ਬਿਕਰਮ ਸਿੰਘ ਮਜੀਠੀਆ ਨੂੰ ਹਾਈਕੋਰਟ ਤੋਂ ਨਹੀਂ ਮਿਲੀ ਰਾਹਤ

0
bikram maji

ਚੰਡੀਗੜ੍ਹ, 8 ਜੁਲਾਈ (ਨਿਊਜ਼ ਟਾਊਨ ਨੈਟਵਰਕ) : ਸ਼੍ਰੋਮਣੀ ਅਕਾਲੀ ਦਲ ਦੇ ਆਗੂ ਅਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਨੂੰ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿਚ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਤੋਂ ਰਾਹਤ ਨਹੀਂ ਮਿਲੀ ਹੈ। ਮਜੀਠੀਆ ਦੇ ਵਕੀਲਾਂ ਨੇ ਗ੍ਰਿਫ਼ਤਾਰੀ ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ ਵਿਚ ਸੋਧ ਕਰਨ ਲਈ ਤਿੰਨ ਹਫ਼ਤਿਆਂ ਦਾ ਸਮਾਂ ਮੰਗਿਆ ਸੀ, ਜਿਸਨੂੰ ਹਾਈ ਕੋਰਟ ਨੇ ਸਵੀਕਾਰ ਕਰ ਲਿਆ ਹੈ। ਸਰਕਾਰੀ ਵਕੀਲ ਅਨੁਸਾਰ ਮਾਮਲੇ ਦੀ ਅਗਲੀ ਸੁਣਵਾਈ 29 ਜੁਲਾਈ ਨੂੰ ਹੋਵੇਗੀ।

ਸਾਬਕਾ ਮੰਤਰੀ ਮਜੀਠੀਆ ਇਸ ਸਮੇਂ ਨਾਭਾ ਜੇਲ੍ਹ ਵਿਚ ਬੰਦ ਹਨ। ਮਜੀਠੀਆ ਦਾ ਪੁਲਿਸ ਰਿਮਾਂਡ 6 ਜੁਲਾਈ ਨੂੰ ਖਤਮ ਹੋ ਗਿਆ ਸੀ, ਜਿਸ ਤੋਂ ਬਾਅਦ ਮੋਹਾਲੀ ਅਦਾਲਤ ਨੇ ਉਨ੍ਹਾਂ ਨੂੰ 19 ਜੁਲਾਈ ਤਕ ਨਿਆਂਇਕ ਹਿਰਾਸਤ ਵਿਚ ਭੇਜ ਦਿਤਾ ਸੀ। ਜੇਲ੍ਹ ਪ੍ਰਸ਼ਾਸਨ ਨੇ ਸੁਰੱਖਿਆ ਕਾਰਨਾਂ ਦਾ ਹਵਾਲਾ ਦਿੰਦੇ ਹੋਏ ਉਨ੍ਹਾਂ ਦੀਆਂ ਬੈਰਕਾਂ ਵਿਚ ਸੀਸੀਟੀਵੀ ਕੈਮਰੇ ਲਗਾ ਦਿਤੇ ਹਨ ਤੇ ਸਪੱਸ਼ਟ ਕਰ ਦਿਤਾ ਹੈ ਕਿ ਉਨ੍ਹਾਂ ਨੂੰ ਕੋਈ ਵਿਸ਼ੇਸ਼ ਸਹੂਲਤਾਂ ਨਹੀਂ ਦਿਤੀਆਂ ਜਾਣਗੀਆਂ।

ਜ਼ਿਕਰਯੋਗ ਹੈ ਕਿ ਮਜੀਠੀਆ ਨੂੰ ਜੇਲ੍ਹ ਲਿਜਾਂਦੇ ਸਮੇਂ ਪੁਲਿਸ ਨੇ ਸਖ਼ਤ ਸੁਰੱਖਿਆ ਪ੍ਰਬੰਧ ਕੀਤੇ ਸਨ ਅਤੇ ਜੇਲ੍ਹ ਵੱਲ ਜਾਣ ਵਾਲੀ ਸੜਕ ‘ਤੇ ਵਾਹਨਾਂ ਦੀ ਆਵਾਜਾਈ ‘ਤੇ ਪਾਬੰਦੀ ਲਗਾ ਦਿਤੀ ਗਈ ਸੀ। ਵਿਜੀਲੈਂਸ ਬਿਊਰੋ ਨੇ 25 ਜੂਨ ਨੂੰ ਸਵੇਰੇ 4:30 ਵਜੇ ਮੋਹਾਲੀ ਵਿਚ ਮਜੀਠੀਆ ਵਿਰੁੱਧ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿਚ ਕੇਸ ਦਰਜ ਕੀਤਾ ਸੀ। ਇਸ ਤੋਂ ਬਾਅਦ ਸੂਬੇ ਵਿਚ 26 ਥਾਵਾਂ ‘ਤੇ ਮਜੀਠੀਆ ਨਾਲ ਸਬੰਧਤ ਥਾਵਾਂ ‘ਤੇ ਛਾਪੇਮਾਰੀ ਕੀਤੀ ਗਈ। ਫਿਰ ਸਵੇਰੇ 11:30 ਵਜੇ ਤੋਂ ਬਾਅਦ ਮਜੀਠੀਆ ਨੂੰ ਅੰਮ੍ਰਿਤਸਰ ਸਥਿਤ ਉਨ੍ਹਾਂ ਦੇ ਘਰ ਤੋਂ ਗ੍ਰਿਫ਼ਤਾਰ ਕੀਤਾ ਗਿਆ।

ਇਸ ਦੌਰਾਨ 29 ਮੋਬਾਈਲ ਫੋਨ, 5 ਲੈਪਟਾਪ, 3 ਆਈਪੈਡ, 2 ਡੈਸਕਟਾਪ, 8 ਡਾਇਰੀਆਂ ਅਤੇ ਹੋਰ ਦਸਤਾਵੇਜ਼ ਬਰਾਮਦ ਕਰਨ ਦਾ ਦਾਅਵਾ ਕੀਤਾ ਗਿਆ ਸੀ। ਹਾਲਾਂਕਿ ਮਜੀਠੀਆ ਦੇ ਵਕੀਲਾਂ ਦਾ ਦਾਅਵਾ ਹੈ ਕਿ ਜਾਂਚ ਵਿਚ ਕੋਈ ਫ਼ੋਨ ਨਹੀਂ ਮਿਲਿਆ ਅਤੇ ਮੀਡੀਆ ਵਿਚ ਸਾਰੀ ਗਲਤ ਜਾਣਕਾਰੀ ਦਿਤੀ ਗਈ ਹੈ। ਫਿਲਹਾਲ ਮਾਮਲੇ ਦੀ ਜਾਂਚ ਜਾਰੀ ਹੈ।

Leave a Reply

Your email address will not be published. Required fields are marked *