ਆਪ ਅਤੇ ਭਾਜਪਾ ਨੂੰ ਝਟਕਾ, ਚਲੈਲਾ ਦੇ ਆਗੂਆਂ ਨੇ ਕਾਂਗਰਸ ‘ਚ ਕੀਤਾ ਮੁੜ ਵਿਸ਼ਵਾਸ ਪ੍ਰਗਟ

0

ਪਿੰਡ ਚਲੈਲਾ ਵਿੱਚ ਕਾਂਗਰਸ ਨੂੰ ਮਿਲੀ ਮਜ਼ਬੂਤੀ, ਕਈ ਪਰਿਵਾਰਾਂ ਨੇ ਕੀਤੀ ਘਰ ਵਾਪਸੀ

ਪਟਿਆਲਾ, (ਰਾਜਿੰਦਰ ਸਿੰਘ ਥਿੰਦ)

ਪੰਜਾਬ ਯੂਥ ਕਾਂਗਰਸ ਦੇ ਪ੍ਰਧਾਨ ਮੋਹਿਤ ਮਹਿੰਦਰਾ ਦੀ ਅਗਵਾਈ ਹੇਠ ਪਿੰਡ ਚਲੈਲਾ ਵਿਖੇ ਕਾਂਗਰਸ ਪਾਰਟੀ ਨੂੰ ਉਸ ਵੇਲੇ ਵੱਡੀ ਮਜ਼ਬੂਤੀ ਮਿਲੀ ਜਦੋਂ ਆਮ ਆਦਮੀ ਪਾਰਟੀ ਅਤੇ ਭਾਰਤੀ ਜਨਤਾ ਪਾਰਟੀ ਨਾਲ ਜੁੜੇ ਕਈ ਆਗੂਆਂ ਅਤੇ ਵਰਕਰਾਂ ਨੇ ਆਪਣੇ ਸਾਥੀਆਂ ਸਮੇਤ ਕਾਂਗਰਸ ਪਾਰਟੀ ਵਿੱਚ ਘਰ ਵਾਪਸੀ ਕਰਦਿਆਂ ਪਾਰਟੀ ਦੀਆਂ ਨੀਤੀਆਂ ਵਿੱਚ ਵਿਸ਼ਵਾਸ ਪ੍ਰਗਟਾਇਆ। ਇਸ ਮੌਕੇ ਪਾਰਟੀ ਵਿੱਚ ਸ਼ਾਮਲ ਹੋਣ ਵਾਲੇ ਸਾਰੇ ਸਾਥੀਆਂ ਦਾ ਨਿੱਘਾ ਸਵਾਗਤ ਕੀਤਾ ਗਿਆ ਅਤੇ ਉਨ੍ਹਾਂ ਨੂੰ ਪੂਰਾ ਮਾਣ-ਸਤਿਕਾਰ ਦੇ ਕੇ ਪਾਰਟੀ ਵਿੱਚ ਸ਼ਾਮਲ ਕੀਤਾ ਗਿਆ।

ਇਸ ਮੌਕੇ ਜਗਤਾਰ ਸਿੰਘ, ਗੁਰਧਿਆਨ ਸਿੰਘ, ਗਗਨਦੀਪ ਸਿੰਘ, ਗੁਰਚਰਨ ਸਿੰਘ, ਜਸਵਿੰਦਰ ਸਿੰਘ, ਕੁਲਵਿੰਦਰ ਸਿੰਘ, ਗੁਰਵਿੰਦਰ ਸਿੰਘ, ਗੁਰਜੀਤ ਸਿੰਘ, ਰਜਿੰਦਰ ਸਿੰਘ, ਜਸਕਰਨ ਸਿੰਘ ਅਤੇ ਜਸ਼ਨਦੀਪ ਸਿੰਘ ਨੇ ਆਪਣੇ ਸਾਥੀਆਂ ਸਮੇਤ ਕਾਂਗਰਸ ਪਾਰਟੀ ਵਿੱਚ ਮੁੜ ਸ਼ਾਮਲ ਹੋਣ ਦਾ ਐਲਾਨ ਕੀਤਾ। ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਦੀਆਂ ਲੋਕ-ਹਿਤੈਸ਼ੀ ਨੀਤੀਆਂ, ਪੰਜਾਬ ਦੇ ਹੱਕਾਂ ਲਈ ਲੜੀ ਜਾ ਰਹੀ ਲੜਾਈ ਅਤੇ ਆਮ ਲੋਕਾਂ ਦੇ ਮੁੱਦਿਆਂ ਪ੍ਰਤੀ ਪਾਰਟੀ ਦੀ ਵਚਨਬੱਧਤਾ ਤੋਂ ਪ੍ਰਭਾਵਿਤ ਹੋ ਕੇ ਉਨ੍ਹਾਂ ਨੇ ਇਹ ਫੈਸਲਾ ਲਿਆ ਹੈ।

