PM ਮੋਦੀ ਦੀ ਅਗਵਾਈ ‘ਚ ਭਾਰਤ ਖੇਡ ਸ਼ਕਤੀ ਵਜੋਂ ਉਭਰ ਰਿਹਾ : ਭਾਜਪਾ ਜ਼ਿਲ੍ਹਾ ਪ੍ਰਧਾਨ ਅਜੈਵੀਰ ਸਿੰਘ ਲਾਲਪੁਰਾ


ਪਿੰਡ ਰੋਲ ਮਾਜਰਾ ਕਰਵਾਇਆ ਫੁੱਟਬਾਲ ਟੂਰਨਾਮੈਂਟ
ਰੂਪਨਗਰ, 12 ਨਵੰਬਰ (ਪੁਲਕਿਤ ਕੁਮਾਰ) : ਸ਼ਹੀਦ ਬਾਬਾ ਦੀਪ ਸਿੰਘ ਜੀ (ਰੋਲ ਮਾਜਰਾ) ਸਪੋਰਟਸ ਕਲੱਬ ਵੱਲੋਂ ਆਯੋਜਿਤ ਫੁੱਟਬਾਲ ਟੂਰਨਾਮੈਂਟ ਵਿੱਚ ਭਾਰਤੀ ਜਨਤਾ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਅਜੈਵੀਰ ਸਿੰਘ ਲਾਲਪੁਰਾ ਮੁੱਖ ਮਹਿਮਾਨ ਵਜੋਂ ਪਹੁੰਚੇ। ਉਨ੍ਹਾਂ ਦੇ ਨਾਲ ਭਾਜਪਾ ਮੰਡਲ ਪ੍ਰਧਾਨ ਇੰਦਰਪਾਲ ਸਿੰਘ ਲੋਹਗੜ੍ਹ ਫਿੱਡੇ ਅਤੇ ਐਡਵੋਕੇਟ ਅਮਨਪ੍ਰੀਤ ਸਿੰਘ ਕਾਬਡਵਾਲ ਵਿਸ਼ੇਸ਼ ਮਹਿਮਾਨਾਂ ਵਜੋਂ ਮੌਜੂਦ ਸਨ।ਕਲੱਬ ਦੇ ਪ੍ਰਧਾਨ ਜਸਵੀਰ ਸਿੰਘ ਰਾਣਾ, ਸਰਪੰਚ ਗੁਰਦੇਵ ਸਿੰਘ, ਸੁਖਵਿੰਦਰ ਸਿੰਘ, ਸਤਨਾਮ ਸਿੰਘ ਸੱਤੂ, ਰਜਿੰਦਰ ਸਿੰਘ, ਸਿਕੰਦਰ ਸਿੰਘ, ਪਰਮਿੰਦਰ ਸਿੰਘ, ਪਵਨਪ੍ਰੀਤ ਸਿੰਘ, ਅਵਤਾਰ ਸਿੰਘ ਅਤੇ ਹੋਰ ਪਤਵੰਤਿਆਂ ਸ਼ਖਸੀਅਤਾਂ ਵੱਲੋਂ ਸ਼੍ਰੀ ਲਾਲਪੁਰਾ ਦਾ ਗਰਮਜੋਸ਼ੀ ਨਾਲ ਫੁੱਲਾਂ ਦੇ ਗੁਲਦਸਤੇ ਅਤੇ ਸਮਰਪਿਤ ਚਿੰਨ੍ਹ ਦੇ ਕੇ ਸਵਾਗਤ ਕੀਤਾ ਗਿਆ।
ਆਪਣੇ ਸੰਬੋਧਨ ਵਿੱਚ ਅਜੈਵੀਰ ਸਿੰਘ ਲਾਲਪੁਰਾ ਨੇ ਕਿਹਾ ਕਿ ਖੇਡ ਸਿਰਫ਼ ਮਨੋਰੰਜਨ ਦਾ ਸਾਧਨ ਨਹੀਂ, ਸਗੋਂ ਜੀਵਨ ਦੇ ਅਨੁਸ਼ਾਸਨ ਅਤੇ ਚਰਿੱਤਰ ਨਿਰਮਾਣ ਦਾ ਅਧਾਰ ਹੁੰਦੀ ਹੈ। ਉਨ੍ਹਾਂ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਜੀ ਦੇ ਅਗਵਾਈ ਹੇਠ ਅੱਜ ਭਾਰਤ ਖੇਡ ਸ਼ਕਤੀ ਵਜੋਂ ਉਭਰ ਰਿਹਾ ਹੈ। ਮੋਦੀ ਸਰਕਾਰ ਨੇ “ਖੇਲੋ ਇੰਡੀਆ” ਅਤੇ “ਫਿਟ ਇੰਡੀਆ ਮੂਵਮੈਂਟ” ਵਰਗੀਆਂ ਯੋਜਨਾਵਾਂ ਰਾਹੀਂ ਪਿੰਡਾਂ ਤੇ ਸ਼ਹਿਰਾਂ ਦੇ ਨੌਜਵਾਨਾਂ ਵਿੱਚ ਖੇਡਾਂ ਪ੍ਰਤੀ ਜਾਗਰੂਕਤਾ ਪੈਦਾ ਕੀਤੀ ਹੈ, ਜਿਸ ਨਾਲ ਲੱਖਾਂ ਨੌਜਵਾਨ ਰਾਸ਼ਟਰੀ ਅਤੇ ਅੰਤਰਰਾਸ਼ਟਰੀ ਪੱਧਰ ’ਤੇ ਦੇਸ਼ ਦਾ ਨਾਂ ਰੌਸ਼ਨ ਕਰ ਰਹੇ ਹਨ।
ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਦਾ ਉਦੇਸ਼ ਸਿਰਫ਼ ਖੇਡ ਸਹੂਲਤਾਂ ਦਾ ਵਿਕਾਸ ਕਰਨਾ ਨਹੀਂ, ਸਗੋਂ ਨੌਜਵਾਨਾਂ ਨੂੰ ਸਕਾਰਾਤਮਕ ਦਿਸ਼ਾ ਦੇਣਾ ਵੀ ਹੈ। ਉਨ੍ਹਾਂ ਨੇ ਖਿਡਾਰੀਆਂ ਨੂੰ ਅਪੀਲ ਕੀਤੀ ਕਿ ਉਹ ਮੈਦਾਨ ਵਿੱਚ ਖੇਡ ਭਾਵਨਾ, ਅਨੁਸ਼ਾਸਨ ਅਤੇ ਮਿਹਨਤ ਨੂੰ ਆਪਣਾ ਮੰਤਰ ਬਣਾਉਣ। ਉਹਨਾਂ ਕਿਹਾ ਕਿ “ਖੇਡਾਂ ਸਾਨੂੰ ਏਕਤਾ, ਧੀਰਜ ਅਤੇ ਸੰਘਰਸ਼ ਦੀ ਭਾਵਨਾ ਸਿਖਾਉਂਦੀਆਂ ਹਨ, ਜੋ ਜੀਵਨ ਦੇ ਹਰ ਖੇਤਰ ਵਿੱਚ ਸਫਲਤਾ ਦਾ ਮੂਲ ਹੁੰਦੀ ਹੈ।
ਕਲੱਬ ਦੇ ਅਹੁਦੇਦਾਰਾਂ ਨੇ ਇਸ ਮੌਕੇ ‘ਤੇ ਸ਼੍ਰੀ ਲਾਲਪੁਰਾ ਦਾ ਵਿਸ਼ੇਸ਼ ਸਨਮਾਨ ਕੀਤਾ ਅਤੇ ਉਨ੍ਹਾਂ ਦੇ ਮਾਰਗਦਰਸ਼ਨ ਦੀ ਸਰਾਹਨਾ ਕੀਤੀ। ਵੱਡੀ ਗਿਣਤੀ ਵਿੱਚ ਪਿੰਡ ਵਾਸੀਆਂ, ਖਿਡਾਰੀਆਂ ਅਤੇ ਖੇਡ ਪ੍ਰੇਮੀਆਂ ਨੇ ਟੂਰਨਾਮੈਂਟ ਦਾ ਆਨੰਦ ਲਿਆ।
ਫਾਈਨਲ ਮੈਚ ਵਿੱਚ ਰੋਲ ਮਾਜਰਾ ਦੀ ਟੀਮ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਖਿਤਾਬ ਆਪਣੇ ਨਾਮ ਕੀਤਾ। ਮੁੱਖ ਮਹਿਮਾਨ ਅਜੈਵੀਰ ਸਿੰਘ ਲਾਲਪੁਰਾ ਨੇ ਜੇਤੂ ਟੀਮ ਨੂੰ ਟ੍ਰਾਫੀ ਅਤੇ ਨਕਦ ਇਨਾਮ ਦੇ ਕੇ ਉਨ੍ਹਾਂ ਨੂੰ ਭਵਿੱਖ ਲਈ ਸ਼ੁਭਕਾਮਨਾਵਾਂ ਦਿੱਤੀਆਂ।
