ਸਾਡੇ ਲਈ ਅਹੁਦੇ ਤੋਂ ਵੱਡਾ ਦੇਸ਼ ਅਤੇ ਵਿਦਿਆਰਥੀ ਹਨ : ਅਮਿਤ ਸ਼ਾਹ

ਸਾਡੇ ਲਈ ਅਹੁਦੇ ਤੋਂ ਵੱਡਾ ਦੇਸ਼ ਅਤੇ...
ਨਵੀਂ ਦਿੱਲੀ : ਸਾਬਕਾ ਕੇਂਦਰੀ ਸਿੱਖਿਆ ਮੰਤਰੀ ਧਰਮੇਂਦਰ ਪ੍ਰਧਾਨ ਦੇ ਅਸਤੀਫ਼ੇ ਤੋਂ ਬਾਅਦ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦਾ ਪਹਿਲਾ ਬਿਆਨ ਸਾਹਮਣੇ ਆਇਆ ਹੈ। ਉਨ੍ਹਾਂ ਕਿਹਾ ਕਿ ਭਾਜਪਾ ਦੇ ਕਾਰਕੁਨਾਂ ਲਈ ਅਹੁਦੇ ਤੋਂ ਵੱਧ ਦੇਸ਼, ਨੌਜਵਾਨ ਪੀੜ੍ਹੀ ਅਤੇ ਵਿਦਿਆਰਥੀਆਂ ਦੇ ਹਿੱਤ ਮਹੱਤਵਪੂਰਨ ਹਨ। ਉਨ੍ਹਾਂ ਦੱਸਿਆ ਕਿ ਧਰਮੇਂਦਰ ਪ੍ਰਧਾਨ ਦਾ ਅਸਤੀਫ਼ਾ ਵੀ ਇਸੇ ਸੋਚ ਨੂੰ ਦਰਸਾਉਂਦਾ ਹੈ।
ਅਮਿਤ ਸ਼ਾਹ ਨੇ ਆਪਣੇ ਐਕਸ ਅਕਾਊਂਟ ’ਤੇ ਪੋਸਟ ਲਿਖਿਆ ਕਿ ਮੋਦੀ ਸਰਕਾਰ ਦੇਸ਼ ਦੇ ਨੌਜਵਾਨਾਂ ਦੀਆਂ ਭਾਵਨਾਵਾਂ ਦਾ ਪੂਰਾ ਸਤਿਕਾਰ ਕਰਦੀ ਹੈ ਅਤੇ ਪੇਪਰ ਲੀਕ ਵਰਗੀਆਂ ਘਟਨਾਵਾਂ ਨੂੰ ਰੋਕਣ ਲਈ ਲੋੜੀਂਦੇ ਸੁਧਾਰ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਪੇਪਰ ਲੀਕ ਦੇ ਦੋਸ਼ੀਆਂ ਨੂੰ ਸਖ਼ਤ ਤੋਂ ਸਖ਼ਤ ਸਜ਼ਾ ਮਿਲਣੀ ਚਾਹੀਦੀ ਹੈ ਅਤੇ ਇਸ ਸਬੰਧੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਲਏ ਗਏ ਫ਼ੈਸਲੇ ਸ਼ਲਾਘਾਯੋਗ ਹਨ।
ਧਰਮੇਂਦਰ ਪ੍ਰਧਾਨ ਦੀਆਂ ਉਪਲੱਬਧੀਆਂ ਬਾਰੇ ਦੱਸਿਆ
ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਧਰਮੇਂਦਰ ਪ੍ਰਧਾਨ ਦੇ ਸਿੱਖਿਆ ਮੰਤਰੀ ਵਜੋਂ ਕਾਰਜਕਾਲ ਦੀਆਂ ਉਪਲਬਧੀਆਂ ਦਾ ਵੀ ਜ਼ਿਕਰ ਕੀਤਾ। ਉਨ੍ਹਾਂ ਕਿਹਾ ਕਿ ਧਰਮੇਂਦਰ ਪ੍ਰਧਾਨ ਨੇ ਆਪਣੇ ਕਾਰਜਕਾਲ ਦੌਰਾਨ ਰਾਸ਼ਟਰੀ ਸਿੱਖਿਆ ਨੀਤੀ (ਐਨਈਪੀ) ਦੇ ਪ੍ਰਭਾਵਸ਼ਾਲੀ ਲਾਗੂਕਰਨ, ਮਾਤਭਾਸ਼ਾਵਾਂ ਵਿੱਚ ਪ੍ਰੀਖਿਆਵਾਂ ਦੀ ਵਿਵਸਥਾ, ਪੀਐਮ ਸ਼੍ਰੀ ਸਕੂਲਾਂ ਦੇ ਵਿਸਥਾਰ, ਡਿਜ਼ੀਟਲ ਸਿੱਖਿਆ ਨੂੰ ਉਤਸ਼ਾਹਿਤ ਕਰਨ, ਹੁਨਰ ਵਿਕਾਸ ਅਤੇ ਉਦਯੋਗ-ਅਕਾਦਮਿਕ ਤਾਲਮੇਲ ਨੂੰ ਮਜ਼ਬੂਤ ਕਰਨ ਲਈ ਅਹਿਮ ਸੁਧਾਰ ਕੀਤੇ।
ਉਨ੍ਹਾਂ ਕਿਹਾ ਕਿ ਪ੍ਰੀਖਿਆ ਪ੍ਰਣਾਲੀ ਨੂੰ ਹੋਰ ਸਮਾਵੇਸ਼ੀ ਅਤੇ ਵਿਦਿਆਰਥੀ-ਕੇਂਦਰਿਤ ਬਣਾਉਣ ਲਈ ਵੀ ਧਰਮੇਂਦਰ ਪ੍ਰਧਾਨ ਦੇ ਯਤਨ ਸ਼ਲਾਘਾਯੋਗ ਰਹੇ ਹਨ। ਅਮਿਤ ਸ਼ਾਹ ਨੇ ਕਿਹਾ ਕਿ ਉਨ੍ਹਾਂ ਦਾ ਪੂਰਾ ਕਾਰਜਕਾਲ ਭਾਰਤ ਨੂੰ ਵਿਕਸਤ ਰਾਸ਼ਟਰ ਬਣਾਉਣ ਦੇ ਸੰਕਲਪ ਪ੍ਰਤੀ ਉਨ੍ਹਾਂ ਦੀ ਵਚਨਬੱਧਤਾ ਦਾ ਪ੍ਰਤੀਕ ਰਿਹਾ ਹੈ।
