ਜੂਨ 84 ਦੋਹਰਾਉਣ ਦੀ ਧਮਕੀ ਦੇਣ ਵਾਲੇ ਖ਼ਿਲਾਫ਼ ਕਾਰਵਾਈ ਕੀਤੀ ਜਾਵੇ : ਗੜਗੱਜ

0
Gadgaj

ਜੂਨ 84 ਦੋਹਰਾਉਣ ਦੀ ਧਮਕੀ ਦੇਣ ਵਾਲੇ ਖ਼ਿਲਾਫ਼...

ਅੰਮ੍ਰਿਤਸਰ : ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਉੱਤਰਾਖੰਡ ਵਿੱਚ ਵਾਪਰ ਰਹੇ ਘਟਨਾਕ੍ਰਮ ਦਾ ਸਖ਼ਤ ਨੋਟਿਸ ਲੈਂਦਿਆਂ ਸਿੱਖਾਂ ਨੂੰ ਜੂਨ 1984 ਵਰਗੀਆਂ ਘਟਨਾਵਾਂ ਦੁਹਰਾਉਣ ਦੀ ਧਮਕੀ ਦੇਣ ਵਾਲੇ ਵਿਅਕਤੀ ਖ਼ਿਲਾਫ਼ ਸਖ਼ਤ ਕਾਰਵਾਈ ਦੀ ਮੰਗ ਕੀਤੀ ਹੈ। ਉਨ੍ਹਾਂ ਕਿਹਾ ਕਿ ਅਜਿਹੇ ਅਨਸਰ ਦੇਸ਼ ਦੀ ਅਮਨ-ਸ਼ਾਂਤੀ, ਭਾਈਚਾਰਕ ਸਾਂਝ ਅਤੇ ਸਮਾਜਿਕ ਸਦਭਾਵਨਾ ਲਈ ਗੰਭੀਰ ਖ਼ਤਰਾ ਹਨ।

ਜਥੇਦਾਰ ਨੇ ਕਿਹਾ ਕਿ ਉੱਤਰਾਖੰਡ ਦੇ ਆਸ਼ੀਸ਼ ਨੇਗੀ ਵੱਲੋਂ ਸਿੱਖ ਭਾਈਚਾਰੇ ਖ਼ਿਲਾਫ਼ ਕੀਤੀ ਗਈ ਕਥਿਤ ਧਮਕੀ ਅਤੇ ਭੜਕਾਊ ਬਿਆਨਬਾਜ਼ੀ ਕਿਸੇ ਵੀ ਹਾਲਤ ਵਿੱਚ ਬਰਦਾਸ਼ਤ ਨਹੀਂ ਕੀਤੀ ਜਾ ਸਕਦੀ। ਉਨ੍ਹਾਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐੱਸ.ਜੀ.ਪੀ.ਸੀ.) ਨੂੰ ਨਿਰਦੇਸ਼ ਦਿੱਤੇ ਕਿ ਇਸ ਮਾਮਲੇ ਵਿੱਚ ਅੰਮ੍ਰਿਤਸਰ ਵਿਖੇ ਕਾਨੂੰਨੀ ਕਾਰਵਾਈ ਸ਼ੁਰੂ ਕਰਵਾਈ ਜਾਵੇ ਤਾਂ ਜੋ ਅਜਿਹੇ ਲੋਕਾਂ ਨੂੰ ਸਖ਼ਤ ਸੰਦੇਸ਼ ਦਿੱਤਾ ਜਾ ਸਕੇ।

ਉਨ੍ਹਾਂ ਕਿਹਾ ਕਿ ਜਿਸ ਸਿੱਖ ਕੌਮ ਦੀਆਂ ਸ਼ਹਾਦਤਾਂ ਸਦਕਾ ਦੇਸ਼ ਅੱਜ ਆਜ਼ਾਦੀ ਦਾ ਨਿੱਘ ਮਾਣ ਰਿਹਾ ਹੈ, ਉਸੇ ਕੌਮ ਨੂੰ ਖੁੱਲ੍ਹੇਆਮ ਲਲਕਾਰਨਾ ਬਹੁਤ ਹੀ ਦੁੱਖਦਾਈ ਅਤੇ ਚਿੰਤਾਜਨਕ ਹੈ। ਉਨ੍ਹਾਂ ਕਿਹਾ ਕਿ ਇਸ ਤਰ੍ਹਾਂ ਦੇ ਬਿਆਨਾਂ ਤੋਂ ਸਪੱਸ਼ਟ ਹੁੰਦਾ ਹੈ ਕਿ ਕੁਝ ਸ਼ਰਾਰਤੀ ਅਨਸਰਾਂ ਦੇ ਮਨਾਂ ਵਿੱਚ ਸਿੱਖਾਂ ਪ੍ਰਤੀ ਡੂੰਘੀ ਨਫ਼ਰਤ ਮੌਜੂਦ ਹੈ।

