ਗੈਸ ਸਿਲੰਡਰਾਂ ਦੀਆਂ ਵਧਦੀਆਂ ਕੀਮਤਾਂ ਖ਼ਿਲਾਫ਼ ‘ਆਪ’ ਟਰੇਡ ਵਿੰਗ ਦਾ ਤਿੱਖਾ ਰੋਸ ਪ੍ਰਦਰਸ਼ਨ

ਖਾਲੀ ਸਿਲੰਡਰ ਰੱਖ ਕੇ ਕੇਂਦਰ ਸਰਕਾਰ ਵਿਰੁੱਧ ਨਾਅਰੇਬਾਜ਼ੀ, ਵਪਾਰੀਆਂ ਤੇ ਆਮ ਲੋਕਾਂ ‘ਤੇ ਬੋਝ ਦਾ ਦੋਸ਼
ਮਾਲੇਰਕੋਟਲਾ, 03 ਮਈ : ( ਮੁਨਸ਼ੀ ਫਾਰੂਕ ) ਆਮ ਆਦਮੀ ਪਾਰਟੀ ਦੀ ਟਰੇਡ ਵਿੰਗ ਵੱਲੋਂ ਅੱਜ ਸਥਾਨਕ ਡਿਪਟੀ ਕਮਿਸ਼ਨਰ ਦਫ਼ਤਰ ਬਾਹਰ ਗੈਸ ਸਿਲੰਡਰਾਂ ਦੀਆਂ ਕੀਮਤਾਂ ਵਿੱਚ ਲਗਾਤਾਰ ਹੋ ਰਹੇ ਵਾਧੇ ਦੇ ਵਿਰੋਧ ਵਿੱਚ ਜ਼ੋਰਦਾਰ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਪ੍ਰਦਰਸ਼ਨ ਦੀ ਅਗਵਾਈ ਜ਼ਿਲ੍ਹਾ ਪ੍ਰਧਾਨ ਕਮ ਚੇਅਰਮੈਨ ਜ਼ਿਲ੍ਹਾ ਯੋਜਨਾ ਬੋਰਡ ਸਾਕਬ ਅਲੀ ਰਾਜਾ ,ਟਰੇਡ ਕਮਿਸ਼ਨ ਦੇ ਜ਼ਿਲ੍ਹਾ ਮਾਲੇਰਕੋਟਲਾ ਚੇਅਰਮੈਨ ਆਜਮ ਦਾਰਾ ਅਤੇ ਵਿਧਾਨ ਸਭਾ ਹਲਕਾ ਅਮਰਗੜ੍ਹ ਦੇ ਟਰੇਡਰਜ਼ ਕਮਿਸ਼ਨ ਚੇਅਰਮੈਨ ਅਸਵਨੀ ਬਾਗੜੀਆਂ ਨੇ ਕੀਤੀ। ਪ੍ਰਦਰਸ਼ਨਕਾਰੀਆਂ ਵੱਲੋਂ ਖਾਲੀ ਗੈਸ ਸਿਲੰਡਰ ਰੱਖ ਕੇ ਕੇਂਦਰ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਗਈ ਅਤੇ ਵਧ ਰਹੀਆਂ ਕੀਮਤਾਂ ਨੂੰ ਤੁਰੰਤ ਵਾਪਸ ਲੈਣ ਦੀ ਮੰਗ ਕੀਤੀ ਗਈ।
ਇਸ ਮੌਕੇ ਖਾਲੀਦ ਮਹਿਮੂਦ, ਅਰਸਦ ਬੱਗਾ, ਜਿਸ਼ਾਨ ਕੁਰੈਸੀ, ਆਰਿਫ ਦਾਰਾ, ਮੁਹੰਮਦ ਸ਼ਕੀਲ, ਮੁਹੰਮਦ ਸੈਹਵਾਜ਼ ਅਤੇ ਐਡਵੋਕੇਟ ਅਮਾਨ ਅਹਿਮਦ ਸਮੇਤ ਵੱਡੀ ਗਿਣਤੀ ਵਿੱਚ ਵਰਕਰ ਮੌਜੂਦ ਰਹੇ।
