ਬਿਕਰਮ ਮਜੀਠੀਆ ਨੂੰ 14 ਦਿਨਾਂ ਲਈ ਨਿਆਇਕ ਹਿਰਾਸਤ ‘ਚ ਭੇਜਿਆ

ਪੇਸ਼ੀ ਤੋਂ ਪਹਿਲਾਂ ਅਕਾਲੀ ਦਲ ਦੇ ਆਗੂਆਂ ਨੂੰ ਘਰਾਂ ‘ਚ ਕੀਤਾ ਨਜ਼ਰਬੰਦ

ਮੋਹਾਲੀ, 6 ਜੁਲਾਈ (ਨਿਊਜ਼ ਟਾਊਨ ਨੈਟਵਰਕ) : ਪੰਜਾਬ ਵਿਚ ਆਮਦਨ ਤੋਂ ਵੱਧ ਸੰਪਤੀ ਮਾਮਲੇ ਵਿਚ ਗ੍ਰਿਫ਼ਤਾਰ ਹੋਏ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਨੇਤਾ ਅਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਦਾ 4 ਦਿਨਾਂ ਰਿਮਾਂਡ ਅੱਜ (6 ਜੁਲਾਈ) ਨੂੰ ਖਤਮ ਹੋ ਗਿਆ। ਇਸ ਤੋਂ ਬਾਅਦ ਵਿਜੀਲੈਂਸ ਬਿਊਰੋ ਉਨ੍ਹਾਂ ਨੂੰ ਮੋਹਾਲੀ ਅਦਾਲਤ ਵਿਚ ਪੇਸ਼ ਕਰਨ ਲਈ ਲੈ ਕੇ ਗਈ। ਅਦਾਲਤ ਨੇ ਦੋਹਾਂ ਪਾਸਿਆਂ ਦੀ ਗੱਲ ਸੁਣਨ ਤੋਂ ਬਾਅਦ ਉਨ੍ਹਾਂ ਨੂੰ ਨਿਆਇਕ ਹਿਰਾਸਤ ‘ਚ ਜੇਲ੍ਹ ਭੇਜਣ ਦੇ ਆਦੇਸ਼ ਦਿੱਤੇ। ਹੁਣ ਮਜੀਠੀਆ 14 ਦਿਨਾਂ ਲਈ ਜੇਲ੍ਹ ‘ਚ ਰਹਿਣਗੇ।


ਮਜੀਠੀਆ 26 ਜੂਨ ਤੋਂ ਵਿਜੀਲੈਂਸ ਦੀ ਹਿਰਾਸਤ ਵਿਚ ਸਨ। ਮਿਲੀ ਜਾਣਕਾਰੀ ਮੁਤਾਬਕ ਅਦਾਲਤ ਵਿਚ ਰਿਮਾਂਡ ਦੀ ਮੰਗ ਕੀਤੀ ਗਈ ਸੀ, ਪਰ ਮਜੀਠੀਆ ਦੇ ਵਕੀਲਾਂ ਵਲੋਂ ਇਸਦਾ ਵਿਰੋਧ ਕੀਤਾ ਗਿਆ। ਜਿਸ ਤੋਂ ਬਾਅਦ ਅਦਾਲਤ ਨੇ ਦੋਹਾਂ ਪਾਸਿਆਂ ਦੀ ਗੱਲ ਸੁਣ ਕੇ ਫੈਸਲਾ ਸੁਣਾਇਆ। ਅਦਾਲਤ ਦੇ ਹੁਕਮਾਂ ਅਨੁਸਾਰ ਹੁਣ ਉਨ੍ਹਾਂ ਨੂੰ ਨਵੀਂ ਨਾਭਾ ਜੇਲ੍ਹ ਭੇਜਿਆ ਜਾਵੇਗਾ। ਨਾਲ ਹੀ ਇਹ ਜਾਣਕਾਰੀ ਵੀ ਸਾਹਮਣੇ ਆਈ ਹੈ ਕਿ ਪੁਲਿਸ ਅਜੇ ਤਿੰਨ ਦਿਨਾਂ ਲਈ ਹੋਰ ਰਿਮਾਂਡ ਲੈ ਸਕਦੀ ਹੈ। ਜੇ ਲੋੜ ਪਈ ਤਾਂ ਮਜੀਠੀਆ ਦਾ ਫਿਰ ਤੋਂ ਪੁਲਿਸ ਰਿਮਾਂਡ ਲਿਆ ਜਾਵੇਗਾ। ਫਿਲਹਾਲ ਹੁਣ ਇਸ ਕੇਸ ਦੀ ਅਗਲੀ ਸੁਣਵਾਈ 19 ਜੁਲਾਈ ਨੂੰ ਹੋਏਗੀ।

ਬਿਕਰਮਜੀਤ ਸਿੰਘ ਮਜੀਠੀਆ ਨੂੰ ਨਾਭਾ ਦੀ ਨਵੀਂ ਜ਼ਿਲਾਂ ਜੇਲ ਦੇ ਵਿਚ ਘੜੀ ਸੁਰੱਖਿਆ ਪ੍ਰਬੰਧਾਂ ਦੇ ਹੇਠ ਜੇਲ ਦੇ ਵਿਚ ਲਿਆਂਦਾ ਗਿਆ। ਜਿੱਥੇ ਹੁਣ 14 ਦਿਨ ਦੇ ਲਈ ਬਿਕਰਮਜੀਤ ਸਿੰਘ ਮਜੀਠੀਆ ਨਿਆਇਕ ਹਿਰਾਸਤ ਵਿਚ ਨਾਭਾ ਦੀ ਨਵੀਂ ਜ਼ਿਲਾਂ ਜੇਲ ਦੇ ਵਿਚ ਨਜ਼ਰਬੰਦ ਰਹਿਣਗੇ।
ਦੂਜੇ ਪਾਸੇ ਅੱਜ ਬਿਕਰਮ ਸਿੰਘ ਮਜੀਠੀਆ ਦੀ ਪੇਸ਼ੀ ਤੋਂ ਪਹਿਲਾਂ ਸ਼੍ਰੋਮਣੀ ਅਕਾਲੀ ਦਲ ਦੇ ਆਗੂਆਂ ਨੂੰ ਘਰਾਂ ਵਿਚ ਡਿਟੇਨ ਕੀਤਾ ਗਿਆ। ਵੱਡੀ ਗਿਣਤੀ ਵਿਚ ਸ਼੍ਰੋਮਣੀ ਅਕਾਲੀ ਦਲ ਦੇ ਵਰਕਰਾਂ ਨੂੰ ਅਦਾਲਤ ਵਿਚ ਜਾਣ ਤੋਂ ਰੋਕਣ ਲਈ ਸੂਬੇ ਭਰ ਵਿਚ ਘਰਾਂ ’ਚ ਡਿਟੇਨ ਕੀਤਾ ਗਿਆ। ਇਸ ਤੋਂ ਬਾਵਜੂਦ ਮੋਹਾਲੀ ਅਦਾਲਤ ਦੇ ਬਾਹਰ ਸ਼੍ਰੋਮਣੀ ਅਕਾਲੀ ਦਲ ਦੇ ਕਈ ਨੇਤਾ ਅਤੇ ਵਰਕਰ ਵੱਡੀ ਗਿਣਤੀ ਵਿਚ ਪਹੁੰਚ ਗਏ। ਉਹ ਉਸ ਵੇਲੇ ਪਹੁੰਚੇ ਜਦੋਂ ਪੁਲਿਸ ਵਲੋਂ ਸੁਰੱਖਿਆ ਦੇ ਪ੍ਰਬੰਧ ਕੀਤੇ ਜਾ ਰਹੇ ਸਨ। ਇਸ ਦੌਰਾਨ ਅਕਾਲੀ ਵਰਕਰਾਂ ਅਤੇ ਪੁਲਿਸ ਵਿਚਕਾਰ ਧੱਕਾ ਮੁੱਕੀ ਵੀ ਹੋਈ। ਬਾਅਦ ਵਿਚ ਪੁਲਿਸ ਨੇ ਅਕਾਲੀ ਵਰਕਰਾਂ ਨੂੰ ਬੱਸਾਂ ਵਿਚ ਬੈਠਾ ਕੇ ਮੌਕੇ ਤੋਂ ਹਟਾ ਦਿਤਾ ਗਿਆ।
ਅਕਾਲੀ ਦਲ ਦੇ ਸੀਨੀਅਰ ਆਗੂ ਤੇ ਸਾਬਕਾ ਮੰਤਰੀ ਡਾ. ਦਲਜੀਤ ਸਿੰਘ ਚੀਮਾ ਨੇ ਮਜੀਠੀਆ ਦੀ ਹਿਰਾਸਤ ਤੋਂ ਪਹਿਲਾਂ ਦੋਸ਼ ਲਾਇਆ ਹੈ ਕਿ ਆਮ ਆਦਮੀ ਪਾਰਟੀ ਦੇ ਨੇਤਾ ਅਰਵਿੰਦ ਕੇਜਰੀਵਾਲ ਨੂੰ ਮਜੀਠੀਆ ਦਾ ਚਿਹਰਾ ਪਸੰਦ ਨਹੀਂ ਹੈ। ਇਸੀ ਕਰਕੇ ਉਹ ਉਨ੍ਹਾਂ ਨੂੰ ਮੀਡੀਆ ਦੇ ਸਾਹਮਣੇ ਨਹੀਂ ਆਉਣ ਦੇਣਾ ਚਾਹੁੰਦੇ। ਉਨ੍ਹਾਂ ਦਾ ਕਹਿਣਾ ਹੈ ਕਿ ਇਸੀ ਕਾਰਨ ਇਸ ਤਰ੍ਹਾਂ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ।
