ਪੰਜਾਬ ‘ਚ ਭਾਜਪਾ ਸਰਕਾਰ ਬਣਾਉਣ ਲਈ ਅਕਾਲੀ ਦਲ ਕਰੇ ਗਠਜੋੜ : ਕੇਂਦਰੀ ਮੰਤਰੀ ਰਾਮਦਾਸ ਅਠਾਵਲੇ

0

ਕਿਹਾ, ਭਗਵੰਤ ਮਾਨ ਪ੍ਰਧਾਨ ਮੰਤਰੀ ਨਾਲ ਮੁਲਾਕਾਤ ਕਰਕੇ ਅਪਣੇ ਵਿਧਾਇਕਾਂ ਨੂੰ ਭਾਜਪਾ ‘ਚ ਕਰਾਉਣ ਸ਼ਾਮਲ

ਚੰਡੀਗੜ੍ਹ, 30 ਅਪ੍ਰੈਲ (ਦੁਰਗੇਸ਼ ਗਾਜਰੀ) : ਕੇਂਦਰੀ ਸਮਾਜਿਕ ਨਿਆਂ ਅਤੇ ਅਧਿਕਾਰਤਾ ਰਾਜ ਮੰਤਰੀ ਰਾਮਦਾਸ ਅਠਾਵਲੇ ਨੇ ਚੰਡੀਗੜ੍ਹ, ਪੰਚਕੂਲਾ ਅਤੇ ਮੋਹਾਲੀ ਦੇ ਦੌਰੇ ਦੌਰਾਨ ਪੰਜਾਬ ਦੀ ਸਿਆਸਤ ਅਤੇ ਗਠਜੋੜ ਦੀ ਲੋੜ ‘ਤੇ ਵੱਡਾ ਬਿਆਨ ਦਿੱਤਾ ਹੈ। ਉਨ੍ਹਾਂ ਕਿਹਾ ਕਿ 2027 ਵਿੱਚ ਪੰਜਾਬ ਵਿੱਚ ਭਾਜਪਾ ਦੀ ਮਜ਼ਬੂਤ ਸਰਕਾਰ ਬਣਾਉਣ ਲਈ ਸ਼੍ਰੋਮਣੀ ਅਕਾਲੀ ਦਲ ਨੂੰ ਭਾਜਪਾ ਨਾਲ ਗਠਜੋੜ ਕਰਨਾ ਚਾਹੀਦਾ ਹੈ. ਅਠਾਵਲੇ ਨੇ ਪੰਜਾਬ ਦੀ ਮੌਜੂਦਾ ਸਥਿਤੀ ‘ਤੇ ਟਿੱਪਣੀ ਕਰਦਿਆਂ ਦਾਅਵਾ ਕੀਤਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਟੁੱਟਣ ਦੇ ਕੰਢੇ ‘ਤੇ ਹੈ ਤੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਚਾਹੀਦਾ ਹੈ ਕਿ ਉਹ ਪ੍ਰਧਾਨ ਮੰਤਰੀ ਨਾਲ ਮੁਲਾਕਾਤ ਕਰਕੇ ਆਪਣੇ ਵਿਧਾਇਕਾਂ ਨੂੰ ਭਾਜਪਾ ਵਿੱਚ ਸ਼ਾਮਲ ਕਰਵਾਉਣ ਬਾਰੇ ਵਿਚਾਰ ਕਰਨ। ਉਨ੍ਹਾਂ ਅਰਵਿੰਦ ਕੇਜਰੀਵਾਲ ‘ਤੇ ਭ੍ਰਿਸ਼ਟਾਚਾਰ ਦੇ ਨਾਂ ‘ਤੇ ਸੱਤਾ ਹਾਸਲ ਕਰਨ ਦੇ ਇਲਜ਼ਾਮ ਲਾਉਂਦਿਆਂ ਕਿਹਾ ਕਿ ‘ਆਪ’ ਦੇ ਸਾਂਸਦ ਖੁਦ ਭਾਜਪਾ ਵਿੱਚ ਸ਼ਾਮਲ ਹੋ ਰਹੇ ਹਨ ਅਤੇ ਐਨ.