ਵਿਦਿਆਰਥਣਾਂ ਨਾਲ ਕਥਿਤ ਗਲਤ ਵਿਵਹਾਰ ਦੇ ਦੋਸ਼ਾਂ ਮਗਰੋਂ ਅਧਿਆਪਕ ਮੁਅੱਤਲ

ਵਿਦਿਆਰਥਣਾਂ ਨਾਲ ਕਥਿਤ ਗਲਤ ਵਿਵਹਾਰ
ਚੰਡੀਗੜ੍ਹ, 24 ਜੁਲਾਈ: ਮੋਗਾ ਜ਼ਿਲ੍ਹੇ ਦੇ ਪਿੰਡ ਮੋਠਾਂਵਾਲੀ ਦੇ ਸਰਕਾਰੀ ਮਿਡਲ ਸਕੂਲ ਵਿੱਚ ਤਾਇਨਾਤ ਇੱਕ ਸਮਾਜਿਕ ਸਿੱਖਿਆ ਅਧਿਆਪਕ ਨੂੰ ਵਿਦਿਆਰਥਣਾਂ ਨਾਲ ਕਥਿਤ ਗਲਤ ਵਿਵਹਾਰ ਅਤੇ ਧਮਕੀਆਂ ਦੇਣ ਦੇ ਦੋਸ਼ਾਂ ਮਗਰੋਂ ਪੰਜਾਬ ਸਕੂਲ ਸਿੱਖਿਆ ਵਿਭਾਗ ਨੇ ਤੁਰੰਤ ਪ੍ਰਭਾਵ ਨਾਲ ਮੁਅੱਤਲ ਕਰ ਦਿੱਤਾ ਹੈ। ਇਹ ਕਾਰਵਾਈ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦੇ ਨਿਰਦੇਸ਼ਾਂ ‘ਤੇ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ), ਮੋਗਾ ਵੱਲੋਂ ਪੇਸ਼ ਕੀਤੀ ਮੁੱਢਲੀ ਰਿਪੋਰਟ ਦੇ ਆਧਾਰ ‘ਤੇ ਕੀਤੀ ਗਈ।
ਸ਼ਿਕਾਇਤ ਅਨੁਸਾਰ ਛੇਵੀਂ ਅਤੇ ਅੱਠਵੀਂ ਜਮਾਤ ਦੀਆਂ ਵਿਦਿਆਰਥਣਾਂ ਨੇ ਦੋਸ਼ ਲਗਾਇਆ ਕਿ ਅਧਿਆਪਕ ਨੇ ਉਨ੍ਹਾਂ ਨਾਲ ਕਥਿਤ ਤੌਰ ‘ਤੇ ਗਲਤ ਢੰਗ ਨਾਲ ਛੂਹਿਆ ਅਤੇ ਘਟਨਾ ਬਾਰੇ ਕਿਸੇ ਨੂੰ ਦੱਸਣ ‘ਤੇ ਫੇਲ੍ਹ ਕਰਨ ਦੀ ਧਮਕੀ ਦਿੱਤੀ।
ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਸਰਕਾਰੀ ਸਕੂਲਾਂ ਵਿੱਚ ਪੜ੍ਹਦੇ ਹਰ ਵਿਦਿਆਰਥੀ ਦੀ ਸੁਰੱਖਿਆ, ਮਾਣ-ਸਨਮਾਨ ਅਤੇ ਮਾਨਸਿਕ ਸਿਹਤ ਨਾਲ ਕਿਸੇ ਵੀ ਤਰ੍ਹਾਂ ਦਾ ਸਮਝੌਤਾ ਨਹੀਂ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਬੱਚਿਆਂ ਨੂੰ ਧਮਕਾਉਣ ਜਾਂ ਨੁਕਸਾਨ ਪਹੁੰਚਾਉਣ ਲਈ ਅਹੁਦੇ ਦੀ ਦੁਰਵਰਤੋਂ ਕਰਨ ਵਾਲੇ ਕਿਸੇ ਵੀ ਅਧਿਆਪਕ ਨੂੰ ਬਖ਼ਸ਼ੇਗੀ ਨਹੀਂ।
ਮੰਤਰੀ ਨੇ ਦੱਸਿਆ ਕਿ ਮਾਮਲੇ ਦੀ ਸਮਾਂਬੱਧ ਜਾਂਚ ਦੇ ਹੁਕਮ ਜਾਰੀ ਕਰ ਦਿੱਤੇ ਗਏ ਹਨ ਅਤੇ ਜੇਕਰ ਦੋਸ਼ ਸਾਬਤ ਹੁੰਦੇ ਹਨ ਤਾਂ ਸਬੰਧਤ ਅਧਿਆਪਕ ਖ਼ਿਲਾਫ਼ ਸਖ਼ਤ ਵਿਭਾਗੀ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਇਹ ਵੀ ਕਿਹਾ ਕਿ ਸਕੂਲ ਸਿੱਖਿਆ ਵਿਭਾਗ ਸੂਬੇ ਦੇ ਹਰ ਸਰਕਾਰੀ ਸਕੂਲ ਵਿੱਚ ਵਿਦਿਆਰਥੀਆਂ ਲਈ ਸੁਰੱਖਿਅਤ ਅਤੇ ਸੁਖਾਵਾਂ ਮਾਹੌਲ ਯਕੀਨੀ ਬਣਾਉਣ ਲਈ ਵਚਨਬੱਧ ਹੈ ਅਤੇ ਅਜਿਹੀਆਂ ਸ਼ਿਕਾਇਤਾਂ ਨਾਲ ਤੁਰੰਤ ਤੇ ਸਖ਼ਤੀ ਨਾਲ ਨਜਿੱਠਿਆ ਜਾਵੇਗਾ।
ਵਿਭਾਗੀ ਹੁਕਮਾਂ ਅਨੁਸਾਰ ਮੁਅੱਤਲੀ ਦੌਰਾਨ ਅਧਿਆਪਕ ਨੂੰ ਸੇਵਾ ਨਿਯਮਾਂ ਮੁਤਾਬਕ ਗੁਜ਼ਾਰਾ ਭੱਤਾ ਮਿਲੇਗਾ। ਉਸ ਦਾ ਮੁੱਖ ਦਫ਼ਤਰ ਜ਼ਿਲ੍ਹਾ ਸਿੱਖਿਆ ਅਧਿਕਾਰੀ (ਸੈਕੰਡਰੀ), ਮੋਗਾ ਦਾ ਦਫ਼ਤਰ ਨਿਰਧਾਰਤ ਕੀਤਾ ਗਿਆ ਹੈ, ਜਿੱਥੇ ਉਸ ਨੂੰ ਅਗਲੇ ਹੁਕਮਾਂ ਤੱਕ ਰੋਜ਼ਾਨਾ ਹਾਜ਼ਰੀ ਲਗਾਉਣੀ ਹੋਵੇਗੀ।
