ਰਾਮਾਂ ਮੰਡੀ ਕਮਾਲੁ ਰੋਡ ‘ਤੇ ਨਗਰ ਕੌਂਸਲ ਦੀ ਜਗ੍ਹਾ ‘ਤੇ ਨਜ਼ਾਇਜ਼ ਕਬਜ਼ੇ ਦੇ ਦੋਸ਼

ਰਾਮਾ ਮੰਡੀ, (ਅਸ਼ੋਕ ਕੁਮਾਰ) (ਬਠਿੰਡਾ) — ਰਾਮਾਂ ਮੰਡੀ ਦੇ ਕਮਾਲੁ ਰੋਡ ‘ਤੇ ਨਗਰ ਕੌਂਸਲ ਦੀ ਸਰਕਾਰੀ ਜਗ੍ਹਾ ‘ਤੇ ਨਜ਼ਾਇਜ਼ ਕਬਜ਼ੇ ਦੇ ਦੋਸ਼ ਸਾਹਮਣੇ ਆਏ ਹਨ। ਇਲਾਕਾ ਵਾਸੀਆਂ ਦਾ ਕਹਿਣਾ ਹੈ ਕਿ ਕੁਝ ਲੋਕਾਂ ਵੱਲੋਂ ਬਿਨਾਂ ਮਨਜ਼ੂਰੀ ਸਰਕਾਰੀ ਜਗ੍ਹਾ ‘ਤੇ ਕਬਜ਼ਾ ਕਰਕੇ ਉਸਾਰੀ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਸਥਾਨਕ ਨਿਵਾਸੀਆਂ ਨੇ ਦੱਸਿਆ ਕਿ ਇਸ ਮਾਮਲੇ ਬਾਰੇ ਕਈ ਵਾਰ ਪ੍ਰਸ਼ਾਸਨ ਅਤੇ ਨਗਰ ਕੌਂਸਲ ਅਧਿਕਾਰੀਆਂ ਨੂੰ ਜਾਣਕਾਰੀ ਦਿੱਤੀ ਗਈ ਹੈ, ਪਰ ਹੁਣ ਤੱਕ ਕੋਈ ਢੁੱਕਵੀਂ ਕਾਰਵਾਈ ਨਹੀਂ ਹੋਈ। ਲੋਕਾਂ ਦਾ ਦੋਸ਼ ਹੈ ਕਿ ਜੇ ਸਮੇਂ ਸਿਰ ਕਾਰਵਾਈ ਨਾ ਹੋਈ ਤਾਂ ਸਰਕਾਰੀ ਜਾਇਦਾਦ ਨੂੰ ਵੱਡਾ ਨੁਕਸਾਨ ਹੋ ਸਕਦਾ ਹੈ। ਇਲਾਕਾ ਵਾਸੀਆਂ ਨੇ ਪ੍ਰਸ਼ਾਸਨ ਤੋਂ ਮੰਗ ਕੀਤੀ ਹੈ ਕਿ ਮਾਮਲੇ ਦੀ ਜਾਂਚ ਕਰਕੇ ਨਜ਼ਾਇਜ਼ ਕਬਜ਼ਾ ਤੁਰੰਤ ਹਟਾਇਆ ਜਾਵੇ ਅਤੇ ਦੋਸ਼ੀਆਂ ਖ਼ਿਲਾਫ਼ ਕਾਨੂੰਨੀ ਕਾਰਵਾਈ ਕੀਤੀ ਜਾਵੇ। ਇੱਥੇ ਦੱਸਣਾ ਬਣਦਾ ਹੈ ਕਿ ਇਹ ਕਬਜ਼ਾ 2020 ਸਾਲ ਦੇ ਕਰੀਬ ਕੀਤਾ ਗਿਆ ਸੀ। ਦੂਜੇ ਪਾਸੇ, ਨਗਰ ਕੌਂਸਲ ਦੇ ਅਧਿਕਾਰੀਆਂ ਦਾ ਕਹਿਣਾ ਹੈ ਕਿ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਜੇਕਰ ਕਬਜ਼ਾ ਗੈਰਕਾਨੂੰਨੀ ਪਾਇਆ ਗਿਆ ਤਾਂ ਬਣਦੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।
