ਥਾਰ ਵਾਲੀ ਬਰਖ਼ਾਸਤ ਮਹਿਲਾ ਹੌਲਦਾਰ ਅਮਨਦੀਪ ਕੌਰ ਦੀ ਜ਼ਮਾਨਤ ਪਟੀਸ਼ਨ ਰੱਦ


ਬਠਿੰਡਾ, 7 ਜੁਲਾਈ (ਨਿਊਜ਼ ਟਾਊਨ ਨੈਟਵਰਕ) : ਪੰਜਾਬ ਪੁਲਿਸ ਦੀ ਬਰਖ਼ਾਸਤ ਮਹਿਲਾ ਹੌਲਦਾਰ ਅਤੇ ਬਠਿੰਡਾ ਵਿਚ ਨਸ਼ੀਲੇ ਪਦਾਰਥਾਂ ਦੀ ਤਸਕਰੀ ਦੇ ਮਾਮਲੇ ਕਾਰਨ ਖ਼ਬਰਾਂ ਵਿਚ ਆਈ ਥਾਰ ਵਾਲੀ ਬੀਬੀ ਅਮਨਦੀਪ ਕੌਰ ਦੀਆਂ ਮੁਸੀਬਤਾਂ ਘੱਟ ਹੋਣ ਦਾ ਨਾਮ ਨਹੀਂ ਲੈ ਰਹੀਆਂ ਹਨ। ਥਾਰ ਵਾਲੀ ਹੌਲਦਾਰ ਅਮਨਦੀਪ ਕੌਰ ਨੂੰ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿਚ ਵਿਜੀਲੈਂਸ ਤੋਂ ਰਾਹਤ ਨਹੀਂ ਮਿਲੀ ਹੈ। ਬਰਖਾਸਤ ਹੌਲਦਾਰ ਨੇ ਅਦਾਲਤ ਵਿਚ ਜ਼ਮਾਨਤ ਪਟੀਸ਼ਨ ਦਾਇਰ ਕੀਤੀ ਸੀ ਪਰ ਅਦਾਲਤ ਨੇ ਉਸਦੀ ਪਟੀਸ਼ਨ ਰੱਦ ਕਰ ਦਿਤੀ ਹੈ।
ਜ਼ਿਕਰਯੋਗ ਹੈ ਕਿ ਅਮਨਦੀਪ ਕੌਰ ਇਸ ਸਮੇਂ ਬਠਿੰਡਾ ਜੇਲ੍ਹ ਵਿਚ ਬੰਦ ਹੈ, ਜਿਸਨੂੰ ਵਿਜੀਲੈਂਸ ਬਿਊਰੋ ਦੀ ਟੀਮ ਨੇ 26 ਮਈ ਨੂੰ ਪਿੰਡ ਬਾਦਲ ਦੇ ਇਕ ਮਸ਼ਹੂਰ ਗਾਇਕ ਦੇ ਘਰ ਤੋਂ ਗ੍ਰਿਫ਼ਤਾਰ ਕੀਤਾ ਸੀ। ਇਸ ਤੋਂ ਬਾਅਦ ਉਹ ਵਿਜੀਲੈਂਸ ਕੋਲ ਪੁਲਿਸ ਰਿਮਾਂਡ ‘ਤੇ ਵੀ ਸੀ, ਪਰ ਅਚਾਨਕ ਸਿਹਤ ਖਰਾਬ ਹੋਣ ਕਾਰਨ ਉਸਨੂੰ ਏਮਜ਼ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ ਸੀ। ਇਸ ਤੋਂ ਬਾਅਦ ਅਦਾਲਤ ਨੇ ਉਸਨੂੰ ਨਿਆਂਇਕ ਹਿਰਾਸਤ ਵਿਚ ਜੇਲ੍ਹ ਭੇਜ ਦਿਤਾ ਸੀ। ਜਿਥੋਂ ਉਸਨੇ ਹੁਣ ਇਹ ਜ਼ਮਾਨਤ ਪਟੀਸ਼ਨ ਦਾਇਰ ਕੀਤੀ ਸੀ, ਪਰ ਹੁਣ ਅਦਾਲਤ ਨੇ ਉਸਦੀ ਪਟੀਸ਼ਨ ਰੱਦ ਕਰ ਦਿਤੀ ਹੈ।
