ਅੰਮ੍ਰਿਤਸਰ ਪੁਲਿਸ ਨੇ ਸਰਹੱਦ ਪਾਰ ਤਸਕਰੀ ਮਾਡਿਊਲ ਦਾ ਕੀਤਾ ਪਰਦਾਫਾਸ਼

ਅੰਮ੍ਰਿਤਸਰ ਪੁਲਿਸ ਨੇ ਸਰਹੱਦ ਪਾਰ ਤਸਕਰੀ
ਚੰਡੀਗੜ੍ਹ/ਅੰਮ੍ਰਿਤਸਰ, 27 ਜੁਲਾਈ: ਪੰਜਾਬ ਨੂੰ ਨਸ਼ਾ ਅਤੇ ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਤੋਂ ਮੁਕਤ ਕਰਨ ਲਈ ਚਲਾਈ ਜਾ ਰਹੀ ਮੁਹਿੰਮ ਤਹਿਤ ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਸਰਹੱਦ ਪਾਰ ਚੱਲ ਰਹੇ ਇੱਕ ਤਸਕਰੀ ਮਾਡਿਊਲ ਦਾ ਪਰਦਾਫਾਸ਼ ਕਰਦਿਆਂ ਚਾਰ ਨੌਜਵਾਨਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਨੇ ਮੁਲਜ਼ਮਾਂ ਦੇ ਕਬਜ਼ੇ ਵਿੱਚੋਂ ਪੰਜ ਆਧੁਨਿਕ .30 ਬੋਰ ਪਿਸਤੌਲ, 2.015 ਕਿਲੋਗ੍ਰਾਮ ਹੈਰੋਇਨ ਅਤੇ 5 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਹੈ।
ਡੀਜੀਪੀ ਪੰਜਾਬ ਗੌਰਵ ਯਾਦਵ ਨੇ ਦੱਸਿਆ ਕਿ ਮੁੱਢਲੀ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਮੁਲਜ਼ਮ ਸਰਹੱਦ ਪਾਰੋਂ ਗੈਰ-ਕਾਨੂੰਨੀ ਹਥਿਆਰਾਂ ਅਤੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਨਾਲ ਜੁੜੇ ਹੋਏ ਸਨ। ਉਨ੍ਹਾਂ ਕਿਹਾ ਕਿ ਨੈੱਟਵਰਕ ਦੇ ਹੋਰ ਮੈਂਬਰਾਂ ਅਤੇ ਇਸ ਦੇ ਪਿੱਛੇ ਕੰਮ ਕਰ ਰਹੇ ਕਾਰਟੈਲ ਦੀ ਪਛਾਣ ਲਈ ਜਾਂਚ ਜਾਰੀ ਹੈ।
5 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਕਾਬੂ
ਗ੍ਰਿਫ਼ਤਾਰ ਮੁਲਜ਼ਮਾਂ ਦੀ ਪਛਾਣ ਬਿੱਟੂ ਕੁਮਾਰ ਉਰਫ਼ ਭਈਆ (20), ਸਾਹਿਬ ਸਿੰਘ (21), ਸੰਜੀਵ ਕੁਮਾਰ ਉਰਫ਼ ਨੰਨੂ (22) ਅਤੇ ਸੰਦੀਪ ਕੁਮਾਰ ਉਰਫ਼ ਸੰਨੀ (22) ਵਜੋਂ ਹੋਈ ਹੈ। ਪੁਲਿਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਨੇ ਦੱਸਿਆ ਕਿ ਭਰੋਸੇਯੋਗ ਖੁਫੀਆ ਜਾਣਕਾਰੀ ਦੇ ਆਧਾਰ ‘ਤੇ ਪਹਿਲਾਂ ਬਿੱਟੂ ਅਤੇ ਸਾਹਿਬ ਸਿੰਘ ਨੂੰ ਇੱਕ ਪਿਸਤੌਲ ਸਮੇਤ ਕਾਬੂ ਕੀਤਾ ਗਿਆ। ਉਨ੍ਹਾਂ ਦੀ ਪੁੱਛਗਿੱਛ ਦੌਰਾਨ ਦੋ ਹੋਰ ਪਿਸਤੌਲ ਬਰਾਮਦ ਹੋਏ।
ਜਾਂਚ ਅੱਗੇ ਵਧਾਉਣ ‘ਤੇ ਦੋਵਾਂ ਨੇ ਨਸ਼ਾ ਤਸਕਰੀ ਵਿੱਚ ਵੀ ਆਪਣੀ ਸ਼ਮੂਲੀਅਤ ਕਬੂਲੀ, ਜਿਸ ਦੇ ਆਧਾਰ ‘ਤੇ ਪੁਲਿਸ ਨੇ ਸੰਜੀਵ ਅਤੇ ਸੰਦੀਪ ਨੂੰ ਗ੍ਰਿਫ਼ਤਾਰ ਕਰਕੇ 2.015 ਕਿਲੋਗ੍ਰਾਮ ਹੈਰੋਇਨ ਅਤੇ 5 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ। ਬਾਅਦ ਵਿੱਚ ਸੰਦੀਪ ਦੀ ਨਿਸ਼ਾਨਦੇਹੀ ‘ਤੇ ਹੋਰ ਦੋ ਪਿਸਤੌਲ ਵੀ ਬਰਾਮਦ ਕੀਤੇ ਗਏ।
ਸੀਪੀ ਗੁਰਪ੍ਰੀਤ ਸਿੰਘ ਭੁੱਲਰ ਨੇ ਦੱਸਿਆ ਕਿ ਗ੍ਰਿਫ਼ਤਾਰ ਕੀਤਾ ਗਿਆ ਬਿੱਟੂ ਉਰਫ਼ ਭਈਆ ਪਹਿਲਾਂ ਵੀ ਅਸਲਾ ਐਕਟ ਅਤੇ ਚੋਰੀ ਨਾਲ ਸਬੰਧਤ ਕਈ ਮਾਮਲਿਆਂ ਵਿੱਚ ਲੋੜੀਂਦਾ ਰਿਹਾ ਹੈ। ਉਨ੍ਹਾਂ ਕਿਹਾ ਕਿ ਚਾਰੇ ਮੁਲਜ਼ਮ ਨੌਜਵਾਨ ਹਨ ਅਤੇ ਇਹ ਪਤਾ ਲਗਾਉਣ ਲਈ ਜਾਂਚ ਕੀਤੀ ਜਾ ਰਹੀ ਹੈ ਕਿ ਉਹ ਸਰਹੱਦ ਪਾਰ ਬੈਠੇ ਤਸਕਰਾਂ ਨਾਲ ਕਿਸ ਤਰ੍ਹਾਂ ਸੰਪਰਕ ਵਿੱਚ ਸਨ।
ਇਸ ਸਬੰਧੀ ਥਾਣਾ ਸਦਰ ਅੰਮ੍ਰਿਤਸਰ ਵਿਖੇ ਅਸਲਾ ਐਕਟ ਅਤੇ ਐਨਡੀਪੀਐਸ ਐਕਟ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਪਹਿਲਾਂ ਹੀ ਕੇਸ ਦਰਜ ਹੈ। ਪੁਲਿਸ ਦਾ ਕਹਿਣਾ ਹੈ ਕਿ ਇਸ ਮਾਡਿਊਲ ਨਾਲ ਜੁੜੇ ਹੋਰ ਵਿਅਕਤੀਆਂ ਦੀ ਪਛਾਣ ਅਤੇ ਗ੍ਰਿਫ਼ਤਾਰੀ ਲਈ ਕਾਰਵਾਈ ਜਾਰੀ ਹੈ।
