ਅਕਾਲ ਯੂਨੀਵਰਸਿਟੀ ਵਿਖੇ ‘ਅਕਾਲ ਐਜੂਕੇਸ਼ਨ ਐਵਾਰਡ-2026’ ਦਾ ਸ਼ਾਨਦਾਰ ਆਯੋਜਨ


ਤਲਵੰਡੀ ਸਾਬੋ, 8 ਮਈ (ਗੁਰਜੰਟ ਸਿੰਘ ਨਥੇਹਾ)- ਸਿੱਖਿਆ ਦੇ ਖੇਤਰ ਵਿੱਚ ਵਡਮੁੱਲਾ ਯੋਗਦਾਨ ਪਾਉਣ ਵਾਲੀਆਂ ਸ਼ਖ਼ਸੀਅਤਾਂ ਦੀ ਹੌਂਸਲਾ ਅਫ਼ਜ਼ਾਈ ਲਈ ਅੱਜ ਸਥਾਨਕ ਅਕਾਲ ਯੂਨੀਵਰਸਿਟੀ ਵਿਖੇ ‘ਅਕਾਲ ਐਜੂਕੇਸ਼ਨ ਐਵਾਰਡ-2026’ ਸਮਾਰੋਹ ਬੜੇ ਉਤਸ਼ਾਹ ਨਾਲ ਕਰਵਾਇਆ ਗਿਆ। ਇਸ ਵਿਸ਼ਾਲ ਸਮਾਗਮ ਦੌਰਾਨ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਤੋਂ ਪਹੁੰਚੇ ਹੋਏ ਪ੍ਰਿੰਸੀਪਲਾਂ, ਪ੍ਰਬੰਧਕੀ ਮੈਂਬਰਾਂ ਅਤੇ ਅਧਿਆਪਕਾਂ ਨੂੰ ਉਨ੍ਹਾਂ ਦੀਆਂ ਵਿਸ਼ੇਸ਼ ਸੇਵਾਵਾਂ ਲਈ ਸਨਮਾਨਿਤ ਕੀਤਾ ਗਿਆ।ਪ੍ਰੋਗਰਾਮ ਦੀ ਸ਼ੁਰੂਆਤ ਗੁਰਬਾਣੀ ਦੇ ਇਲਾਹੀ ਕੀਰਤਨ ਨਾਲ ਹੋਈ, ਜਿਸ ਉਪਰੰਤ ਆਏ ਹੋਏ ਮਹਿਮਾਨਾਂ ਦਾ ਫੁੱਲਾਂ ਦੇ ਗੁਲਦਸਤਿਆਂ ਨਾਲ ਨਿੱਘਾ ਸਵਾਗਤ ਕੀਤਾ ਗਿਆ। ਮੰਚ ਸੰਚਾਲਨ ਦੀ ਭੂਮਿਕਾ ਡਾ. ਰਮਨਦੀਪ ਕੌਰ ਨੇ ਬਖ਼ੂਬੀ ਨਿਭਾਈ। ਇਸ ਮੌਕੇ ਡਾ. ਉਪਿੰਦਰਜੀਤ ਕੌਰ ਨੇ ‘ਅਕਾਲ ਐਜੂਕੇਸ਼ਨ ਐਵਾਰਡ-2026’ ਦੇ ਉਦੇਸ਼ਾਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਸਾਂਝੀ ਕੀਤੀ। ਯੂਨੀਵਰਸਿਟੀ ਦੇ ਵਾਈਸ ਚਾਂਸਲਰ ਪ੍ਰੋ. ਗੁਰਮੇਲ ਸਿੰਘ ਨੇ ਸਮਾਗਮ ਵਿੱਚ ਪਹੁੰਚੇ ਅਧਿਆਪਕਾਂ ਦਾ ਧੰਨਵਾਦ ਕਰਦਿਆਂ ਉਨ੍ਹਾਂ ਨੂੰ ਸਨਮਾਨਿਤ ਕੀਤਾ। ਉਨ੍ਹਾਂ ਆਪਣੇ ਸੰਬੋਧਨ ਵਿੱਚ ਕਿਹਾ ਕਿ ਅਧਿਆਪਕ ਕੇਵਲ ਸਿਲੇਬਸ ਨਹੀਂ ਪੜ੍ਹਾਉਂਦੇ, ਸਗੋਂ ਉਹ ਵਿਦਿਆਰਥੀਆਂ ਦੇ ਚਰਿੱਤਰ ਦਾ ਨਿਰਮਾਣ ਕਰਕੇ ਦੇਸ਼ ਦਾ ਭਵਿੱਖ ਸਿਰਜਦੇ ਹਨ। ਵਿਸ਼ੇਸ਼ ਮਹਿਮਾਨ ਵਜੋਂ ਪਹੁੰਚੀ ਜ਼ਿਲ੍ਹਾ ਸਿੱਖਿਆ ਅਫ਼ਸਰ ਬਠਿੰਡਾ, ਸ਼੍ਰੀਮਤੀ ਮਮਤਾ ਖੁਰਾਣਾ ਨੇ ਅਧਿਆਪਕਾਂ ਨੂੰ ਸੰਬੋਧਨ ਕਰਦਿਆਂ ਗੁਰਬਾਣੀ ਵਿੱਚੋਂ ਅਹਿਮ ਉਦਾਹਰਨਾਂ ਦੇ ਕੇ ਸਿੱਖਿਆ ਦੇ ਅਸਲ ਅਰਥ ਸਮਝਾਏ। ਉਨ੍ਹਾਂ ਕਿਹਾ ਕਿ ਅਜਿਹੇ ਸਨਮਾਨ ਅਧਿਆਪਕਾਂ ਵਿੱਚ ਨਵਾਂ ਜੋਸ਼ ਭਰਦੇ ਹਨ। ਸਮਾਰੋਹ ਦੌਰਾਨ ਉਨ੍ਹਾਂ ਅਧਿਆਪਕਾਂ ਨੂੰ ਵਿਸ਼ੇਸ਼ ਤੌਰ ‘ਤੇ ਨਿਵਾਜਿਆ ਗਿਆ ਜਿਨ੍ਹਾਂ ਨੇ ਸਿੱਖਿਆ ਦੇ ਮਿਆਰ ਨੂੰ ਉੱਚਾ ਚੁੱਕਣ ਲਈ ਨਵੀਨ ਤਕਨੀਕਾਂ ਦੀ ਵਰਤੋਂ ਕੀਤੀ ਅਤੇ ਵਿਦਿਆਰਥੀਆਂ ਨੂੰ ਰਾਸ਼ਟਰੀ ਤੇ ਅੰਤਰਰਾਸ਼ਟਰੀ ਪੱਧਰ ‘ਤੇ ਮੱਲਾਂ ਮਾਰਨ ਲਈ ਤਿਆਰ ਕੀਤਾ। ਪ੍ਰੋਗਰਾਮ ਦੌਰਾਨ ਲਗਭਗ 500 ਸਨਮਾਨਿਤ ਅਧਿਆਪਕਾਂ ਨੇ ਯੂਨੀਵਰਸਿਟੀ ਦੇ ਇਸ ਉਪਰਾਲੇ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਇਸ ਨਾਲ ਉਨ੍ਹਾਂ ਨੂੰ ਭਵਿੱਖ ਵਿੱਚ ਹੋਰ ਵਧੇਰੇ ਮਿਹਨਤ ਨਾਲ ਕੰਮ ਕਰਨ ਦੀ ਪ੍ਰੇਰਣਾ ਮਿਲੀ ਹੈ। ਸਮਾਗਮ ਦੇ ਅੰਤ ਵਿੱਚ ਆਏ ਹੋਏ ਪਤਵੰਤੇ ਸੱਜਣਾਂ ਲਈ ਦੁਪਹਿਰ ਦੇ ਖਾਣੇ ਅਤੇ ਰਿਫ੍ਰੈਸ਼ਮੈਂਟ ਦਾ ਵਿਸ਼ੇਸ਼ ਪ੍ਰਬੰਧ ਕੀਤਾ ਗਿਆ ਸੀ।