ਪ੍ਰਦਰਸ਼ਨ ਦੌਰਾਨ ਬੋਲਦੇ ਹੋਏ ਜ਼ਿਲ੍ਹਾ ਪ੍ਰਧਾਨ ਕਮ ਚੇਅਰਮੈਨ ਜ਼ਿਲ੍ਹਾ ਯੋਜਨਾ ਬੋਰਡ ਸਾਕਬ ਅਲੀ ਰਾਜਾ ਨੇ ਕਿਹਾ ਕਿ ਕੇਂਦਰ ਦੀ ਸਰਕਾਰ ਵੱਲੋਂ ਐੱਲ.ਪੀ.ਜੀ. ਸਿਲੰਡਰਾਂ ਦੀਆਂ ਕੀਮਤਾਂ ਵਿੱਚ ਕੀਤਾ ਜਾ ਰਿਹਾ ਬੇਹਿਸਾਬ ਵਾਧਾ ਵਪਾਰੀਆਂ ਅਤੇ ਆਮ ਲੋਕਾਂ ਲਈ ਗੰਭੀਰ ਮੁੱਦਾ ਬਣ ਚੁੱਕਾ ਹੈ। ਉਨ੍ਹਾਂ ਦੱਸਿਆ ਕਿ 19 ਕਿਲੋ ਦੇ ਕਮਰਸ਼ੀਅਲ ਸਿਲੰਡਰ ਦੀ ਕੀਮਤ ਲਗਾਤਾਰ ਵੱਧ ਰਹੀ ਹੈ, ਜਿਸ ਨਾਲ ਹੋਟਲ ਅਤੇ ਰੈਸਟੋਰੈਂਟ ਕਾਰੋਬਾਰੀਆਂ ‘ਤੇ ਵੱਡਾ ਆਰਥਿਕ ਬੋਝ ਪੈ ਰਿਹਾ ਹੈ । ਉਨ੍ਹਾਂ ਕਿਹਾ ਕਿ ਪਿਛਲੇ ਤਿੰਨ ਮਹੀਨਿਆਂ ਦੌਰਾਨ ਕਈ ਵਾਰ ਕੀਮਤਾਂ ਵਿੱਚ ਵਾਧਾ ਹੋਣ ਕਾਰਨ ਕੁੱਲ ਮਿਲਾ ਕੇ ਹਜ਼ਾਰਾਂ ਰੁਪਏ ਦਾ ਇਜ਼ਾਫ਼ਾ ਹੋ ਚੁੱਕਾ ਹੈ, ਜੋ ਕਿ ਮਹਿੰਗਾਈ ਨੂੰ ਹੋਰ ਵਧਾਉਂਦਾ ਹੈ। ਪ੍ਰਦਰਸ਼ਨਕਾਰੀਆਂ ਨੇ ਦੋਸ਼ ਲਾਇਆ ਕਿ ਇਹ ਨੀਤੀਆਂ ਕਾਰਪੋਰੇਟ ਘਰਾਣਿਆਂ ਨੂੰ ਫਾਇਦਾ ਪਹੁੰਚਾਉਣ ਵਾਲੀਆਂ ਹਨ, ਜਦਕਿ ਆਮ ਜਨਤਾ ਦੀ ਪਰੇਸ਼ਾਨੀ ਵਧ ਰਹੀ ਹੈ।
ਟਰੇਡ ਕਮਿਸ਼ਨ ਦੇ ਜ਼ਿਲ੍ਹਾ ਮਾਲੇਰਕੋਟਲਾ ਚੇਅਰਮੈਨ ਆਜਮ ਦਾਰਾ ਨੇ ਕਿਹਾ ਕਿ ਸਰਕਾਰ ਨੂੰ ਲੋਕਾਂ ਨੂੰ ਰਾਹਤ ਦੇਣ ਲਈ ਢੁੱਕਵੇਂ ਕਦਮ ਚੁੱਕਣੇ ਚਾਹੀਦੇ ਹਨ, ਨਾ ਕਿ ਉਨ੍ਹਾਂ ‘ਤੇ ਹੋਰ ਆਰਥਿਕ ਬੋਝ ਪਾਇਆ ਜਾਵੇ। ਉਨ੍ਹਾਂ ਚੇਤਾਵਨੀ ਦਿੱਤੀ ਕਿ ਜੇਕਰ ਕੀਮਤਾਂ ਵਿੱਚ ਕਮੀ ਨਾ ਕੀਤੀ ਗਈ ਤਾਂ ਆਉਣ ਵਾਲੇ ਸਮੇਂ ਵਿੱਚ ਸੰਘਰਸ਼ ਹੋਰ ਤੇਜ਼ ਕੀਤਾ ਜਾਵੇਗਾ।
ਇਸ ਮੌਕੇ ਆਗੂਆਂ ਨੇ ਸਰਕਾਰ ਤੋਂ ਮੰਗ ਕੀਤੀ ਕਿ ਗੈਸ ਸਿਲੰਡਰਾਂ ਦੀਆਂ ਕੀਮਤਾਂ ਨੂੰ ਤੁਰੰਤ ਘਟਾ ਕੇ ਆਮ ਲੋਕਾਂ ਅਤੇ ਵਪਾਰੀਆਂ ਨੂੰ ਰਾਹਤ ਦਿੱਤੀ ਜਾਵੇ।
