ਸ੍ਰੀ ਅਕਾਲ ਤਖਤ ਸਾਹਿਬ ਵਿਖੇ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ ਛੇਵੇਂ ਪਾਤਿਸ਼ਾਹ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦਾ ਪ੍ਰਕਾਸ਼ ਪੁਰਬ

0
Sri-Guru-Hargobind-Sahib

ਅੰਮ੍ਰਿਤਸਰ, 12 ਜੂਨ, 2025: (ਨਿਊਜ਼ ਟਾਊਨ ਨੈਟਵਰਕ):

ਛੇਵੇਂ ਪਾਤਿਸ਼ਾਹ ਮੀਰੀ ਪੀਰੀ ਦੇ ਮਾਲਕ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਅੱਜ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਸ਼ਰਧਾ ਤੇ ਉਤਸ਼ਾਹ ਸਹਿਤ ਮਨਾਇਆ ਗਿਆ। ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਜਥਿਆ ਨੇ ਗੁਰਬਾਣੀ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ। ਇਸ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਸਮੇਤ ਪ੍ਰਮੁੱਖ ਸ਼ਖ਼ਸੀਅਤਾਂ ਹਾਜ਼ਰ ਸਨ।

ਸਮਾਗਮ ਦੌਰਾਨ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਕਿਹਾ ਕਿ ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦਾ ਜੀਵਨ ਲਾਸਾਨੀ ਹੈ। ਉਨ੍ਹਾਂ ਕਿਹਾ ਕਿ ਛੇਵੇਂ ਪਾਤਸ਼ਾਹ ਜੀ ਨੇ ਵਕਤ ਦੀ ਹਕੂਮਤ ਖਿਲਾਫ਼ ਚਾਰ ਯੁੱਧ ਲੜੇ ਅਤੇ ਜਿੱਤ ਪ੍ਰਾਪਤ ਕੀਤੀ। ਉਨ੍ਹਾਂ ਕਿਹਾ ਕਿ ਉਸ ਸਮੇਂ ਲੋਕਾਂ ਦੇ ਮਨਾਂ ਵਿਚ ਧਾਰਨਾ ਬਣੀ ਹੋਈ ਸੀ ਕਿ ਇਸ ਜ਼ਾਲਮ ਮੁਗਲ ਹਕੂਮਤ ਨੂੰ ਕੋਈ ਹਰਾ ਨਹੀਂ ਸਕਦਾ ਪਰ ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਨੇ ਸਦੀਆਂ ਤੋਂ ਬਣੀ ਇਸ ਧਾਰਨਾ ਨੂੰ ਤੋੜਦਿਆਂ ਜੁਲਮ ਦੇ ਖਿਲਾਫ ਲੜਨ ਦਾ ਉਪਦੇਸ਼ ਦਿੱਤਾ। ਗਿਆਨੀ ਕੂਲਦੀਪ ਸਿੰਘ ਨੇ ਸੰਗਤਾਂ ਨੂੰ ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਦੀ ਵਧਾਈ ਦਿੰਦਿਆਂ ਗੁਰੂ ਸਾਹਿਬ ਜੀ ਦੇ ਉਪਦੇਸ਼ਾਂ ’ਤੇ ਚੱਲਣ ਦੀ ਪ੍ਰੇਰਣਾ ਕੀਤੀ।

ਇਸ ਦੇ ਨਾਲ ਗੁਰੂ ਹਰਗੋਬਿੰਦ ਸਾਹਿਬ ਜੀ ਦੇ ਪ੍ਰਕਾਸ਼ ਅਸਥਾਨ ਗੁਰੂਦੁਆਰਾ ਜਨਮ ਅਸਥਾਨ ਗੁਰੂ ਕੀ ਵਡਾਲੀ ਵਿਖੇ ਵੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਵਿਸ਼ੇਸ਼ ਸਮਾਗਮ ਦਾ ਅਯੋਜਿਨ ਕੀਤਾ ਗਿਆ। ਇਸ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਧਾਰਮਿਕ ਦੀਵਾਨ ਸਜਾਏ ,ਜਿਨ੍ਹਾਂ ‘ਚ ਪੰਥ ਦੇ ਪ੍ਰਸਿੱਧ ਰਾਗੀ, ਢਾਡੀ ਅਤੇ ਕਵੀਸ਼ਰੀ ਜੱਥਿਆਂ ਨੇ ਸੰਗਤਾਂ ਨੂੰ ਗੁਰੂ ਇਤਿਹਾਸ ਨਾਲ ਜੋੜਿਆ। ਤਪਦੀ ਗਰਮੀ ਦੇ ਬਾਵਜੂਦ ਸੰਗਤਾਂ ਨੇ ਵੱਡੀ ਗਿਣਤੀ ‘ਚ ਇਥੇ ਪਹੁੰਚ ਕੇ ਗੁਰੂ ਸਾਹਿਬ ਦੇ ਪ੍ਰਕਾਸ਼ ਅਸਥਾਨ ਵਿਖੇ ਨਤਮਸਤਕ ਹੋ ਕੇ ਗੁਰੂ ਘਰ ਦਾ ਅਸ਼ੀਰਵਾਦ ਲਿਆ।

ਇਸ ਦੌਰਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਸਮੇਤ ਅਨੇਕਾਂ ਸ਼੍ਰੋਮਣੀ ਕਮੇਟੀ ਮੈਂਬਰਾਨ, ਪੰਥਕ ਹਸਤੀਆਂ  ਅਤੇ ਵੱਡੀ ਗਿਣਤੀ ਚ ਸੰਗਤਾਂ ਨੇ ਗੁਰੂ ਸਾਹਿਬ ਦੇ ਪ੍ਰਕਾਸ਼ ਅਸਥਾਨ ਭੋਰਾ ਸਾਹਿਬ ਦੇ ਦਰਸ਼ਨ ਕਰਕੇ ਗੁਰੂ ਘਰ ਦੀਆਂ ਖੁਸ਼ੀਆਂ ਪ੍ਰਾਪਤ ਕੀਤੀਆਂ। ਸ਼ਾਮ ਵੇਲੇ ਸ੍ਰੀ ਦਰਬਾਰ ਸਾਹਿਬ ਵਿਖੇ ਅਤਿ ਸੁੰਦਰ ਦੀਪਮਾਲਾ ਤੇ ਆਤਿਸ਼ਬਾਜੀ ਕੀਤੀ ਜਾਵੇਗੀ।

Leave a Reply

Your email address will not be published. Required fields are marked *