ਸਫ਼ਾਈ ਕਰਮਚਾਰੀਆਂ ‘ਤੇ ਲਾਠੀਚਾਰਜ ਮਾਮਲਾ: ਡੀਐਸਪੀ ਸਤਵੀਰ ਸਿੰਘ ਮੁਅੱਤਲ

ਸਫ਼ਾਈ ਕਰਮਚਾਰੀਆਂ 'ਤੇ ਲਾਠੀਚਾਰਜ...
ਚੰਡੀਗੜ੍ਹ, 24 ਜੁਲਾਈ: ਬਰਨਾਲਾ ਵਿੱਚ ਸਫ਼ਾਈ ਕਰਮਚਾਰੀਆਂ ‘ਤੇ ਹੋਏ ਲਾਠੀਚਾਰਜ ਦੇ ਮਾਮਲੇ ਵਿੱਚ ਪੰਜਾਬ ਸਰਕਾਰ ਨੇ ਵੱਡੀ ਕਾਰਵਾਈ ਕਰਦਿਆਂ ਡੀਐਸਪੀ ਸਤਵੀਰ ਸਿੰਘ ਨੂੰ ਤੁਰੰਤ ਪ੍ਰਭਾਵ ਨਾਲ ਮੁਅੱਤਲ ਕਰ ਦਿੱਤਾ ਹੈ। ਇਸ ਦੇ ਨਾਲ ਹੀ ਬਰਨਾਲਾ ਦੇ ਐਸਐਚਓ ਦਾ ਵੀ ਤਬਾਦਲਾ ਕਰ ਦਿੱਤਾ ਗਿਆ ਹੈ।
ਪੰਜਾਬ ਰਾਜ ਸਫ਼ਾਈ ਕਮਿਸ਼ਨ ਦੇ ਚੇਅਰਮੈਨ ਚੰਦਨ ਗਰੇਵਾਲ ਨੇ ਦੱਸਿਆ ਕਿ ਕਮਿਸ਼ਨ ਨੇ ਸਫ਼ਾਈ ਕਰਮਚਾਰੀਆਂ ‘ਤੇ ਹੋਏ ਲਾਠੀਚਾਰਜ ਨੂੰ ਗੰਭੀਰਤਾ ਨਾਲ ਲੈਂਦਿਆਂ ਪੰਜਾਬ ਸਰਕਾਰ ਕੋਲ ਸਖ਼ਤ ਕਾਰਵਾਈ ਦੀ ਸਿਫ਼ਾਰਸ਼ ਕੀਤੀ ਸੀ। ਕਮਿਸ਼ਨ ਦੇ ਦਖ਼ਲ ਤੋਂ ਬਾਅਦ ਸਰਕਾਰ ਨੇ ਤੁਰੰਤ ਕਾਰਵਾਈ ਕਰਦਿਆਂ ਡੀਐਸਪੀ ਨੂੰ ਮੁਅੱਤਲ ਕਰਨ ਅਤੇ ਐਸਐਚਓ ਦਾ ਤਬਾਦਲਾ ਕਰਨ ਦੇ ਹੁਕਮ ਜਾਰੀ ਕੀਤੇ।
ਚੰਦਨ ਗਰੇਵਾਲ ਨੇ ਕਿਹਾ ਕਿ ਪੰਜਾਬ ਸਰਕਾਰ ਸਫ਼ਾਈ ਕਰਮਚਾਰੀਆਂ ਦੀ ਭਲਾਈ ਅਤੇ ਉਨ੍ਹਾਂ ਦੇ ਹੱਕਾਂ ਦੀ ਰੱਖਿਆ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਕਰਮਚਾਰੀਆਂ ਨਾਲ ਕਿਸੇ ਵੀ ਤਰ੍ਹਾਂ ਦੀ ਬੇਇਨਸਾਫ਼ੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ ਅਤੇ ਭਵਿੱਖ ਵਿੱਚ ਅਜਿਹੀਆਂ ਘਟਨਾਵਾਂ ਨੂੰ ਰੋਕਣ ਲਈ ਲੋੜੀਂਦੇ ਕਦਮ ਚੁੱਕੇ ਜਾਣਗੇ।
