ਪੀ. ਐਮ. ਓ. ਦੀ ਚੇਤਾਵਨੀ ਤੋਂ ਬਾਅਦ ਪ੍ਰਧਾਨ ਮੰਤਰੀ ਮੋਦੀ ਨੇ ਸਾਂਭਿਆ ਮੋਰਚਾ

0
Modi

ਪੀ. ਐਮ. ਓ. ਦੀ ਚੇਤਾਵਨੀ ਤੋਂ ਬਾਅਦ...

ਨਵੀਂ ਦਿੱਲੀ, 26 ਜੁਲਾਈ: ਕੇਂਦਰੀ ਸਿੱਖਿਆ ਮੰਤਰੀ ਧਰਮਿੰਦਰ ਪ੍ਰਧਾਨ ਦੇ ਅਸਤੀਫ਼ੇ ਤੋਂ ਬਾਅਦ ਦਿੱਲੀ ਦੇ ਸਿਆਸੀ ਹਲਕਿਆਂ ਵਿੱਚ ਵੱਡੀ ਹਲਚਲ ਦੇਖਣ ਨੂੰ ਮਿਲ ਰਹੀ ਹੈ। ਸੂਤਰਾਂ ਅਨੁਸਾਰ, ਸ਼ੁੱਕਰਵਾਰ ਤੱਕ ਕੇਂਦਰ ਸਰਕਾਰ ਦਾ ਰੁਖ ਇਸ ਮੁੱਦੇ ‘ਤੇ ਸਖ਼ਤ ਸੀ ਅਤੇ ਉੱਚ ਪੱਧਰੀ ਮੀਟਿੰਗਾਂ ਵਿੱਚ ਇਹ ਮੰਨਿਆ ਜਾ ਰਿਹਾ ਸੀ ਕਿ ਪ੍ਰਸ਼ਾਸਨਿਕ ਕਾਰਵਾਈਆਂ ਰਾਹੀਂ ਹਾਲਾਤਾਂ ਨੂੰ ਕਾਬੂ ਕੀਤਾ ਜਾ ਸਕਦਾ ਹੈ।

ਇਸੇ ਕੜੀ ਤਹਿਤ ਉੱਚ ਸਿੱਖਿਆ ਸਕੱਤਰ ਨੂੰ ਅਹੁਦੇ ਤੋਂ ਹਟਾਇਆ ਗਿਆ, ਜਦਕਿ ਨੈਸ਼ਨਲ ਟੈਸਟਿੰਗ ਏਜੰਸੀ (ਐਨਟੀਏ) ਦੇ 47 ਅਧਿਕਾਰੀਆਂ ਨੂੰ ਕਾਰਵਾਈ ਕਰਦਿਆਂ ਬਰਖ਼ਾਸਤ ਕਰ ਦਿੱਤਾ ਗਿਆ। ਸਰਕਾਰ ਨੂੰ ਉਮੀਦ ਸੀ ਕਿ ਨਵੇਂ ਪੇਪਰ ਲੀਕ ਕਾਨੂੰਨ ਦੇ ਖਰੜੇ ਨੂੰ ਮਨਜ਼ੂਰੀ ਅਤੇ ਫਾਸਟ-ਟ੍ਰੈਕ ਅਦਾਲਤਾਂ ਦੇ ਐਲਾਨ ਨਾਲ ਵਿਦਿਆਰਥੀਆਂ ਦਾ ਰੋਸ ਠੰਢਾ ਪੈ ਜਾਵੇਗਾ, ਪਰ ਵਿਰੋਧੀ ਧਿਰ ਵੱਲੋਂ ਇਸ ਨੂੰ ਵਿਦਿਆਰਥੀ ਵਿਰੋਧੀ ਮੁੱਦੇ ਵਜੋਂ ਉਭਾਰਨ ਕਾਰਨ ਸਿਆਸੀ ਦਬਾਅ ਲਗਾਤਾਰ ਵਧਦਾ ਗਿਆ।

ਦੇਸ਼ ਦੇ ਵੱਖ-ਵੱਖ ਹਿੱਸਿਆਂ ਵਿੱਚ ਪ੍ਰਦਰਸ਼ਨਾਂ ਦੇ ਹਿੰਸਕ ਹੋਣ ਦੀਆਂ ਘਟਨਾਵਾਂ ਤੋਂ ਬਾਅਦ ਖੁਫੀਆ ਏਜੰਸੀਆਂ ਅਤੇ ਪ੍ਰਸ਼ਾਸਨਿਕ ਟੀਮਾਂ ਨੇ ਪ੍ਰਧਾਨ ਮੰਤਰੀ ਦਫ਼ਤਰ (ਪੀਐਮਓ) ਨੂੰ ਫੀਡਬੈਕ ਦਿੱਤਾ ਕਿ ਹਾਲਾਤ ਕਾਬੂ ਤੋਂ ਬਾਹਰ ਜਾ ਸਕਦੇ ਹਨ। ਸਰਕਾਰੀ ਸੂਤਰਾਂ ਦੇ ਹਵਾਲੇ ਨਾਲ ਇਹ ਵੀ ਕਿਹਾ ਗਿਆ ਕਿ ਅੰਦੋਲਨ ਦੀ ਆੜ ਵਿੱਚ ਦੇਸ਼ ਵਿਰੋਧੀ ਤੱਤ ਮਾਹੌਲ ਖ਼ਰਾਬ ਕਰਨ ਦੀ ਕੋਸ਼ਿਸ਼ ਕਰ ਸਕਦੇ ਹਨ।

ਇਸ ਇਨਪੁੱਟ ਤੋਂ ਬਾਅਦ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਖੁਦ ਸੰਕਟ ਪ੍ਰਬੰਧਨ ਦੀ ਕਮਾਨ ਸੰਭਾਲੀ। ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਪੂਰੀ ਸਥਿਤੀ ‘ਤੇ ਨਜ਼ਰ ਰੱਖੀ, ਜਦਕਿ ਭਾਜਪਾ ਪ੍ਰਧਾਨ ਜੇ.ਪੀ. ਨੱਡਾ ਅਤੇ ਕੇਂਦਰੀ ਮੰਤਰੀ ਜਿਤੇਂਦਰ ਸਿੰਘ ਨੂੰ ਗੱਲਬਾਤ ਲਈ ਅਹਿਮ ਜ਼ਿੰਮੇਵਾਰੀ ਸੌਂਪੀ ਗਈ। ਆਖ਼ਰਕਾਰ, ਨੈਤਿਕ ਜ਼ਿੰਮੇਵਾਰੀ ਲੈਂਦਿਆਂ ਧਰਮਿੰਦਰ ਪ੍ਰਧਾਨ ਨੇ ਪ੍ਰਧਾਨ ਮੰਤਰੀ ਨੂੰ ਆਪਣਾ ਅਸਤੀਫ਼ਾ ਸੌਂਪ ਦਿੱਤਾ। ਇਸ ਤੋਂ ਬਾਅਦ ਉਨ੍ਹਾਂ ਨੇ ਆਪਣੇ ਸੋਸ਼ਲ ਮੀਡੀਆ ਪ੍ਰੋਫ਼ਾਈਲ ਤੋਂ ‘ਮੰਤਰੀ’ ਦਾ ਅਹੁਦਾ ਵੀ ਹਟਾ ਦਿੱਤਾ।

Leave a Reply

Your email address will not be published. Required fields are marked *