ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਚੋਣਾਂ ਦੇ ਸਮੇਂ ਦੀ ਹੱਦ ਵਧਾਈ ਜਾਵੇ : ਡਾ. ਦਲਜੀਤ ਸਿੰਘ ਚੀਮਾ


ਅਕਾਲੀ ਦਲ ਨੇ ਚੋਣ ਕਮਿਸ਼ਨ ਨੂੰ ਕੀਤੀ ਅਪੀਲ
(ਦੁਰਗੇਸ਼ ਗਾਜਰੀ)
ਚੰਡੀਗੜ੍ਹ, 11 ਦਸੰਬਰ : ਸ਼੍ਰੋਮਣੀ ਅਕਾਲੀ ਦਲ ਨੇ ਅੱਜ ਸੂਬਾ ਚੋਣ ਕਮਿਸ਼ਨ ਨੂੰ ਅਪੀਲ ਕੀਤੀ ਕਿ 14 ਦਸੰਬਰ ਨੂੰ ਬਲਾਕ ਸੰਮਤੀ ਤੇ ਜ਼ਿਲ੍ਹਾ ਪ੍ਰੀਸ਼ਦ ਚੋਣਾਂ ਵਿਚ ਵੋਟਾਂ ਪਾਉਣ ਵਾਸਤੇ ਸਮਾਂ ਸਵੇਰੇ 7.00 ਵਜੇ ਤੋਂ ਸ਼ਾਮ 5.00 ਵਜੇ ਤਕ ਕੀਤਾ ਜਾਵੇ। ਸੂਬਾ ਚੋਣ ਕਮਿਸ਼ਨ ਨੂੰ ਕੀਤੀ ਅਪੀਲ ਵਿਚ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਡਾ. ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਮੌਜੂਦਾ ਸਮੇਂ ਵਿਚ ਤੈਅ 8.00 ਵਜੇ ਸਵੇਰੇ ਤੋਂ ਸ਼ਾਮ 4.00 ਵਜੇ ਤਕ ਵੋਟਾਂ ਪਾਉਣ ਦਾ ਸਮਾਂ ਨਿਸ਼ਚਿਤ ਕੀਤਾ ਗਿਆ ਹੈ ਜੋ ਬਹੁਤ ਘੱਟ ਹੈ। ਉਹਨਾਂ ਕਿਹਾ ਕਿ ਸਮਾਂ ਹੱਦ ਸੀਮਤ ਹੋਣ ਕਾਰਨ ਗ਼ਰੀਬ ਪਰਿਵਾਰ, ਕਿਸਾਨ ਅਤੇ ਦਿਹਾੜੀਦਾਰ ਆਪਣੇ ਲੋਕਤੰਤਰੀ ਅਧਿਕਾਰ ਦੀ ਵਰਤੋਂ ਕਰਨ ਤੋਂ ਵਾਂਝੇ ਰਹਿ ਜਾਣਗੇ ਜਿਸ ਨਾਲ ਵੋਟ ਦਰ ਘਟੇਗੀ। ਡਾ. ਚੀਮਾ ਨੇ ਕਿਹਾ ਕਿ ਸੂਬਾ ਚੋਣ ਕਮਿਸ਼ਨ ਨੂੰ ਇਹ ਯਕੀਨੀ ਬਣਾਉਣਾ ਚਾਹੀਦਾ ਹੈ ਕਿ ਪੰਚਾਇਤੀ ਰਾਜ ਸੰਸਥਾਵਾਂ ਦੀਆਂ ਚੋਣਾਂ ਵਿਚ ਵੱਧ ਤੋਂ ਵੱਧ ਮਤਦਾਨ ਹੋਵੇ। ਉਹਨਾਂ ਕਿਹਾ ਕਿ ਸਮਾਂ ਵਧਾਏ ਜਾਣ ਨਾਲ ਸਮਾਜ ਦੇ ਸਾਰੇ ਵਰਗ ਆਪਣੇ ਵੋਟ ਦੇ ਅਧਿਕਾਰ ਦੀ ਵਰਤੋਂ ਕਰ ਸਕਣਗੇ। ਉਹਨਾਂ ਨੇ ਆਜ਼ਾਦ ਤੇ ਨਿਰਪੱਖ ਚੋਣਾਂ ਯਕੀਨੀ ਬਣਾਉਣ ਵਾਸਤੇ ਆਬਜ਼ਰਵਰ ਦੀ ਤਾਇਨਾਤੀ ਦੇ ਨਾਲ-ਨਾਲ ਢੁਕਵੀਂ ਸੁਰੱਖਿਆ ਵੀ ਤਾਇਨਾਤ ਕੀਤੀ ਜਾਵੇ।