ਡੀ.ਏ. ਦੇ ਦਰਵਾਜ਼ੇ ਸਭ ਲਈ ਖੁੱਲ੍ਹੇ ਹਨ।ਸੰਵਿਧਾਨ ਦੇ ਮੁੱਦੇ ‘ਤੇ ਗੱਲ ਕਰਦਿਆਂ ਮੰਤਰੀ ਅਠਾਵਲੇ ਨੇ ਸਪੱਸ਼ਟ ਕੀਤਾ ਕਿ ਬਾਬਾ ਸਾਹਿਬ ਅੰਬੇਡਕਰ ਵੱਲੋਂ ਲਿਖੇ ਸੰਵਿਧਾਨ ਨੂੰ ਬਦਲਣ ਦੀ ਕਿਸੇ ਵਿੱਚ ਹਿੰਮਤ ਨਹੀਂ ਹੈ। ਉਨ੍ਹਾਂ ਦੋਸ਼ ਲਾਇਆ ਕਿ ਰਾਹੁਲ ਗਾਂਧੀ ਅਤੇ ਅਖਿਲੇਸ਼ ਯਾਦਵ ਵਰਗੇ ਵਿਰੋਧੀ ਆਗੂਆਂ ਨੇ ਚੋਣਾਂ ਦੌਰਾਨ ਸੰਵਿਧਾਨ ਬਦਲਣ ਅਤੇ ਰਾਖਵਾਂਕਰਨ ਖ਼ਤਮ ਕਰਨ ਬਾਰੇ ਗਲਤ ਪ੍ਰਚਾਰ ਕੀਤਾ, ਜਿਸ ਕਾਰਨ ਐਨ.ਡੀ.ਏ. ਨੂੰ ਸਿਆਸੀ ਨੁਕਸਾਨ ਝੱਲਣਾ ਪਿਆ। ਦੇਸ਼ ਦੀ ਆਰਥਿਕ ਤਰੱਕੀ ਦਾ ਜ਼ਿਕਰ ਕਰਦਿਆਂ ਉਨ੍ਹਾਂ ਦੱਸਿਆ ਕਿ ਭਾਰਤ ਹੁਣ ਦੁਨੀਆ ਦੀ ਚੌਥੀ ਸਭ ਤੋਂ ਵੱਡੀ ਆਰਥਿਕਤਾ ਬਣ ਗਿਆ ਹੈ ਅਤੇ ‘ਮੇਕ ਇਨ ਇੰਡੀਆ’ ਦੀ ਮਦਦ ਨਾਲ ਜਲਦੀ ਹੀ ਤੀਜੇ ਅਤੇ ਫਿਰ ਪਹਿਲੇ ਨੰਬਰ ‘ਤੇ ਪਹੁੰਚ ਜਾਵੇਗਾ। ਇਸ ਤੋਂ ਇਲਾਵਾ ਉਨ੍ਹਾਂ ਨੇ ਆਪਣੀ ਪਾਰਟੀ ਨੂੰ ਅਗਲੇ 5 ਸਾਲਾਂ ਵਿੱਚ ਰਾਸ਼ਟਰੀ ਪਾਰਟੀ ਬਣਾਉਣ ਦਾ ਟੀਚਾ ਵੀ ਦੱਸਿਆ ਅਤੇ ਪੱਛਮੀ ਬੰਗਾਲ ਵਿੱਚ ਭਾਜਪਾ ਨੂੰ ਪੂਰਨ ਸਮਰਥਨ ਦੇਣ ਦੀ ਗੱਲ ਦੁਹਰਾਈ।

Leave a Reply

Your email address will not be published. Required fields are marked *