ਜ਼ਿਕਰਯੋਗ ਹੈ ਕਿ ਸ੍ਰੀ ਹੇਮਕੁੰਟ ਸਾਹਿਬ ਯਾਤਰਾ ਦੌਰਾਨ ਕੁਝ ਨਿਹੰਗ ਸਿੰਘ ਨੌਜਵਾਨਾਂ ਅਤੇ ਸਥਾਨਕ ਲੋਕਾਂ ਵਿਚਾਲੇ ਹੋਏ ਵਿਵਾਦ ਤੋਂ ਬਾਅਦ ਹਾਲਾਤ ਅਜੇ ਪੂਰੀ ਤਰ੍ਹਾਂ ਸਧਾਰਣ ਨਹੀਂ ਹੋਏ। ਨਿਹੰਗ ਜਥੇਬੰਦੀਆਂ ਨੇ ਗ੍ਰਿਫ਼ਤਾਰ ਨੌਜਵਾਨਾਂ ਦੀ ਰਿਹਾਈ ਦੀ ਮੰਗ ਵੀ ਕੀਤੀ ਹੈ। ਜਥੇਦਾਰ ਗੜਗੱਜ ਨੇ ਸਿੱਖ ਸ਼ਰਧਾਲੂਆਂ ਨੂੰ ਅਪੀਲ ਕੀਤੀ ਕਿ ਉਹ ਯਾਤਰਾ ਦੌਰਾਨ ਕਿਸੇ ਵੀ ਤਰ੍ਹਾਂ ਦੀ ਭੜਕਾਹਟ ਵਿੱਚ ਨਾ ਆਉਣ ਅਤੇ ਸੰਜਮ ਬਣਾਈ ਰੱਖਣ। ਨਾਲ ਹੀ ਉਨ੍ਹਾਂ ਉੱਤਰਾਖੰਡ ਸਰਕਾਰ ਤੋਂ ਮੰਗ ਕੀਤੀ ਕਿ ਰਾਜ ਵਿੱਚ ਸਿੱਖਾਂ ਦੇ ਕਕਾਰ ਧਾਰਨ ਕਰਨ ਦੇ ਅਧਿਕਾਰ ‘ਤੇ ਸਵਾਲ ਚੁੱਕਣ ਵਾਲੇ ਅਨਸਰਾਂ ਖ਼ਿਲਾਫ਼ ਵੀ ਸਖ਼ਤ ਕਾਰਵਾਈ ਕੀਤੀ ਜਾਵੇ।

ਉਨ੍ਹਾਂ ਕਿਹਾ ਕਿ ਉੱਤਰਾਖੰਡ ਆਉਣ ਵਾਲੇ ਸਿੱਖ ਅਤੇ ਪੰਜਾਬੀ ਸ਼ਰਧਾਲੂਆਂ ਦੀ ਸੁਰੱਖਿਆ ਯਕੀਨੀ ਬਣਾਉਣਾ ਰਾਜ ਸਰਕਾਰ ਦੀ ਜ਼ਿੰਮੇਵਾਰੀ ਹੈ। ਜੇਕਰ ਅਜਿਹੀਆਂ ਘਟਨਾਵਾਂ ‘ਤੇ ਰੋਕ ਨਾ ਲੱਗੀ ਤਾਂ ਸਿੱਖ ਭਾਈਚਾਰੇ ਨੂੰ ਉੱਤਰਾਖੰਡ ਯਾਤਰਾ ਸਬੰਧੀ ਮਜਬੂਰਨ ਕੋਈ ਸਖ਼ਤ ਫ਼ੈਸਲਾ ਲੈਣਾ ਪੈ ਸਕਦਾ ਹੈ।

Leave a Reply

Your email address will not be published. Required fields are marked *