੍ਹਾਂ ਭਾਈ ਜਸਵੰਤ ਸਿੰਘ ਖਾਲੜਾ ਦੇ ਯੋਗਦਾਨ ਨੂੰ ਯਾਦ ਕਰਦਿਆਂ ਕਿਹਾ ਕਿ ਉਨ੍ਹਾਂ ਨੇ ਹਜ਼ਾਰਾਂ ਲਾਵਾਰਿਸ ਲਾਸ਼ਾਂ ਦੀ ਪਛਾਣ ਕਰਵਾਉਣ ਲਈ ਆਪਣੀ ਜਾਨ ਕੁਰਬਾਨ ਕਰ ਦਿੱਤੀ ਅਤੇ ਉਨ੍ਹਾਂ ਵੱਲੋਂ ਉਠਾਏ ਕਈ ਮਾਮਲੇ ਅਜੇ ਵੀ ਅਦਾਲਤਾਂ ਵਿੱਚ ਵਿਚਾਰ ਅਧੀਨ ਹਨ।

ਜਥੇਦਾਰ ਨੇ ਦੱਸਿਆ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸਮੁੱਚੇ ਪੰਥ ਦੇ ਸਹਿਯੋਗ ਨਾਲ ਹਰੀਕੇ ਵਿਖੇ ਸ਼ਹੀਦਾਂ ਦੀ ਸਥਾਈ ਯਾਦਗਾਰ ਬਣਾਏਗੀ। ਇਸ ਦੇ ਨਾਲ ਹੀ 1982 ਤੋਂ 1995 ਦੌਰਾਨ ਮਾਰੇ ਗਏ ਜਾਂ ਲਾਪਤਾ ਹੋਏ ਵਿਅਕਤੀਆਂ ਦਾ ਦਸਤਾਵੇਜ਼ੀ ਰਿਕਾਰਡ ਇਕੱਠਾ ਕਰਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਰਿਕਾਰਡ ਦਾ ਹਿੱਸਾ ਬਣਾਇਆ ਜਾਵੇਗਾ। ਉਨ੍ਹਾਂ ਪੀੜਤ ਪਰਿਵਾਰਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਕੋਲ ਮੌਜੂਦ ਦਸਤਾਵੇਜ਼ ਅਤੇ ਜਾਣਕਾਰੀ ਐੱਸਜੀਪੀਸੀ ਨਾਲ ਸਾਂਝੀ ਕਰਨ। ਸਮਾਗਮ ਵਿੱਚ ਜਥੇਦਾਰ ਟੇਕ ਸਿੰਘ ਧਨੌਲਾ, ਰਜਿੰਦਰ ਸਿੰਘ ਮਹਿਤਾ ਅਤੇ ਵੱਖ-ਵੱਖ ਧਾਰਮਿਕ, ਸਮਾਜਿਕ ਤੇ ਮਨੁੱਖੀ ਅਧਿਕਾਰ ਜਥੇਬੰਦੀਆਂ ਦੇ ਨੁਮਾਇੰਦਿਆਂ ਨੇ ਵੀ ਹਾਜ਼ਰੀ ਭਰੀ।

Leave a Reply

Your email address will not be published. Required fields are marked *