ਭਗਵੰਤ ਸਿੰਘ ਮਾਨ ਅਤੇ ਅਰਵਿੰਦ ਕੇਜਰੀਵਾਲ ਵਲੋਂ ਸ਼ਹੀਦਾਂ ਦੇ ਸੁਪਨੇ ਸਾਕਾਰ ਕਰਨ ਦਾ ਸੰਕਲਪ

0
WhatsApp Image 2025-07-31 at 7.13.20 PM

ਪਿਛਲੀਆਂ ਸਰਕਾਰਾਂ ਨੇ ਪੰਜਾਬ ਵਾਸੀਆਂ ਅਤੇ ਮਹਾਨ ਸ਼ਹੀਦਾਂ ਨੂੰ ਵਿਸਾਰ ਦਿਤਾ ਸੀ : ਕੇਜਰੀਵਾਲ
(ਧਰਮਵੀਰ ਸਿੰਘ)
ਸੁਨਾਮ, 31 ਜੁਲਾਈ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਅੱਜ ਆਪਣੇ ਸੰਕਲਪ ਨੂੰ ਦੁਹਰਾਉਂਦਿਆਂ ਕਿਹਾ ਕਿ ਸਮਾਜ ਦੇ ਹਰੇਕ ਤਬਕੇ ਦੀ ਭਲਾਈ ਨੂੰ ਯਕੀਨੀ ਬਣਾ ਕੇ ਸ਼ਹੀਦਾਂ ਦੇ ਸਾਕਾਰ ਕੀਤੇ ਜਾਣਗੇ। ਅੱਜ ਇਥੇ ਸ਼ਹੀਦ ਊਧਮ ਸਿੰਘ ਵਾਲਾ ਨਗਰ ਦੇ ਵਿਕਾਸ ਲਈ 85 ਕਰੋੜ ਰੁਪਏ ਦੀ ਲਾਗਤ ਵਾਲੇ ਪ੍ਰਾਜੈਕਟਾਂ ਦਾ ਨੀਂਹ ਪੱਥਰ ਰੱਖਣ ਤੋਂ ਬਾਅਦ ਇਕੱਠ ਨੂੰ ਸੰਬੋਧਨ ਕਰਦਿਆਂ ਆਪ ਦੇ ਕੌਮੀ ਕਨਵੀਨਰ ਨੇ ਕਿਹਾ ਕਿ ਸ਼ਹੀਦ ਊਧਮ ਸਿੰਘ ਨੇ ਆਪਣੇ ਦੇਸ਼ ਨੂੰ ਗੁਲਾਮੀ ਦੀ ਦਲਦਲ ਵਿੱਚੋਂ ਬਾਹਰ ਕੱਢਣ ਲਈ ਲਾਮਿਸਾਲ ਕੁਰਬਾਨੀ ਦਿੱਤੀ। ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਮਹਾਨ ਸ਼ਹੀਦ ਨੂੰ ਸ਼ਰਧਾ ਦੇ ਫੁੱਲ ਭੇਟ ਕਰਨ ਲਈ ਰੱਖੇ ਸਮਾਗਮ ਵਿੱਚ ਸ਼ਿਰਕਤ ਕਰਨਾ ਉਨ੍ਹਾਂ ਲਈ ਬਹੁਤ ਮਾਣ ਤੇ ਸਕੂਨ ਵਾਲੀ ਗੱਲ ਹੈ। ਉਨ੍ਹਾਂ ਕਿਹਾ ਕਿ ਦੇਸ਼ ਦੇ ਆਜ਼ਾਦੀ ਸੰਘਰਸ਼ ਦੌਰਾਨ ਵੱਡੀ ਗਿਣਤੀ ਵਿੱਚ ਪਰਵਾਨਿਆਂ ਨੇ ਕੁਰਬਾਨੀਆਂ ਦਿੱਤੀਆਂ ਤਾਂ ਕਿ ਬਰਾਬਰੀ ਵਾਲੇ ਸਮਾਜ ਦੀ ਸਿਰਜਣਾ ਕੀਤੀ ਜਾ ਸਕੇ ਜਿਸ ਨਾਲ ਕਮਜ਼ੋਰ ਅਤੇ ਦੱਬੇ-ਕੁਚਲੇ ਵਰਗਾਂ ਦੀ ਭਲਾਈ ਯਕੀਨੀ ਬਣਾਈ ਜਾ ਸਕੇਗੀ। ਆਪ ਦੇ ਕੌਮੀ ਕਨਵੀਨਰ ਨੇ ਕਿਹਾ ਕਿ ਇਹ ਬਹੁਤ ਮੰਦਭਾਗੀ ਗੱਲ ਹੈ ਕਿ ਆਜ਼ਾਦੀ ਦੇ 75 ਸਾਲ ਬਾਅਦ ਵੀ ਸ਼ਹੀਦਾਂ ਦੇ ਸੁਪਨੇ ਅਜੇ ਅਧੂਰੇ ਹਨ ਕਿਉਂਕਿ ਸੱਤਾ ਭੋਗਣ ਵਾਲੇ ਲੋਕਾਂ ਨੇ ਸਰਕਾਰੀ ਖਜ਼ਾਨੇ ਦੀ ਲੁੱਟ ਕੀਤੀ। ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਨਸ਼ਿਆਂ ਅਤੇ ਭ੍ਰਿਸ਼ਟਾਚਾਰ ਦੀਆਂ ਅਲਾਮਤਾਂ ਨਾਲ ਪੰਜਾਬ ਨੂੰ ਬਰਬਾਦ ਕਰ ਦਿੱਤਾ। ਉਨ੍ਹਾਂ ਕਿਹਾ ਕਿ ਇਨ੍ਹਾਂ ਸਿਆਸਤਦਾਨਾਂ ਨੇ ਆਪਣੇ ਨਿੱਜੀ ਹਿੱਤਾਂ ਲਈ ਲੋਕਾਂ ਦੇ ਪੈਸੇ ਨੂੰ ਬੇਰਹਿਮੀ ਨਾਲ ਲੁੱਟਿਆ। ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਸਕੂਲਾਂ ਅਤੇ ਹਸਪਤਾਲਾਂ ਦੀ ਹਾਲਤ ਬਦ ਤੋਂ ਬਦਤਰ ਹੋ ਗਈ ਸੀ ਕਿਉਂਕਿ ਪਿਛਲੀਆਂ ਸਰਕਾਰਾਂ ਨੇ ਆਮ ਲੋਕਾਂ ਨੂੰ ਮਿਆਰੀ ਸਿਹਤ ਅਤੇ ਸਿੱਖਿਆ ਮੁਹੱਈਆ ਕਰਵਾਉਣ ਲਈ ਕਦੇ ਪ੍ਰਵਾਹ ਹੀ ਨਹੀਂ ਕੀਤੀ। ਉਨ੍ਹਾਂ ਕਿਹਾ ਕਿ ਇਨ੍ਹਾਂ ਲੀਡਰਾਂ ਨੇ ਹੀ ਸੂਬੇ ਵਿੱਚ ਨਸ਼ਿਆਂ ਦਾ ਜਾਲ ਫੈਲਾਇਆ ਜਿਸ ਨੇ ਸਾਡੀ ਪੀੜ੍ਹੀਆਂ ਬਰਬਾਦ ਕਰ ਦਿੱਤੀਆਂ। ਦਿੱਲੀ ਦੇ ਸਾਬਕਾ ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਨੂੰ ਇਹ ਜਾਣ ਕੇ ਖੁਸ਼ੀ ਹੋਈ ਹੈ ਕਿ ਪੰਜਾਬ ਵਿੱਚ ਹੁਣ ਨਸ਼ਿਆਂ ਦਾ ਲੱਕ ਟੁੱਟ ਚੁੱਕਾ ਹੈ ਜਿਸ ਲਈ ਸੂਬਾ ਸਰਕਾਰ ਨੂੰ ਸਾਬਾਸ਼ ਦਿੱਤੀ ਜਾਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਜਿਸ ਢੰਗ ਨਾਲ ਸੂਬੇ ਵਿੱਚ ਨਸ਼ਾ ਵਿਰੋਧੀ ਮੁਹਿੰਮ ਚਲਾਈ ਗਈ, ਇਸ ਦਾ ਮਿਸਾਲ ਦੇਸ਼ ਦੇ ਇਤਿਹਾਸ ਵਿੱਚ ਨਹੀਂ ਮਿਲਦੀ। ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਸੂਬੇ ਵਿੱਚ ਇਮਾਨਦਾਰ ਸਰਕਾਰ ਨੇ ਬਦਨਾਮ ਅਤੇ ਖਤਰਨਾਕ ਨਸ਼ਾ ਸਰਗਣਾ ਨੂੰ ਜੇਲ੍ਹ ਦੀਆਂ ਸ਼ਲਾਖਾਂ ਪਿੱਛੇ ਸੁੱਟਿਆ ਹੈ। ਆਪ ਦੇ ਕੌਮੀ ਕਨਵੀਨਰ ਨੇ ਕਿਹਾ ਕਿ ਕੋਈ ਵੀ ਸਰਕਾਰ ਇਸ ਰਸੂਖਵਾਨ ਸਿਆਸੀ ਲੀਡਰ ਨੂੰ ਹੱਥ ਲਾਉਣ ਦੀ ਹਿੰਮਤ ਨਹੀਂ ਕਰਦੀ ਸੀ ਜੋ ਸੂਬੇ ਵਿੱਚ ਨਸ਼ੇ ਫੈਲਾਉਣ ਦਾ ਸੂਤਰਧਾਰ ਸੀ। ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਸੂਬਾ ਸਰਕਾਰ ਨੇ ਨਸ਼ਿਆਂ ਵਿਰੁੱਧ ਮਿਸਾਲੀ ਕੰਮ ਕੀਤਾ ਅਤੇ ਨਸ਼ੇ ਦੇ ਕਾਰੋਬਾਰ ਦੀਆਂ ਵੱਡੀਆਂ ਮੱਛੀਆਂ ਨੂੰ ਜੇਲ੍ਹ ਭੇਜਿਆ। ਉਨ੍ਹਾਂ ਕਿਹਾ ਕਿ ਅਜਿਹੇ ਹੋਰ ਲੋਕਾਂ ਖਿਲਾਫ਼ ਵੀ ਸਖ਼ਤ ਕਾਰਵਾਈ ਕੀਤੀ ਜਾਵੇਗੀ ਜਿਨ੍ਹਾਂ ਨੇ ਸਾਡੇ ਨੌਜਵਾਨਾਂ ਦਾ ਭਵਿੱਖ ਤਬਾਹ ਕਰ ਦਿੱਤਾ। ਉਨ੍ਹਾਂ ਕਿਹਾ ਕਿ ਇਸ ਘਿਨਾਉਣੇ ਅਪਰਾਧ ਨਾਲ ਜੁੜੇ ਕਿਸੇ ਵੀ ਵਿਅਕਤੀ ਨੂੰ ਬਖਸ਼ਿਆ ਨਹੀਂ ਜਾਵੇਗਾ। ਕੌਮੀ ਕਨਵੀਨਰ ਨੇ ਕਿਹਾ ਕਿ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਦੇ ਸ਼ਾਸਨਕਾਲ ਦੌਰਾਨ ਪੰਜਾਬ ਨੇ ਹਰ ਖੇਤਰ ਵਿੱਚ ਇਨਕਲਾਬੀ ਬਦਲਾਅ ਦੇਖੇ ਹਨ। ਉਨ੍ਹਾਂ ਦੱਸਿਆ ਕਿ ਸਕੂਲਾਂ ਨੂੰ ਅਪਗ੍ਰੇਡ ਕੀਤਾ ਜਾ ਰਿਹਾ ਹੈ, ਹਸਪਤਾਲਾਂ ਦੀ ਕਾਇਆਕਲਪ ਕੀਤੀ ਜਾ ਰਹੀ ਹੈ, ਕਿਸਾਨਾਂ ਤਕ ਨਹਿਰੀ ਪਾਣੀ ਪਹੁੰਚ ਰਿਹਾ ਹੈ, 20,000 ਕਿਲੋਮੀਟਰ ਪੇਂਡੂ ਸੜਕਾਂ ਅਤੇ ਹੋਰ ਉਸਾਰੀਆਂ ਕੀਤੀਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਇਮਾਨਦਾਰ ਸਰਕਾਰ ਸਰਕਾਰੀ ਖਜ਼ਾਨੇ ਦੇ ਇਕ-ਇਕ ਪੈਸੇ ਦੀ ਸਮਝਦਾਰੀ ਨਾਲ ਵਰਤੋਂ ਕਰਕੇ ਸ਼ਹੀਦਾਂ ਦੇ ਸੁਪਨੇ ਪੂਰਾ ਕਰਨ ਵਿੱਚ ਕੋਈ ਕਸਰ ਨਹੀਂ ਛੱਡ ਰਹੀ ਹੈ। ਉਨ੍ਹਾਂ ਕਿਹਾ ਕਿ ਲੋਕ ਭਲਾਈ ਦੇ ਇਨ੍ਹਾਂ ਨੇਕ ਕੰਮਾਂ ਲਈ ਫੰਡਾਂ ਦੀ ਕੋਈ ਕਮੀ ਨਹੀਂ ਹੈ। ਅਰਵਿੰਦ ਕੇਜਰੀਵਾਲ ਨੇ ਲੋਕਾਂ ਨੂੰ ਸੁਚੇਤ ਕੀਤਾ ਕਿ ਜੇਕਰ ਕਾਂਗਰਸ ਜਾਂ ਅਕਾਲੀ-ਭਾਜਪਾ ਕਦੇ ਵੀ ਸੂਬੇ ਵਿੱਚ ਸੱਤਾ ਵਿੱਚ ਵਾਪਸ ਆਉਂਦੀ ਹੈ ਤਾਂ ਉਹ ਆਪਣੇ ਨਖਿੱਧ ਕਾਰਗੁਜ਼ਾਰੀ ਰਾਹੀਂ ਪੰਜਾਬ ਵਿੱਚ ਚੱਲ ਰਹੇ ਵਿਕਾਸ ਨੂੰ ਫਿਰ ਤੋਂ ਪਟੜੀ ਤੋਂ ਉਤਾਰ ਦੇਣਗੇ। ਇਸ ਮੌਕੇ ਕੈਬਨਿਟ ਮੰਤਰੀ ਅਮਨ ਅਰੋੜਾ, ਹਰਪਾਲ ਸਿੰਘ ਚੀਮਾ, ਲਾਲਜੀਤ ਸਿੰਘ ਭੁੱਲਰ, ਡਾ. ਰਵਜੋਤ, ਗੁਰਮੀਤ ਸਿੰਘ ਖੁੱਡੀਆਂ, ਹਰਭਜਨ ਸਿੰਘ ਈ.ਟੀ.ਓ., ਬਰਿੰਦਰ ਕੁਮਾਰ ਗੋਇਲ ਅਤੇ ਹਰਦੀਪ ਸਿੰਘ ਮੁੰਡੀਆਂ, ਸੀਨੀਅਰ ‘ਆਪ’ ਨੇਤਾ ਮਨੀਸ਼ ਸਿਸੋਦੀਆ, ਡਿਪਟੀ ਸਪੀਕਰ ਪੰਜਾਬ ਵਿਧਾਨ ਸਭਾ ਜੈ ਕਿਸ਼ਨ ਸਿੰਘ ਰੋੜੀ, ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ, ਜਗਦੀਪ ਕੰਬੋਜ ਗੋਲਡੀ, ਪ੍ਰੋਫੈਸਰ ਬਲਜਿੰਦਰ ਕੌਰ ਅਤੇ ਹੋਰ ਖ਼ਖਸੀਅਤਾਂ ਵੀ ਹਾਜ਼ਰ ਸਨ।

Leave a Reply

Your email address will not be published. Required fields are marked *