ਅੰਮ੍ਰਿਤਸਰ ‘ਚ 13,000 ਦੀ ਰਿਸ਼ਵਤ ਲੈਂਦਾ ਬਲਾਕ ਅਫ਼ਸਰ ਕਾਬੂ

0
ASR ARREST

ਚੰਡੀਗੜ੍ਹ, 1 ਜੁਲਾਈ (ਨਿਊਜ਼ ਟਾਊਨ ਨੈਟਵਰਕ) : ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਬਲਾਕ ਵਿਕਾਸ ਅਤੇ ਪੰਚਾਇਤ ਦਫ਼ਤਰ (ਬੀ.ਡੀ.ਪੀ.ਓ.) ਅੰਮ੍ਰਿਤਸਰ ਵਿਖੇ ਤਾਇਨਾਤ ਬਲਾਕ ਅਫ਼ਸਰ ਜਾਰਜ ਮਸੀਹ ਨੂੰ 13000 ਰੁਪਏ ਰਿਸ਼ਵਤ ਲੈਂਦਿਆਂ ਗ੍ਰਿਫ਼ਤਾਰ ਕੀਤਾ ਹੈ। ਉਕਤ ਮੁਲਜ਼ਮ ਨੂੰ ਪਿੰਡ ਬਕਰੌਰ, ਜ਼ਿਲ੍ਹਾ ਅੰਮ੍ਰਿਤਸਰ ਦੇ ਇੱਕ ਵਾਸੀ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਤੋਂ ਬਾਅਦ ਗ੍ਰਿਫ਼ਤਾਰ ਕੀਤਾ ਗਿਆ ਹੈ।
ਸ਼ਿਕਾਇਤਕਰਤਾ ਮੁਤਾਬਕ ਉਹ ਸਾਲ 2024 ਵਿਚ ਆਪਣੇ ਪਿੰਡ ਤੋਂ ਪੰਚਾਇਤੀ ਚੋਣਾਂ ਲੜਨਾ ਚਾਹੁੰਦਾ ਸੀ ਪਰ ਅਜਿਹਾ ਨਾ ਕਰ ਸਕਿਆ, ਕਿਉਂਕਿ ਬਲਾਕ ਅਫ਼ਸਰ ਅਜਨਾਲਾ ਵਲੋਂ ਉਸਨੂੰ ਡਿਫ਼ਾਲਟਰ ਘੋਸ਼ਿਤ ਕਰਨ ਦਾ ਨੋਟਿਸ ਜਾਰੀ ਕੀਤਾ ਗਿਆ ਸੀ, ਜਿਸ ਵਿਚ ਕਿਹਾ ਗਿਆ ਸੀ ਕਿ ਉਸਨੇ 4 ਕਨਾਲ ਦੀ ਸਰਕਾਰੀ ਜ਼ਮੀਨ ਦੇ ਬਕਾਏ ਦਾ ਭੁਗਤਾਨ ਨਹੀਂ ਕੀਤਾ ਹੈ ਅਤੇ ਇਸ ਸਬੰਧੀ ਉਸ ਖਿਲਾਫ਼ ਐਫ਼.ਆਈ.ਆਰ. ਦਰਜ ਕੀਤੀ ਜਾਵੇਗੀ। ਸ਼ਿਕਾਇਤ ਅਨੁਸਾਰ ਮੁਲਜ਼ਮ ਨੇ ਸ਼ਿਕਾਇਤਕਰਤਾ ਨੂੰ ਕਿਹਾ ਕਿ ਜੇਕਰ ਉਹ ਆਪਣਾ ਨਾਮ ਡਿਫਾਲਟਰ ਸੂਚੀ ਵਿਚੋਂ ਕੱਢਵਾ ਕੇ ਮਾਲ ਰਿਕਾਰਡ ਵਿਚ ਸੋਧ ਕਰਵਾਉਣਾ ਚਾਹੁੰਦਾ ਹੈ ਤਾਂ ਉਸਨੂੰ 13,000 ਰੁਪਏ ਰਿਸ਼ਵਤ ਦੇਣੀ ਪਵੇਗੀ।
ਮੁੱਢਲੀ ਤਸਦੀਕ ਉਪਰੰਤ ਵਿਜੀਲੈਂਸ ਬਿਊਰੋ ਯੂਨਿਟ ਅੰਮ੍ਰਿਤਸਰ ਦੀ ਟੀਮ ਨੇ ਜਾਲ ਵਿਛਾ ਕੇ ਉਕਤ ਮੁਲਜ਼ਮ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿਚ ਸ਼ਿਕਾਇਤਕਰਤਾ ਤੋਂ 13000 ਰੁਪਏ ਰਿਸ਼ਵਤ ਲੈਂਦਿਆਂ ਕਾਬੂ ਕਰ ਲਿਆ।
ਵਿਜੀਲੈਂਸ ਬਿਊਰੋ ਥਾਣਾ ਅੰਮ੍ਰਿਤਸਰ ਰੇਂਜ ਵਿਚ ਮੁਲਜ਼ਮ ਵਿਰੁੱਧ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਕੇਸ ਦਰਜ ਕੀਤਾ ਗਿਆ ਹੈ। ਮੁਲਜ਼ਮ ਨੂੰ ਕੱਲ੍ਹ ਅਦਾਲਤ ਵਿਚ ਪੇਸ਼ ਕੀਤਾ ਜਾਵੇਗਾ ਅਤੇ ਇਸ ਸਬੰਧੀ ਅਗਲੇਰੀ ਜਾਂਚ ਜਾਰੀ ਹੈ।

Leave a Reply

Your email address will not be published. Required fields are marked *