ਟਾਂਡਾ ਦੇ ਸਾਬਕਾ SHO ਇੰਸਪੈਕਟਰ ਗੁਰਿੰਦਰਜੀਤ ਸਿੰਘ ਨਾਗਰਾ ਗ੍ਰਿਫ਼ਤਾਰ

ਟਾਂਡਾ ਦੇ ਸਾਬਕਾ SHO ਇੰਸਪੈਕਟਰ...
ਚੰਡੀਗੜ੍ਹ/ਹੁਸ਼ਿਆਰਪੁਰ : ਹੁਸ਼ਿਆਰਪੁਰ ਪੁਲਿਸ ਨੇ ਟਾਂਡਾ ਥਾਣੇ ਦੇ ਸਾਬਕਾ ਐੱਸ.ਐੱਚ.ਓ. ਅਤੇ ਪੰਜਾਬ ਪੁਲਿਸ ਦੇ ਇੰਸਪੈਕਟਰ ਗੁਰਿੰਦਰਜੀਤ ਸਿੰਘ ਨਾਗਰਾ ਨੂੰ ਅੰਤਰਰਾਸ਼ਟਰੀ ਫਿਰੌਤੀ (ਐਕਸਟੌਰਸ਼ਨ) ਮਾਮਲੇ ਵਿੱਚ ਗ੍ਰਿਫ਼ਤਾਰ ਕਰ ਲਿਆ ਹੈ। ਨਾਗਰਾ ‘ਤੇ ਦੋਸ਼ ਹੈ ਕਿ ਉਸ ਨੇ ਭਾਰਤੀ ਮੂਲ ਦੇ ਇੱਕ ਪਰਿਵਾਰ ਨੂੰ ਨਿਸ਼ਾਨਾ ਬਣਾਉਣ ਵਾਲੇ ਅੰਤਰਰਾਸ਼ਟਰੀ ਗਿਰੋਹ ਨਾਲ ਮਿਲ ਕੇ 4 ਲੱਖ ਅਮਰੀਕੀ ਡਾਲਰ ਦੀ ਫਿਰੌਤੀ ਮੰਗਣ ਦੀ ਸਾਜ਼ਿਸ਼ ਰਚੀ।
ਅਮਰੀਕੀ ਜਾਂਚ ਏਜੰਸੀ ਐੱਫ.ਬੀ.ਆਈ. (FBI) ਨੇ 7 ਫਰਵਰੀ ਨੂੰ ਜਾਰੀ ਕੀਤੇ ਦਸਤਾਵੇਜ਼ਾਂ ਵਿੱਚ ਨਾਗਰਾ ਦਾ ਨਾਮ ਅੰਤਰਰਾਸ਼ਟਰੀ ਫਿਰੌਤੀ ਗਿਰੋਹ ਨਾਲ ਜੁੜੇ ਵਿਅਕਤੀਆਂ ਵਿੱਚ ਸ਼ਾਮਲ ਕੀਤਾ ਸੀ। ਐੱਫ.ਬੀ.ਆਈ. ਦਾ ਦੋਸ਼ ਹੈ ਕਿ ਨਾਗਰਾ ਨੇ ਲਾਰੈਂਸ ਬਿਸ਼ਨੋਈ ਅਤੇ ਜੱਗੂ ਭਗਵਾਨਪੁਰੀਆ ਗੈਂਗ ਨਾਲ ਮਿਲ ਕੇ ਅਮਰੀਕਾ ਵਿੱਚ ਰਹਿੰਦੇ ਇੱਕ ਭਾਰਤੀ ਮੂਲ ਦੇ ਪਰਿਵਾਰ ਨੂੰ ਧਮਕੀਆਂ ਦੇ ਕੇ 4 ਲੱਖ ਡਾਲਰ ਦੀ ਫਿਰੌਤੀ ਮੰਗੀ।
ਐੱਫ.ਬੀ.ਆਈ. ਦੀ ਰਿਪੋਰਟ ਸਾਹਮਣੇ ਆਉਣ ਤੋਂ ਬਾਅਦ ਹੁਸ਼ਿਆਰਪੁਰ ਦੇ ਐੱਸ.ਐੱਸ.ਪੀ. ਨੇ ਨਾਗਰਾ ਨੂੰ ਤੁਰੰਤ ਟਾਂਡਾ ਥਾਣੇ ਤੋਂ ਹਟਾ ਕੇ ਪੁਲਿਸ ਲਾਈਨ ਭੇਜ ਦਿੱਤਾ ਸੀ। ਹੁਣ ਹੁਸ਼ਿਆਰਪੁਰ ਪੁਲਿਸ ਨੇ ਉਸ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਇੱਕ ਸੀਨੀਅਰ ਪੁਲਿਸ ਅਧਿਕਾਰੀ ਨੇ ਗ੍ਰਿਫ਼ਤਾਰੀ ਦੀ ਪੁਸ਼ਟੀ ਕਰਦਿਆਂ ਕਿਹਾ ਕਿ ਮਾਮਲੇ ਦੀ ਜਾਂਚ ਜਾਰੀ ਹੈ ਅਤੇ ਹੋਰ ਵੇਰਵੇ ਬਾਅਦ ਵਿੱਚ ਸਾਂਝੇ ਕੀਤੇ ਜਾਣਗੇ। ਇਹ ਗ੍ਰਿਫ਼ਤਾਰੀ ਉਸ ਸਮੇਂ ਹੋਈ ਹੈ ਜਦੋਂ ਐੱਫ.ਬੀ.ਆਈ. ਨੇ ਸ਼ੁੱਕਰਵਾਰ ਨੂੰ ਭਾਰਤ ਨਾਲ ਜੁੜੇ ਕਥਿਤ ਗੈਂਗਸਟਰ ਨਿਤੀਸ਼ ਕੌਸ਼ਲ ਉਰਫ਼ “ਲਾਲਾ” ਨੂੰ ਵੀ ਗ੍ਰਿਫ਼ਤਾਰ ਕੀਤਾ ਹੈ। ਉਸ ਨੂੰ ਗ੍ਰਿਫ਼ਤਾਰੀ ਤੋਂ ਦੋ ਦਿਨ ਪਹਿਲਾਂ ਹੀ ਐੱਫ.ਬੀ.ਆਈ. ਦੀ ‘ਮੋਸਟ ਵਾਂਟੇਡ’ ਸੂਚੀ ਵਿੱਚ ਸ਼ਾਮਲ ਕੀਤਾ ਗਿਆ ਸੀ।
