ਨਸ਼ਿਆਂ ਦੇ ਖ਼ਾਤਮੇ ਲਈ ਪੰਜਾਬ ਸਰਕਾਰ ਅਤੇ ਅਨੰਨਿਆ ਬਿਰਲਾ ਫਾਊਂਡੇਸ਼ਨ ਵਿਚਾਲੇ ਸਮਝੌਤਾ


ਡੇਟਾ ਇੰਟੈਲੀਜੈਂਸ ਅਤੇ ਟੈਕਨੀਕਲ ਸਪੋਰਟ ਯੂਨਿਟ ਸਥਾਪਤ ਕਰਨ ਲਈ ਸਮਝੌਤਾ ਸਹੀਬੱਧ
(ਨਿਊਜ਼ ਟਾਊਨ ਨੈਟਵਰਕ)
ਚੰਡੀਗੜ੍ਹ, 26 ਜੂਨ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਅੱਜ ਨਸ਼ਾਖੋਰੀ ਅਤੇ ਗੈਰ-ਕਾਨੂੰਨੀ ਤਸਕਰੀ ਵਿਰੁੱਧ ਅੰਤਰਰਾਸ਼ਟਰੀ ਦਿਵਸ ਮੌਕੇ ਨਸ਼ਿਆਂ ਵਿਰੁੱਧ ਲੜਾਈ ਵਿਚ ਤੇਜ਼ੀ ਲਿਆਉਣ ਦੇ ਉਦੇਸ਼ ਨਾਲ ਇਤਿਹਾਸਕ ਕਦਮ ਚੁੱਕਦਿਆਂ ਡੇਟਾ ਇੰਟੈਲੀਜੈਂਸ ਅਤੇ ਟੈਕਨੀਕਲ ਸਪੋਰਟ ਯੂਨਿਟ ਸਥਾਪਤ ਕਰਨ ਵਾਸਤੇ ਸਮਝੌਤਾ ਸਹੀਬੱਧ ਕੀਤਾ ਹੈ।
ਇਹ ਸਮਝੌਤਾ ਪੰਜਾਬ ਸਰਕਾਰ ਅਤੇ ਡਾ. ਬੀ.ਆਰ. ਅੰਬੇਡਕਰ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸਜ਼, ਮੋਹਾਲੀ ਅਤੇ ਵਿਦਿਆਸਾਗਰ ਇੰਸਟੀਚਿਊਟ ਆਫ਼ ਮੈਂਟਲ ਹੈਲਥ, ਅੰਮ੍ਰਿਤਸਰ ਦਰਮਿਆਨ ਅਨੰਨਿਆ ਬਿਰਲਾ ਫਾਊਂਡੇਸ਼ਨ ਦੇ ਸਹਿਯੋਗ ਨਾਲ ਸਹੀਬੱਧ ਕੀਤਾ ਗਿਆ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਇਹ ਯੂਨਿਟ ਮੁੜ ਵਸੇਬੇ ਸਬੰਧੀ ਚੁਣੌਤੀਆਂ ਨਾਲ ਨਜਿੱਠਣ ਲਈ ਪ੍ਰਭਾਵਸ਼ਾਲੀ ਰਣਨੀਤੀਆਂ ਵਿਕਸਤ ਕਰਨ, ਓ.ਓ.ਏ.ਟੀ. (ਆਊਟਪੇਸ਼ੈਂਟ ਓਪੀਓਇਡ ਅਸਿਸਟਡ ਟ੍ਰੀਟਮੈਂਟ) ਕਲੀਨਿਕਾਂ ਦੀ ਸੁਚੱਜੀ ਕਾਰਜਸ਼ੀਲਤਾ ਨੂੰ ਯਕੀਨੀ ਬਣਾਉਣ ਅਤੇ ਆਮ ਲੋਕਾਂ ਤੱਕ ਆਸਾਨ ਪਹੁੰਚ ਦੇ ਯਤਨਾਂ ਨੂੰ ਮਜ਼ਬੂਤ ਕਰਨ ‘ਤੇ ਵੀ ਧਿਆਨ ਕੇਂਦਰਿਤ ਕਰੇਗੀ। ਉਨ੍ਹਾਂ ਆਸ ਪ੍ਰਗਟਾਈ ਕਿ ਇਹ ਯੂਨਿਟ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਵਿਚ ਮਹੱਤਵਪੂਰਨ ਭੂਮਿਕਾ ਨਿਭਾਏਗੀ ਅਤੇ ਇਹ ਸੈਂਟਰਲਾਈਜ਼ਡ ਇੰਟੈਲੀਜੈਂਸ ਯੂਨਿਟ ਨਸ਼ਾ ਛੁਡਾਊ, ਮੁੜ ਵਸੇਬੇ ਅਤੇ ਓ.ਓ.ਏ.ਟੀ. ਮਰੀਜ਼ਾਂ ਬਾਰੇ ਠੋਸ ਡੇਟਾ ਪ੍ਰਦਾਨ ਕਰੇਗੀ, ਪ੍ਰਭਾਵਸ਼ਾਲੀ ਨੀਤੀਆਂ ਡਿਜ਼ਾਈਨ ਕਰਨ ਅਤੇ ਲਾਗੂ ਕਰਨ ਵਿਚ ਮਦਦ ਕਰੇਗੀ।
