ਅੰਮ੍ਰਿਤਪਾਲ ਸਿੰਘ ਦੀ ਅਜਨਾਲਾ ਅਦਾਲਤ ’ਚ ਵੀਡੀਓ ਕਾਨਫ਼ਰਸਿੰਗ ਰਾਹੀਂ ਪੇਸ਼ੀ ਅੱਜ

0

ਅਕਾਲੀ ਦਲ ਵਾਰਿਸ ਪੰਜਾਬ ਦੇ ਮੁਖੀ ਤੇ ਸ੍ਰੀ ਖਡੂਰ ਸਾਹਿਬ ਤੋਂ ਮੈਂਬਰ ਪਾਰਲੀਮੈਂਟ ਅੰਮ੍ਰਿਤਪਾਲ ਸਿੰਘ ਦੀ ਐਨ.ਐਸ.ਏ. ਖ਼ਤਮ ਹੋਣ ਉਪਰੰਤ ਅੰਮ੍ਰਿਤਸਰ ਦਿਹਾਤੀ ਪੁਲੀਸ ਵਲੋਂ ਅੱਜ ਵੀਡੀਓ ਕਾਨਫ਼ਰਸਿੰਗ ਰਾਹੀਂ ਅਜਨਾਲਾ ਅਦਾਲਤ ਵਿਚ ਪੇਸ਼ ਕੀਤਾ ਜਾਵੇਗਾ। ਹਾਲਾਂਕਿ ਐਨ.ਐਸ.ਏ. ਖ਼ਤਮ ਹੋਣ ਤੋਂ ਬਾਅਦ ਅੰਮ੍ਰਿਤਪਾਲ ਨੂੰ ਇਕ ਵਾਰ ਡਿਬਰੂਗੜ੍ਹ ਜੇਲ੍ਹ ਵਿਚੋਂ ਰਿਹਾਅ ਕੀਤਾ ਜਾਵੇਗਾ ਤੇ ਤੁਰੰਤ ਪੁਲੀਸ ਵਲੋਂ ਉਸ ਦੀ ਗ੍ਰਿਫ਼ਤਾਰੀ ਪਾ ਕੇ ਉਸ ਨੂੰ ਅਦਾਲਤ ਵਿਚ ਪੇਸ਼ ਕਰਕੇ ਪੁਲੀਸ ਰਿਮਾਂਡ ਵੀ ਮੰਗਿਆ ਜਾਵੇਗਾ।

ਜਾਣਕਾਰੀ ਅਨੁਸਾਰ ਅੰਮ੍ਰਿਤਸਰ (ਦਿਹਾਤੀ) ਪੁਲੀਸ ਫਰਵਰੀ 2023 ਦੇ ਅਜਨਾਲਾ ਥਾਣਾ ਹਮਲੇ ਦੇ ਸਬੰਧ ਵਿੱਚ ਖਡੂਰ ਸਾਹਿਬ ਦੇ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਨੂੰ ਰਸਮੀ ਤੌਰ ’ਤੇ ਗ੍ਰਿਫ਼ਤਾਰ ਕਰਨ ਲਈ ਅਸਾਮ ਦੇ ਡਿਬਰੂਗੜ੍ਹ ਪਹੁੰਚ ਗਈ ਹੈ। ਕੌਮੀ ਸੁਰੱਖਿਆ ਕਾਨੂੰਨ (ਐੱਨ ਐੱਸ ਏ) ਤਹਿਤ ਅੰਮ੍ਰਿਤਪਾਲ ਦੀ ਨਜ਼ਰਬੰਦੀ ਖ਼ਤਮ ਹੋਣ ਤੋਂ ਬਾਅਦ ਉਸ ਨੂੰ ਅੱਜ 23 ਅਪਰੈਲ ਨੂੰ ਗ੍ਰਿਫ਼ਤਾਰ ਕੀਤੇ ਜਾਣ ਦੀ ਸੰਭਾਵਨਾ ਹੈ। ਜ਼ਿਕਰਯੋਗ ਹੈ ਕਿ ਅੰਮ੍ਰਿਤਪਾਲ ਸਿੰਘ 23 ਅਪਰੈਲ, 2023 ਤੋਂ ਡਿਬਰੂਗੜ੍ਹ ਕੇਂਦਰੀ ਜੇਲ੍ਹ ਵਿੱਚ ਨਜ਼ਰਬੰਦ ਹੈ। ਉਸ ਦੇ ਸਾਥੀ ਪਪਲਪ੍ਰੀਤ ਸਿੰਘ, ਦਲਜੀਤ ਸਿੰਘ ਕਲਸੀ, ਕੁਲਵੰਤ ਸਿੰਘ, ਵਰਿੰਦਰ ਜੌਹਲ, ਗੁਰਮੀਤ ਸਿੰਘ ਬੁੱਕਣਵਾਲਾ, ਉਸ ਦੇ ਚਾਚਾ ਹਰਜੀਤ ਸਿੰਘ, ਬਸੰਤ ਸਿੰਘ, ਗੁਰਿੰਦਰ ਸਿੰਘ ਔਜਲਾ ਅਤੇ ਭਗਵੰਤ ਸਿੰਘ ਨੂੰ ਵੀ ਐੱਨ ਐੱਸ ਏ ਅਤੇ ਹੋਰ ਦੋਸ਼ਾਂ ਤਹਿਤ ਹਿਰਾਸਤ ਵਿੱਚ ਲਿਆ ਗਿਆ ਸੀ। ਇਨ੍ਹਾਂ ਸਾਰਿਆਂ ਨੂੰ ਪਿਛਲੇ ਸਾਲ ਪੰਜਾਬ ਲਿਆਂਦਾ ਗਿਆ ਸੀ ਅਤੇ ਹੁਣ ਉਹ ਅਜਨਾਲਾ ਦੀ ਅਦਾਲਤ ਵਿੱਚ ਕੇਸ ਦਾ ਸਾਹਮਣਾ ਕਰ ਰਹੇ ਹਨ। ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਤਿੰਨ ਦਿਨ ਪਹਿਲਾਂ ਪੰਜਾਬ ਸਰਕਾਰ ਨੂੰ ਇਹ ਇਜਾਜ਼ਤ ਦੇ ਦਿੱਤੀ ਸੀ ਕਿ ਅਜਨਾਲਾ ਕੇਸ ਵਿੱਚ ਗ੍ਰਿਫ਼ਤਾਰੀ ਪਾਉਣ ਤੋਂ ਬਾਅਦ (ਭਾਵੇਂ ਅੰਮ੍ਰਿਤਪਾਲ ‘ਤੇ ਲੱਗੇ ਐੱਨ ਐੱਸ ਏ ਦੀ ਮਿਆਦ ਖ਼ਤਮ ਹੋ ਜਾਵੇ) ਵੀ ਉਸ ਨੂੰ ਡਿਬਰੂਗੜ੍ਹ ਜੇਲ੍ਹ ਵਿੱਚ ਹੀ ਰੱਖਿਆ ਜਾ ਸਕਦਾ ਹੈ।

Leave a Reply

Your email address will not be published. Required fields are marked *