ਬਿਕਰਮ ਸਿੰਘ ਮਜੀਠੀਆ ਨੂੰ ਸੁਪਰੀਮ ਕੋਰਟ ਤੋਂ ਮਿਲੀ ਜ਼ਮਾਨਤ


ਮਜੀਠੀਆ ਦੀ ਰਿਹਾਇਸ਼ ‘ਤੇ ਲੱਗੀਆਂ ਰੌਣਕਾਂ, ਅਕਾਲੀ ਵਰਕਰਾਂ ‘ਚ ਖ਼ੁਸ਼ੀ ਦਾ ਮਾਹੌਲ
ਨਵੀਂ ਦਿੱਲੀ/ਚੰਡੀਗੜ੍ਹ, 3 ਫਰਵਰੀ (ਦੁਰਗੇਸ਼ ਗਾਜਰੀ) : ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਨੂੰ ਅੱਜ ਸੁਪਰੀਮ ਕੋਰਟ ਤੋਂ ਵੱਡੀ ਰਾਹਤ ਮਿਲੀ ਹੈ। ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ ਨੂੰ ਅੱਜ ਮਾਣਯੋਗ ਸੁਪਰੀਮ ਕੋਰਟ ਨੇ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿਚ ਜ਼ਮਾਨਤ ਦੇ ਦਿੱਤੀ ਹੈ, ਜਿਸ ਤੋਂ ਬਾਅਦ ਬਿਕਰਮ ਸਿੰਘ ਮਜੀਠੀਆ ਦੇ ਵਕੀਲਾਂ ਵੱਲੋਂ ਨਾਭਾ ਜੇਲ੍ਹ ਵਿਚੋਂ ਬਾਹਰ ਲਿਆਉਣ ਦੀਆਂ ਤਿਆਰੀਆਂ ਕੀਤੀਆਂ ਗਈਆਂ। ਵਕੀਲ ਅਰਸ਼ਦੀਪ ਸਿੰਘ ਕਲੇਰ ਵੱਲੋਂ ਮੁਹਾਲੀ ਅਦਾਲਤ ਵਿੱਚ ਸੁਪਰੀਮ ਕੋਰਟ ਦੇ ਆਰਡਰਾਂ ਦੀ ਕਾਪੀ ਲੈਣ ਲਈ ਪਹੁੰਚ ਵੀ ਕੀਤੀ ਗਈ ਪਰੰਤੂ ਆਰਡਰ ਅਪਲੋਡ ਨਾ ਹੋਣ ਕਾਰਨ ਰਿਹਾਈ 3 ਫਰਵਰੀ ਤਕ ਲਈ ਟਲ ਗਈ ਹੈ। ਜਾਣਕਾਰੀ ਮੁਤਾਬਕ ਸੁਪਰੀਮ ਕੋਰਟ ਨੇ ਬਿਕਰਮ ਸਿੰਘ ਮਜੀਠੀਆ ਦੀ ਜ਼ਮਾਨਤ ਅਰਜ਼ੀ ਨੂੰ ਮਨਜ਼ੂਰ ਕਰ ਲਿਆ ਹੈ। ਸੁਣਵਾਈ ਦੌਰਾਨ ਸੁਪਰੀਮ ਕੋਰਟ ਨੇ ਪੰਜਾਬ ਸਰਕਾਰ ਦੀ ਦਲੀਲ ਨਹੀਂ ਸੁਣੀ। ਸੁਪਰੀਮ ਕੋਰਟ ਦੇ ਜਸਟਿਸ ਵਿਕਰਮ ਨਾਥ ਤੇ ਸੰਦੀਪ ਮਹਿਤਾ ਦੀ ਬੈਂਚ ਨੇ ਸੁਣਵਾਈ ਕੀਤੀ। ਸੁਣਵਾਈ ਦੌਰਾਨ ਮਜੀਠੀਆ ਦੇ ਵਕੀਲ ਨੇ ਬੈਂਚ ਨੂੰ ਦੱਸਿਆ ਕਿ ਮਜੀਠੀਆ ਦੇ ਘਰੋਂ 5 ਰੁਪਏ ਵੀ ਬਰਾਮਦ ਨਹੀਂ ਹੋਏ। ਸੁਪਰੀਮ ਕੋਰਟ ਨੇ ਮਜੀਠੀਆ ਨੂੰ ਬਿਨਾ ਸ਼ਰਤ ਰਾਹਤ ਦੇ ਦਿੱਤੀ। ਬਿਕਰਮ ਸਿੰਘ ਮਜੀਠੀਆ ਦੀ ਰਿਹਾਈ ਨੂੰ ਲੈ ਕੇ ਅਕਾਲੀ ਵਰਕਰਾਂ ‘ਚ ਭਾਰੀ ਖੁਸ਼ੀ ਦਾ ਮਾਹੌਲ ਪਾਇਆ ਜਾ ਰਿਹਾ ਹੈ। ਬਿਕਰਮ ਮਜੀਠੀਆ ਦੀ ਅੰਮ੍ਰਿਤਸਰ ਸਥਿਤ ਰਿਹਾਇਸ਼ ’ਤੇ ਵੀ ਜਸ਼ਨਾਂ ਦਾ ਮਾਹੌਲ ਪਾਇਆ ਜਾ ਰਿਹਾ ਹੈ। ਅਕਾਲੀ ਆਗੂਆਂ ਤੇ ਸਮਰਥਕਾਂ ਵਲੋਂ ਭੰਗੜੇ ਪਾ ਕੇ, ਮਠਿਆਈਆਂ ਵੰਡ ਕੇ ਅਤੇ ਆਤਿਸ਼ਬਾਜੀ ਚਲਾ ਕੇ ਖੁਸ਼ੀ ਮਨਾਈ ਜਾ ਰਹੀ ਹੈ। ਵੱਡੀ ਗਿਣਤੀ ’ਚ ਬਿਕਰਮ ਸਿੰਘ ਮਜੀਠੀਆ ਦੀ ਰਿਹਾਇਸ਼ ’ਚ ਪਹੁੰਚੇ ਹੋਏ ਹਨ। ਨਾਭਾ ਦੀ ਨਵੀਂ ਜੇਲ੍ਹ ਦੇ ਬਾਹਰ ਅੱਜ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਮੱਖਣ ਸਿੰਘ ਲਾਲਕਾ ਦੀ ਅਗਵਾਈ ਹੇਠ ਵੱਡੀ ਗਿਣਤੀ ਵਿੱਚ ਸਮਰਥਕ ਇਕੱਠੇ ਹੋਣਾ ਸ਼ੁਰੂ ਹੋਏ ਜਿਨ੍ਹਾਂ ਨੇ ਬਿਕਰਮ ਸਿੰਘ ਮਜੀਠੀਆ ਦੇ ਹੱਕ ਵਿੱਚ ਜ਼ੋਰਦਾਰ ਨਾਅਰੇਬਾਜ਼ੀ ਵੀ ਕੀਤੀ। ਬਿਕਰਮ ਸਿੰਘ ਮਜੀਠੀਆ ਨੂੰ ਸੁਪਰੀਮ ਕੋਰਟ ਤੋਂ ਜ਼ਮਾਨਤ ਮਿਲਣ ਮਗਰੋਂ ਅਕਾਲੀ ਦਲ ਬਾਦਲ ਦੇ ਸੀਨੀਅਰ ਆਗੂ ਐਨ ਕੇ ਸ਼ਰਮਾ ਨੇ ਪੰਜਾਬ ਸਰਕਾਰ ‘ਤੇ ਤਿੱਖਾ ਹਮਲਾ ਕੀਤਾ। ਐਨਕੇ ਸ਼ਰਮਾ ਨੇ ਕਿਹਾ ਕਿ ਪੰਜਾਬ ਸਰਕਾਰ ਸੁਪਰੀਮ ਕੋਰਟ ਵਿੱਚ ਬਿਕਰਮ ਮਜੀਠੀਆ ਖ਼ਿਲਾਫ਼ ਕੋਈ ਵੀ ਢੁਕਵਾਂ ਸਬੂਤ ਪੇਸ਼ ਨਹੀਂ ਕਰ ਸਕੀ। ਉਨ੍ਹਾਂ ਇਲਜ਼ਾਮ ਲਗਾਇਆ ਕਿ ਮਜੀਠੀਆ ‘ਤੇ ਝੂਠੇ ਮੁਕੱਦਮੇ ਦਰਜ ਕਰਕੇ ਉਨ੍ਹਾਂ ਨੂੰ ਸੱਤ ਮਹੀਨੇ ਤੱਕ ਜੇਲ੍ਹ ਵਿੱਚ ਰੱਖਿਆ ਗਿਆ, ਪਰ ਅਦਾਲਤ ਨੇ ਨਿਆਂ ਕਰਦੇ ਹੋਏ ਸਹੀ ਫੈਸਲਾ ਸੁਣਾਇਆ। ਬਿਕਰਮ ਸਿੰਘ ਮਜੀਠੀਆ ਨੂੰ ਜ਼ਮਾਨਤ ਮਿਲਣ ’ਤੇ ਅਭੈ ਚੌਟਾਲਾ ਦਾ ਵੀ ਬਿਆਨ ਸਾਹਮਣੇ ਆਇਆ ਹੈ। ਉਨ੍ਹਾਂ ਕਿਹਾ ਆਖਿਰਕਾਰ ਨਿਆਂ ਦੀ ਜਿੱਤ ਹੋਈ ਹੈ। ਜ਼ਿਕਰਯੋਗ ਹੈ ਕਿ ਵਿਜੀਲੈਂਸ ਨੇ ਬਿਕਰਮ ਸਿੰਘ ਮਜੀਠੀਆ ਖਿਲਾਫ 40 ਹਜ਼ਾਰ ਪੰਨਿਆਂ ਦੀ ਚਾਰਜਸ਼ੀਟ ਦਾਇਰ ਕੀਤੀ ਸੀ। ਪੰਜਾਬ ਵਿਜੀਲੈਂਸ ਨੇ ਬਿਕਰਮ ਸਿੰਘ ਮਜੀਠੀਆ ਨੂੰ 25 ਜੂਨ 2025 ਨੂੰ ਅੰਮ੍ਰਿਤਸਰ ਰਿਹਾਇਸ਼ ਤੋਂ ਗ੍ਰਿਫਤਾਰ ਕੀਤਾ ਸੀ। ਉਦੋਂ ਤੋਂ ਹੀ ਬਿਕਰਮ ਸਿੰਘ ਮਜੀਠੀਆ ਨਾਭਾ ਦੀ ਨਵੀਂ ਜੇਲ੍ਹ ’ਚ ਬੰਦ ਹਨ। ਉਨ੍ਹਾਂ ਨੂੰ ਵਿਜੀਲੈਂਸ ਨੇ ਬਿਕਰਮ ਨੂੰ 25 ਜੂਨ ਨੂੰ ਅੰਮ੍ਰਿਤਸਰ ਰਿਹਾਇਸ਼ ਤੋਂ ਗ੍ਰਿਫਤਾਰ ਕੀਤਾ ਸੀ।
