ਪੰਜਾਬ ਦੀ ਸਿਆਸਤ ‘ਚ ਵੱਡਾ ਭੂਚਾਲ, ਰਾਘਵ ਚੱਢਾ ਤੇ ਸੰਦੀਪ ਪਾਠਕ ਸਣੇ 6 ਨੇ ਛੱਡੀ ਆਮ ਆਦਮੀ ਪਾਰਟੀ,

ਨਵੀਂ ਦਿੱਲੀ, 24 ਅਪ੍ਰੈਲ (ਨਿਊਜ਼ ਟਾਊਨ ਨੈਟਵਰਕ): ਪੰਜਾਬ ਦੀਆਂ 2027 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸੂਬੇ ਦੀ ਸਿਆਸਤ ਵਿੱਚ ਅੱਜ ਵੱਡੀ ਹਲਚਲ ਦੇਖਣ ਨੂੰ ਮਿਲੀ ਹੈ। ਆਮ ਆਦਮੀ ਪਾਰਟੀ ਦੇ ਦਿੱਗਜ਼ ਆਗੂ ਰਾਘਵ ਚੱਢਾ, ਸੰਦੀਪ ਪਾਠਕ ਅਤੇ ਅਸ਼ੋਕ ਮਿੱਤਲ ਭਾਰਤੀ ਜਨਤਾ ਪਾਰਟੀ ਵਿੱਚ ਸ਼ਾਮਲ ਹੋ ਗਏ। ਜ਼ਿਕਰਯੋਗ ਹੈ ਕਿ ਇਸ ਮਹੀਨੇ ਦੇ ਸ਼ੁਰੂ ਵਿੱਚ ਅਸ਼ੋਕ ਮਿੱਤਲ ਦੇ ਘਰ ਅਤੇ ਦਫ਼ਤਰਾਂ ’ਤੇ ਈਡੀ ਨੇ ਕੁਝ ਦਿਨ ਪਹਿਲਾਂ ਛਾਪੇਮਾਰੀ ਕੀਤੀ ਸੀ। ਆਮ ਆਦਮੀ ਪਾਰਟੀ ਦੇ ਰਾਜ ਸਭਾ ਮੈਂਬਰ ਰਾਘਵ ਚੱਢਾ ਨੇ ਸ਼ੁੱਕਰਵਾਰ ਨੂੰ ਇੱਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਐਲਾਨ ਕੀਤਾ ਕਿ ਉਹ ‘ਆਪ’ ਦੇ ਦੋ-ਤਿਹਾਈ ਰਾਜ ਸਭਾ ਮੈਂਬਰਾਂ ਨਾਲ ਭਾਜਪਾ ਵਿੱਚ ਸ਼ਾਮਲ ਹੋਣਗੇ। ਪ੍ਰੈਸ ਕਾਨਫਰੰਸ ਵਿੱਚ ਸੰਦੀਪ ਪਾਠਕ ਅਤੇ ਅਸ਼ੋਕ ਮਿੱਤਲ ਵੀ ਮੌਜੂਦ ਸਨ। ਚੱਢਾ ਨੇ ‘ਆਪ’ ‘ਤੇ ਕਈ ਗੰਭੀਰ ਦੋਸ਼ ਲਗਾਏ।
ਉਨ੍ਹਾਂ ਦੱਸਿਆ ਕਿ ਰਾਜ ਸਭਾ ਵਿਚ ਅਸੀਂ ਆਮ ਆਦਮੀ ਪਾਰਟੀ ਦੇ 10 MP ਹਾਂ। ਜਿਨ੍ਹਾਂ ਵਿਚੋਂ ਦੋ ਤਿਹਾਈ ਮੈਂਬਰਾਂ ਨੇ ਬੀਜੀਪੀ ਵਿਚ ਰਲੇਵਾਂ ਕਰ ਲਿਆ ਹੈ। ਜਿਨ੍ਹਾਂ 10 ਮੈਂਬਰਾਂ ਨੇ ਆਮ ਆਦਮੀ ਪਾਰਟੀ ਛੱਡ ਦਿੱਤੀ ਹੈ, ਉਨ੍ਹਾਂ ਵਿਚੋਂ 6 ਪੰਜਾਬ ਨਾਲ ਸਬੰਧਤ ਹਨ, ਹਰਭਜਨ ਸਿੰਘ, ਵਿਕਰਮ ਸਾਹਨੀ, ਅਸ਼ੋਕ ਮਿੱਤਲ, ਰਜਿੰਦਰ ਗੁਪਤਾ, ਸੰਦੀਪ ਪਾਠਕ, ਸਵਾਤੀ ਮਾਲੀਵਾਲ, ਰਾਘਵ ਚੱਢਾ ਹਨ। ਸਿਰਫ ਸੰਤ ਸੀਚੇਵਾਲ ਬਚੇ ਹਨ, ਜੋ ਪੰਜਾਬ ਨਾਲ ਸਬੰਧਤ ਹਨ।
ਪ੍ਰੈਸ ਕਾਨਫਰੰਸ ਦੌਰਾਨ ‘ਆਪ’ ਦੇ ਸੰਸਦ ਮੈਂਬਰ ਰਾਘਵ ਚੱਢਾ ਨੇ ਕਿਹਾ, “ਆਪ’, ਜਿਸਨੂੰ ਮੈਂ ਆਪਣੇ ਖੂਨ-ਪਸੀਨੇ ਨਾਲ ਪਾਲਿਆ ਅਤੇ ਆਪਣੀ ਜਵਾਨੀ ਦੇ 15 ਸਾਲ ਸਮਰਪਿਤ ਕੀਤੇ, ਹੁਣ ਆਪਣੇ ਸਿਧਾਂਤਾਂ, ਕਦਰਾਂ-ਕੀਮਤਾਂ ਅਤੇ ਮੂਲ ਨੈਤਿਕਤਾ ਤੋਂ ਭਟਕ ਗਈ ਹੈ। ਇਹ ਪਾਰਟੀ ਹੁਣ ਦੇਸ਼ ਦੇ ਹਿੱਤ ਵਿੱਚ ਨਹੀਂ, ਸਗੋਂ ਆਪਣੇ ਨਿੱਜੀ ਹਿੱਤ ਲਈ ਕੰਮ ਕਰਦੀ ਹੈ। ਪਿਛਲੇ ਕੁਝ ਸਾਲਾਂ ਤੋਂ, ਮੈਨੂੰ ਮਹਿਸੂਸ ਹੋਇਆ ਹੈ ਕਿ ਮੈਂ ਗਲਤ ਪਾਰਟੀ ਵਿੱਚ ਸਹੀ ਵਿਅਕਤੀ ਹਾਂ। ਇਸ ਲਈ, ਅੱਜ ਅਸੀਂ ਐਲਾਨ ਕਰਦੇ ਹਾਂ ਕਿ ਮੈਂ ‘ਆਪ’ ਤੋਂ ਆਪਣੇ ਆਪ ਨੂੰ ਵੱਖ ਕਰ ਰਿਹਾ ਹਾਂ ਅਤੇ ਜਨਤਾ ਦੇ ਨੇੜੇ ਜਾ ਰਿਹਾ ਹਾਂ।”
ਇਸ ਨੂੰ ਪੰਜਾਬ ਦੀਆਂ ਆਉਣ ਵਾਲੀਆਂ ਚੋਣਾਂ ਦੇ ਲਿਹਾਜ਼ ਨਾਲ ਬਹੁਤ ਅਹਿਮ ਮੰਨਿਆ ਜਾ ਰਿਹਾ ਹੈ ਕਿਉਂਕਿ ਰਾਘਵ ਚੱਢਾ ਤੇ ਸੰਦੀਪ ਪਾਠਕ ਪਾਰਟੀ ਦੀ ਰਣਨੀਤੀ ਬਣਾਉਣ ਵਿੱਚ ਮੁੱਖ ਭੂਮਿਕਾ ਨਿਭਾਉਂਦੇ ਸਨ। ਉਨ੍ਹਾਂ ਦੇ ਇਸ ਕਦਮ ਨਾਲ ਜਿੱਥੇ ਆਮ ਆਦਮੀ ਪਾਰਟੀ ਨੂੰ ਵੱਡਾ ਝਟਕਾ ਲੱਗਾ ਹੈ, ਉੱਥੇ ਹੀ ਭਾਜਪਾ ਪੰਜਾਬ ਵਿੱਚ ਆਪਣੀ ਸਥਿਤੀ ਮਜ਼ਬੂਤ ਹੁੰਦੀ ਦੇਖ ਰਹੀ ਹੈ। ਪੰਜਾਬ ਦੀ ਆਮ ਆਦਮੀ ਪਾਰਟੀ ਨੇ ਸ਼ੁੱਕਰਵਾਰ ਨੂੰ ਭਾਜਪਾ ’ਤੇ ਨਿਸ਼ਾਨਾ ਸੇਧਦਿਆਂ ਦੋਸ਼ ਲਾਇਆ ਕਿ ਉਹ ਈਡੀ ਰਾਹੀਂ ਪਾਰਟੀ ਦੇ ਸੰਸਦ ਮੈਂਬਰਾਂ ਵਿੱਚ ਡਰ ਦਾ ਮਾਹੌਲ ਪੈਦਾ ਕਰਕੇ ਪਾਰਟੀ ਨੂੰ ਤੋੜਨ ਦੀ ਕੋਸ਼ਿਸ਼ ਕਰ ਰਹੀ ਹੈ। ਪਾਰਟੀ ਦੇ ਮੁੱਖ ਬੁਲਾਰੇ ਬਲਤੇਜ ਪੰਨੂ ਨੇ ਦਾਅਵਾ ਕੀਤਾ ਕਿ ਇਸ ਸਾਰੀ ਸਾਜ਼ਿਸ਼ ਪਿੱਛੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦਾ ਹੱਥ ਹੈ। ਉਨ੍ਹਾਂ ਇਹ ਵੀ ਦੋਸ਼ ਲਾਇਆ ਕਿ ਰਾਘਵ ਚੱਢਾ ਨੂੰ ਪੰਜਾਬ ਵਿੱਚ ਪਾਰਟੀ ਨੂੰ ਕਮਜ਼ੋਰ ਕਰਨ ਦੇ ਬਦਲੇ ਕੇਂਦਰ ਵਿੱਚ ਮੰਤਰੀ ਦਾ ਅਹੁਦਾ ਦੇਣ ਦਾ ਲਾਲਚ ਦਿੱਤਾ ਗਿਆ ਹੈ ਅਤੇ ਉਨ੍ਹਾਂ ਨੂੰ ਇਸ ਸਾਜ਼ਿਸ਼ ਵਿੱਚ ਇੱਕ ਹਥਿਆਰ ਵਜੋਂ ਵਰਤਿਆ ਗਿਆ ਹੈ। ਇਸ ਤੋਂ ਪਹਿਲਾਂ ਆਮ ਆਦਮੀ ਪਾਰਟੀ (ਆਪ) ਨੇ ਤਿੰਨ ਅਪਰੈਲ ਨੂੰ ਰਾਜ ਸਭਾ ਵਿੱਚ ਪਾਰਟੀ ਦੇ ਉਪ ਨੇਤਾ ਦੇ ਅਹੁਦੇ ਤੋਂ ਰਾਘਵ ਚੱਢਾ ਨੂੰ ਹਟਾ ਦਿੱਤਾ ਸੀ।
ਕਿਸੇ ਸਮੇਂ ਕੇਜਰੀਵਾਲ ਦੇ ਬੇਹੱਦ ਭਰੋਸੇਮੰਦ ਰਹੇ ਰਾਘਵ ਚੱਢਾ ਨੇ ਪੰਜਾਬ ਅਤੇ ਦਿੱਲੀ ਵਿੱਚ ਪਾਰਟੀ ਲਈ ਅਹਿਮ ਭੂਮਿਕਾ ਨਿਭਾਈ ਸੀ। ਹਾਲਾਂਕਿ, ਮਾਰਚ 2024 ਵਿੱਚ ਕੇਜਰੀਵਾਲ ਦੀ ਗ੍ਰਿਫ਼ਤਾਰੀ ਸਮੇਂ ਉਹ ਵਿਦੇਸ਼ ਵਿੱਚ ਸਨ ਅਤੇ ਰਿਹਾਈ ਤੋਂ ਕਾਫੀ ਸਮੇਂ ਬਾਅਦ ਹੀ ਉਨ੍ਹਾਂ ਨੂੰ ਮਿਲੇ। ਹਾਲ ਹੀ ਵਿੱਚ, ਜਦੋਂ ਅਦਾਲਤ ਨੇ ਕੇਜਰੀਵਾਲ ਅਤੇ ਸਿਸੋਦੀਆ ਨੂੰ ਬਰੀ ਕੀਤਾ ਤਾਂ ਵੀ ਚੱਢਾ ਨੇ ਚੁੱਪ ਧਾਰੀ ਰੱਖੀ ਅਤੇ ਜੰਤਰ-ਮੰਤਰ ਦੀ ਰੈਲੀ ਵਿੱਚ ਵੀ ਸ਼ਾਮਲ ਨਹੀਂ ਹੋਏ ਸਨ।
