ਪ੍ਰਧਾਨ ਮੰਤਰੀ ਮੋਦੀ ਦੇ ਦੌਰੇ ਤੋਂ ਪਹਿਲਾਂ ਕਿਸਾਨ ਮਜ਼ਦੂਰ ਮੋਰਚਾ ਦਾ ਪ੍ਰਦਰਸ਼ਨ ਦਾ ਐਲਾਨ

ਪ੍ਰਧਾਨ ਮੰਤਰੀ ਮੋਦੀ ਦੇ ਦੌਰੇ ਤੋਂ ਪਹਿਲਾਂ...
ਚੰਡੀਗੜ੍ਹ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਪੰਜਾਬ ਦੌਰੇ ਤੋਂ ਕੁਝ ਘੰਟੇ ਪਹਿਲਾਂ ਕਿਸਾਨ ਮਜ਼ਦੂਰ ਮੋਰਚਾ (ਕੇਐੱਮਐੱਮ) ਨੇ ਅੱਜ ਸੂਬੇ ਦੇ ਸਾਰੇ ਜ਼ਿਲ੍ਹਾ ਹੈੱਡਕੁਆਰਟਰਾਂ ‘ਤੇ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਵਿਰੁੱਧ ਪ੍ਰਦਰਸ਼ਨ ਕਰਨ ਦਾ ਐਲਾਨ ਕੀਤਾ ਹੈ। ਕੇਐੱਮਐੱਮ ਦੇ ਆਗੂ ਸਰਵਣ ਸਿੰਘ ਪੰਧੇਰ ਨੇ ਇੱਕ ਵੀਡੀਓ ਸੰਦੇਸ਼ ਜਾਰੀ ਕਰਦਿਆਂ ਕਿਹਾ ਕਿ ਇਹ ਫੈਸਲਾ ਲੁਧਿਆਣਾ ਵਿੱਚ ਹੋਈ ਮੋਰਚੇ ਦੀ ਮੀਟਿੰਗ ਦੌਰਾਨ ਲਿਆ ਗਿਆ।
ਉਨ੍ਹਾਂ ਦੋਸ਼ ਲਾਇਆ ਕਿ ਪ੍ਰਧਾਨ ਮੰਤਰੀ ਵੱਲੋਂ ਜਲੰਧਰ ਰੇਲਵੇ ਸਟੇਸ਼ਨ ਸਮੇਤ ਰੇਲਵੇ ਪ੍ਰਾਜੈਕਟਾਂ ਦਾ ਉਦਘਾਟਨ ਰੇਲਵੇ ਦੇ ਨਿੱਜੀਕਰਨ ਵੱਲ ਇੱਕ ਹੋਰ ਕਦਮ ਹੈ, ਜਿਸ ਦਾ ਮੋਰਚਾ ਵਿਰੋਧ ਕਰਦਾ ਹੈ। ਉਨ੍ਹਾਂ ਕਿਹਾ ਕਿ ਨਿੱਜੀਕਰਨ ਨਾਲ ਰੇਲਵੇ ਕਰਮਚਾਰੀਆਂ ਦੀਆਂ ਨੌਕਰੀਆਂ ਪ੍ਰਭਾਵਿਤ ਹੋਣ ਦਾ ਖ਼ਤਰਾ ਹੈ।
ਪੰਧੇਰ ਨੇ ਕਿਹਾ ਕਿ ਮੋਰਚਾ ਭਾਰਤ-ਅਮਰੀਕਾ ਵਪਾਰ ਸਮਝੌਤੇ ਦਾ ਵੀ ਵਿਰੋਧ ਕਰ ਰਿਹਾ ਹੈ ਕਿਉਂਕਿ ਇਸ ਨਾਲ ਕਿਸਾਨਾਂ ਅਤੇ ਹੋਰ ਵਰਗਾਂ ਦੀ ਰੋਜ਼ੀ-ਰੋਟੀ ਪ੍ਰਭਾਵਿਤ ਹੋ ਸਕਦੀ ਹੈ। ਉਨ੍ਹਾਂ ਸਾਰੀਆਂ ਫਸਲਾਂ ‘ਤੇ ਘੱਟੋ-ਘੱਟ ਸਮਰਥਨ ਮੁੱਲ (ਐੱਮਐੱਸਪੀ) ਦੀ ਕਾਨੂੰਨੀ ਗਾਰੰਟੀ, ਕਿਸਾਨਾਂ ਦੀ ਕਰਜ਼ਾ ਮੁਆਫ਼ੀ ਅਤੇ ਕਿਸਾਨ ਅੰਦੋਲਨਾਂ ਦੌਰਾਨ ਜਾਨ ਗੁਆਉਣ ਵਾਲੇ ਕਿਸਾਨਾਂ ਨੂੰ ਇਨਸਾਫ਼ ਦੇਣ ਦੀ ਮੰਗ ਵੀ ਦੁਹਰਾਈ।
ਕਿਸਾਨ ਆਗੂ ਨੇ ਪ੍ਰਧਾਨ ਮੰਤਰੀ ਤੋਂ ਪੰਜਾਬ ਨਾਲ ਜੁੜੇ ਹੋਰ ਮੁੱਦਿਆਂ ‘ਤੇ ਵੀ ਸਪੱਸ਼ਟ ਰੁਖ ਅਪਣਾਉਣ ਦੀ ਮੰਗ ਕੀਤੀ। ਉਨ੍ਹਾਂ ਕਿਹਾ ਕਿ “ਬੰਦੀ ਸਿੰਘਾਂ” ਦੀ ਰਿਹਾਈ, ਭਾਖੜਾ ਬਿਆਸ ਮੈਨੇਜਮੈਂਟ ਬੋਰਡ ਵਿੱਚ ਪੰਜਾਬ ਨੂੰ ਬਣਦਾ ਹੱਕ ਅਤੇ ਸੂਬੇ ਦੇ ਦਰਿਆਈ ਪਾਣੀਆਂ ‘ਤੇ ਪੰਜਾਬ ਦੇ ਰਿਪੇਰੀਅਨ ਅਧਿਕਾਰਾਂ ਬਾਰੇ ਕੇਂਦਰ ਸਰਕਾਰ ਨੂੰ ਆਪਣਾ ਸਟੈਂਡ ਸਪੱਸ਼ਟ ਕਰਨਾ ਚਾਹੀਦਾ ਹੈ। ਇਸ ਦੌਰਾਨ, ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਚੰਡੀਗੜ੍ਹ ਅਤੇ ਜਲੰਧਰ ਵਿੱਚ ਕਈ ਬੁਨਿਆਦੀ ਢਾਂਚਾ ਪ੍ਰਾਜੈਕਟਾਂ ਦਾ ਉਦਘਾਟਨ ਕਰਨਗੇ।
ਪ੍ਰੋਟੋਕੋਲ ਅਨੁਸਾਰ ਚੰਡੀਗੜ੍ਹ ਪਹੁੰਚਣ ‘ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਉਨ੍ਹਾਂ ਦਾ ਸਵਾਗਤ ਕਰਨਗੇ, ਪਰ ਉਹ ਸਮਾਗਮਾਂ ਵਿੱਚ ਸ਼ਾਮਲ ਨਹੀਂ ਹੋਣਗੇ। ਰਾਜ ਸਰਕਾਰ ਵੱਲੋਂ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਅਤੇ ਅਮਨ ਅਰੋੜਾ ਨੂੰ ਸਮਾਗਮਾਂ ਵਿੱਚ ਨੁਮਾਇੰਦਗੀ ਕਰਨ ਲਈ ਨਾਮਜ਼ਦ ਕੀਤਾ ਗਿਆ ਹੈ।
