ਬੀਬੀ ਖਾਲੜਾ ਨੇ ਤਰਨਤਾਰਨ ਦੀ ਜ਼ਿਮਨੀ ਚੋਣ ਲੜਨ ਤੋਂ ਕੀਤਾ ਇਨਕਾਰ


ਸ਼੍ਰੋਮਣੀ ਅਕਾਲੀ ਦਲ (ਵਾਰਿਸ ਪੰਜਾਬ ਦੇ) ਨੂੰ ਲੱਗਾ ਧੱਕਾ
ਤਰਨਤਾਰਨ, 9 ਜੁਲਾਈ (ਨਿਊਜ਼ ਟਾਊਨ ਨੈਟਵਰਕ) : ਸ਼੍ਰੋਮਣੀ ਅਕਾਲੀ ਦਲ (ਵਾਰਿਸ ਪੰਜਾਬ ਦੇ) ਨੂੰ ਉਸ ਵੇਲੇ ਧੱਕਾ ਲੱਗਾ ਜਦ ਭਾਈ ਜਸਵੰਤ ਸਿੰਘ ਖਾਲੜਾ ਦੀ ਪਤਨੀ ਅਤੇ ਸਮਾਜ ਸੇਵੀ ਬੀਬੀ ਪਰਮਜੀਤ ਕੌਰ ਖਾਲੜਾ ਨੇ ਤਰਨਤਾਰਨ ਦੀ ਜ਼ਿਮਨੀ ਚੋਣ ਲੜਨ ਤੋਂ ਇਨਕਾਰ ਕਰ ਦਿਤਾ। ਖਾਲੜਾ ਮਿਸ਼ਨ ਆਰਗੇਨਾਈਜ਼ੇਸ਼ਨ ਵਲੋਂ ਇਹ ਫ਼ੈਸਲਾ ਲਿਆ ਗਿਆ ਹੈ। ਖਾਲੜਾ ਮਿਸ਼ਨ ਆਰਗੇਨਾਈਜ਼ੇਸ਼ਨ ਦੀ ਅਹਿਮ ਇਕੱਤਰਤਾ ਹੋਈ ਜਿਸ ਮਗਰੋਂ ਖਾਲੜਾ ਮਿਸ਼ਨ ਆਰਗੇਨਾਈਜ਼ੇਸ਼ਨ ਨੇ ਕਿਹਾ ਕਿ ਬੀਬੀ ਪਰਮਜੀਤ ਕੌਰ ਖਾਲੜਾ ਵਿਧਾਨ ਸਭਾ ਹਲਕਾ ਤਰਨਤਾਰਨ ਦੀ ਜ਼ਿਮਨੀ ਚੋਣ ਹੀ ਨਹੀਂ ਸਗੋਂ ਕੋਈ ਵੀ ਚੋਣ ਨਹੀਂ ਲੜਣਗੇ। ਇਸ ਤੋਂ ਇਲਾਵਾ ਜਥੇਬੰਦੀ ਨੇ ਇਹ ਵੀ ਕਿਹਾ ਕਿ ਬੀਬੀ ਪਰਮਜੀਤ ਕੌਰ ਖਾਲੜਾ ਨੇ ਖ਼ਡੂਰ ਸਾਹਿਬ ਤੋਂ ਸੰਸਦੀ ਚੋਣਾਂ ਦੁਸ਼ਟਾਂ-ਪਾਪੀਆਂ ਨੂੰ ਬੇਨਕਾਬ ਕਰਨ ਲਈ ਲੜੀਆਂ ਸਨ ਜਿਸ ਦੌਰਾਨ ਸਿੱਖ ਪੰਥ ਨੇ ਸਹਿਯੋਗ ਦਿਤਾ। ਉਨ੍ਹਾਂ ਅੱਗੇ ਕਿਹਾ ਕਿ ਚੋਣਾਂ ਲੜਨਾ ਪੇਸ਼ਾ ਨਹੀਂ ਹੈ, ਸਿਰਫ਼ ਵਿਸ਼ੇਸ਼ ਹਾਲਤ ’ਚ ਚੋਣ ਲੜਨ ਦਾ ਫ਼ੈਸਲਾ ਲਿਆ ਸੀ। ਜਥੇਬੰਦੀ ਨੇ ਕਿਹਾ ਕਿ ਉਹ ਸਮੁੱਚੇ ਪੰਥ ਤੇ ਪੰਜਾਬ ਦਾ ਅੱਜ ਤਕ ਸਹਿਯੋਗ ਦੇਣ ਲਈ ਧੰਨਵਾਦ ਕਰਦੇ ਹਨ ਅਤੇ ਜਬਰ ਤੇ ਜ਼ੁਲਮ ਵਿਰੁਧ ਅਪਣਾ ਨਿਮਾਣਾ ਯੋਗਦਾਨ ਪਾਉਂਦੇ ਰਹਿਣਗੇ। ਜ਼ਿਕਰਯੋਗ ਹੈ ਕਿ ਬੀਤੇ ਦਿਨੀਂ ਸ਼੍ਰੋਮਣੀ ਅਕਾਲੀ ਦਲ ਵਾਰਿਸ ਪੰਜਾਬ ਦੇ ਮੁਖੀ ਅੰਮ੍ਰਿਤਪਾਲ ਸਿੰਘ ਦੇ ਪਿਤਾ ਤਰਸੇਮ ਸਿੰਘ ਵਲੋਂ ਬੀਬੀ ਪਰਮਜੀਤ ਖਾਲੜਾ ਨੂੰ ਅਪਣੀ ਪਾਰਟੀ ਵਲੋਂ ਉਮੀਦਵਾਰ ਬਣਾਉਣ ਦੀ ਗੱਲ ਆਖੀ ਗਈ ਸੀ।