ਭਗਵੰਤ ਸਿੰਘ ਮਾਨ ਨੇ ਕਿਹਾ ਕਿ ਏਮਜ਼ ਦੇ ਨੈਸ਼ਨਲ ਡਰੱਗ ਟ੍ਰੀਟਮੈਂਟ ਸੈਂਟਰ, ਆਈ.ਆਈ.ਟੀ. ਰੋਪੜ, ਟਾਟਾ ਇੰਸਟੀਚਿਊਟ ਆਫ਼ ਸੋਸ਼ਲ ਸਾਇੰਸਜ਼, ਮੁੰਬਈ ਅਤੇ ਪੀ.ਜੀ.ਆਈ. ਚੰਡੀਗੜ੍ਹ ਵਰਗੀਆਂ ਸੰਸਥਾਵਾਂ ਦੇ ਮਾਹਿਰ ਇਸ ਯੂਨਿਟ ਨੂੰ ਸਮੇਂ ਸਮੇਂ ‘ਤੇ ਸਹਾਇਤਾ ਪ੍ਰਦਾਨ ਕਰਨਗੇ।
ਮੁੱਖ ਮੰਤਰੀ ਨੇ ਕਿਹਾ ਕਿ ਇਹ ਯੂਨਿਟ ਐਂਟੀ-ਨਾਰਕੋਟਿਕਸ ਟਾਸਕ ਫੋਰਸ, ਪੰਜਾਬ ਪੁਲਿਸ, ਸਿਹਤ ਵਿਭਾਗ, ਰੁਜ਼ਗਾਰ ਉਤਪਤੀ, ਹੁਨਰ ਵਿਕਾਸ ਤੇ ਸਿਖਲਾਈ ਵਿਭਾਗ ਦੇ ਨਾਲ-ਨਾਲ ਮਾਨਸਿਕ ਸਿਹਤ, ਮੁੜ ਵਸੇਬੇ ਅਤੇ ਡੇਟਾ ਸਾਇੰਸ ਨਾਲ ਸਬੰਧਤ ਸੰਗਠਨਾਂ ਅਤੇ ਅਕਾਦਮਿਕ ਸੰਸਥਾਵਾਂ ਨਾਲ ਮਿਲ ਕੇ ਕੰਮ ਕਰੇਗੀ।
ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਵਲੋਂ ਸੂਬੇ ਵਿਚ ਨਸ਼ਿਆਂ ਅਤੇ ਭ੍ਰਿਸ਼ਟਾਚਾਰ ਵਿਰੁੱਧ ਵਿਆਪਕ ਮੁਹਿੰਮ ਉਦੋਂ ਤੱਕ ਜਾਰੀ ਰਹੇਗੀ ਜਦੋਂ ਤੱਕ ਨਸ਼ਿਆਂ ਦਾ ਮੁਕੰਮਲ ਖਤਮਾ ਨਹੀਂ ਹੋ ਜਾਂਦਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਨਸ਼ਿਆਂ ਵਿਰੁੱਧ ਜੰਗ ਨੇ ਨਸ਼ਿਆਂ ਦੀ ਸਪਲਾਈ ਲਾਈਨ ਤੋੜ ਦਿਤੀ ਹੈ ਅਤੇ ਇਨ੍ਹਾਂ ਘਿਨਾਉਣੇ ਅਪਰਾਧਾਂ ਵਿਚ ਸ਼ਾਮਲ ਵੱਡੀਆਂ ਮੱਛੀਆਂ ਨੂੰ ਸਲਾਖਾਂ ਪਿੱਛੇ ਡੱਕ ਦਿਤਾ ਗਿਆ ਹੈ, ਨਸ਼ਾ ਪੀੜਤਾਂ ਲਈ ਮੁੜ ਵਸੇਬਾ ਯਕੀਨੀ ਬਣਾਇਆ ਹੈ ਅਤੇ ਨਸ਼ਾ ਤਸਕਰਾਂ ਦੀ ਜਾਇਦਾਦ ਨੂੰ ਵੀ ਜ਼ਬਤ ਕੀਤਾ ਗਿਆ ਹੈ ਅਤੇ ਨਸ਼ਟ ਕਰ ਦਿਤਾ ਗਿਆ।