ਨਵੇਂ ਸ਼ਾਮਲ ਹੋਏ ਆਗੂਆਂ ਨੇ ਭਰੋਸਾ ਦਿਵਾਇਆ ਕਿ ਉਹ ਪਾਰਟੀ ਦੀ ਮਜ਼ਬੂਤੀ ਲਈ ਪੂਰੀ ਤਨਦੇਹੀ ਅਤੇ ਇਮਾਨਦਾਰੀ ਨਾਲ ਕੰਮ ਕਰਨਗੇ। ਉਨ੍ਹਾਂ ਕਿਹਾ ਕਿ ਪਿੰਡਾਂ ਦੇ ਵਿਕਾਸ, ਨੌਜਵਾਨਾਂ ਨੂੰ ਬਿਹਤਰ ਮੌਕੇ ਮੁਹੱਈਆ ਕਰਵਾਉਣ ਅਤੇ ਲੋਕਾਂ ਦੀਆਂ ਮੁੱਢਲੀਆਂ ਸਮੱਸਿਆਵਾਂ ਦੇ ਹੱਲ ਲਈ ਉਹ ਕਾਂਗਰਸ ਪਾਰਟੀ ਦੀ ਵਿਚਾਰਧਾਰਾ ਨੂੰ ਘਰ-ਘਰ ਤੱਕ ਪਹੁੰਚਾਉਣਗੇ।

ਇਸ ਮੌਕੇ ਪੰਜਾਬ ਯੂਥ ਕਾਂਗਰਸ ਪ੍ਰਧਾਨ ਮੋਹਿਤ ਮਹਿੰਦਰਾ ਨੇ ਕਿਹਾ ਕਿ ਕਾਂਗਰਸ ਪਾਰਟੀ ਵਿੱਚ ਸ਼ਾਮਲ ਹੋਏ ਸਾਰੇ ਸਾਥੀਆਂ ਦਾ ਦਿਲੋਂ ਸਵਾਗਤ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਮੌਜੂਦਾ ਸਰਕਾਰਾਂ ਦੀਆਂ ਨਾਕਾਮੀਆਂ ਤੋਂ ਨਿਰਾਸ਼ ਹੋ ਚੁੱਕੇ ਹਨ ਅਤੇ ਹੁਣ ਕਾਂਗਰਸ ਪਾਰਟੀ ਵੱਲ ਉਮੀਦ ਭਰੀ ਨਜ਼ਰ ਨਾਲ ਦੇਖ ਰਹੇ ਹਨ। ਮਹਿੰਦਰਾ ਨੇ ਕਿਹਾ ਕਿ ਪਿੰਡ ਚਲੈਲਾ ਸਮੇਤ ਪੂਰੇ ਖੇਤਰ ਵਿੱਚ ਕਾਂਗਰਸ ਦਾ ਜਨਾਧਾਰ ਲਗਾਤਾਰ ਮਜ਼ਬੂਤ ਹੋ ਰਿਹਾ ਹੈ ਅਤੇ ਆਉਣ ਵਾਲੇ ਸਮੇਂ ਵਿੱਚ ਹੋਰ ਵੀ ਵੱਡੀ ਗਿਣਤੀ ਵਿੱਚ ਲੋਕ ਪਾਰਟੀ ਨਾਲ ਜੁੜਣਗੇ।

ਸਮਾਗਮ ਦੌਰਾਨ ਵੱਡੀ ਗਿਣਤੀ ਵਿੱਚ ਪਾਰਟੀ ਵਰਕਰਾਂ ਅਤੇ ਪਿੰਡ ਵਾਸੀਆਂ ਨੇ ਸ਼ਿਰਕਤ ਕੀਤੀ ਅਤੇ ਨਵੇਂ ਸ਼ਾਮਲ ਹੋਏ ਸਾਥੀਆਂ ਦਾ ਸਵਾਗਤ ਕਰਦਿਆਂ ਕਾਂਗਰਸ ਪਾਰਟੀ ਨੂੰ ਹੋਰ ਮਜ਼ਬੂਤ ਬਣਾਉਣ ਦਾ ਸੰਕਲਪ ਲਿਆ।

Leave a Reply

Your email address will not be published. Required fields are marked *