ਮੋਰਿੰਡਾ ਪੁਲਿਸ ਨੂੰ ਵੱਡੀ ਕਾਮਯਾਬੀ
ਹੈਰੋਇਨ, ਆਈਸ ਡਰੱਗ ਤੇ 3 ਲੱਖ ਦੀ ਡਰੱਗ ਮਨੀ ਸਮੇਤ ਨੌਜਵਾਨ ਕਾਬੂ

ਮੋਰਿੰਡਾ, 23 ਅਪ੍ਰੈਲ (ਮਜ਼ੀਦ ਖਾਨ) – ਪੰਜਾਬ ਸਰਕਾਰ ਵੱਲੋਂ ਨਸ਼ਿਆਂ ਖ਼ਿਲਾਫ਼ ਚਲਾਈ ਜਾ ਰਹੀ ਮੁਹਿੰਮ ਤਹਿਤ ਸਿਟੀ ਮੋਰਿੰਡਾ ਪੁਲਿਸ ਨੇ ਇੱਕ ਅਹਿਮ ਕਾਰਵਾਈ ਕਰਦੇ ਹੋਏ ਭਾਰੀ ਮਾਤਰਾ ਵਿੱਚ ਨਸ਼ੀਲੇ ਪਦਾਰਥਾਂ ਅਤੇ ਨਕਦੀ ਸਮੇਤ ਇੱਕ ਨੌਜਵਾਨ ਨੂੰ ਕਾਬੂ ਕੀਤਾ ਹੈ। ਕਾਬੂ ਕੀਤੇ ਗਏ ਦੋਸ਼ੀ ਦੀ ਪਹਿਚਾਣ ਗੁਰਕੀਰਤ ਸਿੰਘ ਉਰਫ ਕੀਰਤ ਪੁੱਤਰ ਕੇਸਰ ਸਿੰਘ ਵਾਸੀ ਪਿੰਡ ਸੱਖੋਮਾਜਰਾ ਵਜੋਂ ਹੋਈ ਹੈ। ਪੁਲਿਸ ਵੱਲੋਂ ਕੀਤੀ ਤਲਾਸ਼ੀ ਦੌਰਾਨ ਉਸ ਕੋਲੋਂ 53 ਗ੍ਰਾਮ ਹੈਰੋਇਨ, 191 ਗ੍ਰਾਮ ਆਈਸ ਡਰੱਗ ਅਤੇ 3 ਲੱਖ ਰੁਪਏ ਡਰੱਗ ਮਨੀ ਬਰਾਮਦ ਕੀਤੀ ਗਈ। ਇਹ ਕਾਰਵਾਈ ਸਬ-ਇੰਸਪੈਕਟਰ ਕਸ਼ਮੀਰੀ ਲਾਲ ਦੀ ਅਗਵਾਈ ਹੇਠ ਪੁਲਿਸ ਪਾਰਟੀ ਵੱਲੋਂ ਪਿੰਡ ਸੱਖੋਮਾਜਰਾ ਵਿੱਚ ਗਸ਼ਤ ਦੌਰਾਨ ਕੀਤੀ ਗਈ। ਪੁਲਿਸ ਮੁਤਾਬਕ ਜਿਵੇਂ ਹੀ ਟੀਮ ਪਿੰਡ ਵਿੱਚ ਪਹੁੰਚੀ ਤਾਂ ਇੱਕ ਨੌਜਵਾਨ ਸ਼ੱਕੀ ਹਾਲਤ ਵਿੱਚ ਪੁਲਿਸ ਨੂੰ ਦੇਖ ਕੇ ਭੱਜਣ ਲੱਗ ਪਿਆ। ਪੁਲਿਸ ਨੇ ਤੁਰੰਤ ਕਾਰਵਾਈ ਕਰਦੇ ਹੋਏ ਉਸ ਦਾ ਪਿੱਛਾ ਕੀਤਾ ਅਤੇ ਕਾਬੂ ਕਰ ਲਿਆ। ਤਲਾਸ਼ੀ ਦੌਰਾਨ ਉਸ ਕੋਲੋਂ ਨਸ਼ੀਲੇ ਪਦਾਰਥਾਂ ਦੀ ਵੱਡੀ ਖੇਪ ਅਤੇ ਨਕਦੀ ਬਰਾਮਦ ਹੋਈ। ਡੂੰਘੀ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਗੁਰਕੀਰਤ ਸਿੰਘ ਖ਼ਿਲਾਫ਼ ਪਹਿਲਾਂ ਵੀ ਐਨ.ਡੀ.ਪੀ.ਐਸ. ਐਕਟ ਅਤੇ ਅਸਲਾ ਐਕਟ ਤਹਿਤ ਕਈ ਮਾਮਲੇ ਦਰਜ ਹਨ। ਪੁਲਿਸ ਹੁਣ ਇਸ ਗੱਲ ਦੀ ਜਾਂਚ ਕਰ ਰਹੀ ਹੈ ਕਿ ਬਰਾਮਦ ਨਸ਼ਾ ਕਿੱਥੋਂ ਲਿਆਂਦਾ ਗਿਆ ਸੀ ਅਤੇ ਇਸ ਦੀ ਸਪਲਾਈ ਕਿੱਥੇ ਕੀਤੀ ਜਾਣੀ ਸੀ। ਦੋਸ਼ੀ ਨੂੰ ਅਦਾਲਤ ਵਿੱਚ ਪੇਸ਼ ਕਰਕੇ ਰਿਮਾਂਡ ਹਾਸਲ ਕਰਨ ਦੀ ਕਾਰਵਾਈ ਕੀਤੀ ਜਾ ਰਹੀ ਹੈ। ਰੂਪਨਗਰ ਪੁਲਿਸ ਨੇ ਦ੍ਰਿੜਤਾ ਨਾਲ ਕਿਹਾ ਹੈ ਕਿ ਨਸ਼ਾ ਤਸਕਰਾਂ ਖ਼ਿਲਾਫ਼ ਮੁਹਿੰਮ ਜਾਰੀ ਰਹੇਗੀ ਅਤੇ ਕਿਸੇ ਨੂੰ ਵੀ ਬਖ਼ਸ਼ਿਆ ਨਹੀਂ ਜਾਵੇਗਾ।
