ਦਰਬਾਰ ਸਾਹਿਬ ‘ਤੇ ਹਮਲੇ ਦੀ ਧਮਕੀ ਬਾਰੇ ਭਾਜਪਾ ਤੇ ਕੇਂਦਰ ਸਰਕਾਰ ਚਿੰਤਤ : ਸ਼ਵੇਤ ਮਲਿਕ


ਕਿਹਾ, ਸੁਰੱਖਿਆ ‘ਚ ਪੈਰਾਮਿਲਟਰੀ ਫ਼ੋਰਸ ਕੀਤੀ ਜਾਵੇਗੀ ਤਾਇਨਾਤ
ਅੰਮ੍ਰਿਤਸਰ, 16 ਜੁਲਾਈ (ਮੋਹਕਮ ਸਿੰਘ) : ਭਾਰਤੀ ਜਨਤਾ ਪਾਰਟੀ ਦੇ ਸਾਬਕਾ ਰਾਜ ਸਭਾ ਮੈਂਬਰ ਤੇ ਸਾਬਕਾ ਪੰਜਾਬ ਪ੍ਰਧਾਨ ਸ਼ਵੇਤ ਮਲਕ ਨੇ ਸ਼੍ਰੋਮਣੀ ਕਮੇਟੀ ਪ੍ਰਧਾਨ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨਾਲ ਮੁਲਾਕਾਤ ਕੀਤੀ। ਇਸ ਤੋਂ ਬਾਅਦ ਗੱਲਬਾਤ ਕਰਦਿਆਂ ਸ਼ਵੇਤ ਮਲਿਕ ਨੇ ਕਿਹਾ ਕਿ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ‘ਤੇ ਹਮਲੇ ਦੀਆਂ ਧਮਕੀ ਭਰੀਆਂ ਈਮੇਲਾਂ ਆਉਣ ਤੋਂ ਬਾਅਦ ਵੀ ਪੰਜਾਬ ਸਰਕਾਰ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਚੁੱਪ ਹਨ ਤੇ ਤਿੰਨ ਦਿਨਾਂ ਤੋਂ ਧਮਕੀਆਂ ਭਰੀਆਂ ਈਮੇਲਾਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਮਿਲ ਰਹੀਆਂ ਹਨ। ਅੰਮ੍ਰਿਤਸਰ ਦੇ ਮੈਂਬਰ ਪਾਰਲੀਮੈਂਟ ਗੁਰਜੀਤ ਸਿੰਘ ਔਜਲਾ ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਵੀ ਈਮੇਲਾਂ ‘ਚ ਸੀਸੀ ਕੀਤਾ ਜਾ ਰਿਹਾ ਹੈ। ਇਹ ਦੋਵੇਂ ਲੀਡਰ ਸ਼ਾਂਤ ਹਨ ਤੇ ਆਪਣੀ ਜ਼ਿੰਮੇਵਾਰੀ ਤੋਂ ਭੱਜ ਰਹੀਆਂ ਹਨ।
ਮਲਿਕ ਨੇ ਕਿਹਾ ਕਿ ਉਨ੍ਹਾਂ ਨੂੰ ਕੇਂਦਰ ਵਲੋਂ ਹਦਾਇਤਾਂ ਆਈਆਂ ਹਨ ਕਿ ਉਹ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਨਾਲ ਮੁਲਾਕਾਤ ਕਰ ਕੇ ਜੋ ਵੀ ਸੁਰੱਖਿਆ ਦੇ ਪ੍ਰਬੰਧ ਲਈ ਉਨ੍ਹਾਂ ਦੀ ਮੰਗ ਹੈ, ਨੂੰ ਕੇਂਦਰ ਸਰਕਾਰ ਪੂਰੀ ਕਰੇਗੀ। ਸੁਰੱਖਿਆ ਲਈ ਪੈਰਾ ਮਿਲਟਰੀ ਫੋਰਸ ਤਾਇਨਾਤ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਇਸ ਮਾਮਲੇ ਨੂੰ ਲੈ ਕੇ ਚਿਤੰਤ ਹਨ | ਮਲਿਕ ਨੇ ਕਿਹਾ ਕਿ ਕੇਂਦਰ ਸਰਕਾਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀ ਸੁਰੱਖਿਆ ਲਈ ਹਰ ਯੋਗ ਪ੍ਰਬੰਧ ਕਰੇਗੀ। ਸ਼੍ਰੋਮਣੀ ਕਮੇਟੀ ਜਿਸ ਤਰ੍ਹਾਂ ਦੇ ਸੁਰੱਖਿਆ ਪ੍ਰਬੰਧਾਂ ਦੀ ਲੋੜ ਮਹਿਸੂਸ ਕਰੇਗੀ, ਉਸ ਨੂੰ ਪੂਰਾ ਕੀਤਾ ਜਾਵੇਗਾ।