‘ਆਪ’ ਨੇਤਾ ਨੂੰ ਸ਼ਰੇਆਮ ਗੋਲੀਆਂ ਨਾਲ ਭੁੰਨਿਆ, ਪੰਜਾਬ ਵਿਚ ਫੈਲੀ ਦਹਿਸ਼ਤ


(ਨਿਊਜ਼ ਟਾਊਨ ਨੈਟਵਰਕ)
ਹੋਰਗੋਬਿੰਦਪੁਰ, 16 ਅਕਤੂਬਰ : ਪੰਜਾਬ ਦੇ ਹਰਗੋਬਿੰਦਪੁਰ ਤੋਂ ਵੱਡੀ ਖਬਰ ਸਾਹਮਣੇ ਆਈ ਹੈ, ਜਿਸ ਨੇ ਲੋਕਾਂ ਵਿਚਾਲੇ ਦਹਿਸ਼ਤ ਮਚਾ ਦਿੱਤੀ ਹੈ। ਘੁਮਾਣ ਕਸਬੇ ਵਿਚ ਮੋਟਰਸਾਈਕਲ ‘ਤੇ ਸਵਾਰ ਦੋ ਅਣਪਛਾਤੇ ਨੌਜਵਾਨਾਂ ਨੇ ਆਮ ਆਦਮੀ ਪਾਰਟੀ ਦੇ ਪੰਚਾਇਤ ਮੈਂਬਰ ਅਤੇ ਦੁਕਾਨਦਾਰ ਯੂਨੀਅਨ ਦੇ ਪ੍ਰਧਾਨ ‘ਤੇ ਅੰਨ੍ਹੇਵਾਹ ਗੋਲੀਆਂ ਚਲਾ ਦਿੱਤੀਆਂ ਜਿਸ ਨਾਲ ਉਹ ਗੰਭੀਰ ਜ਼ਖ਼ਮੀ ਹੋ ਗਏ। ਇਸ ਵਾਰਦਾਤ ਤੋਂ ਬਾਅਦ ਲੋਕਾਂ ਵਿਚ ਡਰ ਦਾ ਮਾਹੌਲ ਹੈ। ਰਿਪੋਰਟਾਂ ਅਨੁਸਾਰ ਆਮ ਆਦਮੀ ਪਾਰਟੀ ਦੇ ਮੌਜੂਦਾ ਪੰਚਾਇਤ ਮੈਂਬਰ ਅਤੇ ਦੁਕਾਨਦਾਰ ਯੂਨੀਅਨ ਦਾ ਪ੍ਰਧਾਨ ਗੁਰਜੀਤ ਸਿੰਘ ਪੁੱਤਰ ਹਜ਼ਾਰਾ ਸਿੰਘ ਨਿਵਾਸੀ ਘੁਮਾਣ ਆਪਣੀ ਦੁਕਾਨ, ਜੰਬਾ ਕਲੈਕਸ਼ਨ ‘ਤੇ ਬੈਠਾ ਸੀ। ਇਸ ਦੌਰਾਨ ਦੋ ਅਣਪਛਾਤੇ ਨੌਜਵਾਨ ਮੋਟਰਸਾਈਕਲ ‘ਤੇ ਆਏ ਅਤੇ ਗੁਰਜੀਤ ਸਿੰਘ ‘ਤੇ ਗੋਲੀਆਂ ਚਲਾ ਦਿੱਤੀਆਂ, ਜਿਸ ਨਾਲ ਉਹ ਗੰਭੀਰ ਜ਼ਖ਼ਮੀ ਹੋ ਗਿਆ। ਹਮਲਾਵਰ ਮੌਕੇ ਤੋਂ ਭੱਜ ਗਏ। ਇਸ ਦੌਰਾਨ, ਗੁਰਜੀਤ ਸਿੰਘ ਦੇ ਪਰਿਵਾਰ ਨੇ ਉਸਨੂੰ ਤੁਰੰਤ ਇਲਾਜ ਲਈ ਅੰਮ੍ਰਿਤਸਰ ਦੇ ਇੱਕ ਨਿੱਜੀ ਹਸਪਤਾਲ ਵਿੱਚ ਦਾਖਲ ਕਰਵਾਇਆ, ਜਿੱਥੇ ਉਸਦੀ ਹਾਲਤ ਨਾਜ਼ੁਕ ਬਣੀ ਹੋਈ ਹੈ। ਇਸ ਦੌਰਾਨ, ਘੁਮਾਣ ਥਾਣੇ ਦੀ ਪੁਲਿਸ ਮੌਕੇ ‘ਤੇ ਪਹੁੰਚੀ ਹੈ ਅਤੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।
