ਪੀਐੱਮ ਮੋਦੀ ਦੇ ਦੌਰੇ ਤੋਂ ਪਹਿਲਾਂ ਚੰਡੀਗੜ੍ਹ-ਮੁਹਾਲੀ ਦੇ ਸਕੂਲਾਂ ਨੂੰ ਬੰਬ ਧਮਾਕਿਆਂ ਦੀ ਧਮਕੀ

0
School threat

ਪੀਐੱਮ ਮੋਦੀ ਦੇ ਦੌਰੇ ਤੋਂ ਪਹਿਲਾਂ ਚੰਡੀਗੜ੍ਹ-ਮੁਹਾਲੀ...

ਚੰਡੀਗੜ੍ਹ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ 17 ਜੁਲਾਈ ਨੂੰ ਚੰਡੀਗੜ੍ਹ, ਪੰਜਾਬ ਅਤੇ ਹਰਿਆਣਾ ਦੇ ਦੌਰੇ ਤੋਂ ਪਹਿਲਾਂ ਚੰਡੀਗੜ੍ਹ ਅਤੇ ਮੁਹਾਲੀ ਦੇ ਕਈ ਸਕੂਲਾਂ ਨੂੰ ਧਮਕੀ ਭਰੀ ਈ-ਮੇਲ ਭੇਜੀ ਗਈ ਹੈ। ਈ-ਮੇਲ ਵਿੱਚ 17 ਜੁਲਾਈ ਨੂੰ ਚੰਡੀਗੜ੍ਹ ਅਤੇ ਜਲੰਧਰ ਵਿੱਚ ਵੱਖ-ਵੱਖ ਥਾਵਾਂ ‘ਤੇ ਆਈਈਡੀ (IED) ਧਮਾਕੇ ਕਰਨ ਦਾ ਦਾਅਵਾ ਕੀਤਾ ਗਿਆ ਹੈ। ਇਸ ਦੇ ਨਾਲ ਹੀ ਕੇਂਦਰੀ ਰੇਲ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਨੂੰ ਵੀ ਜਾਨੋਂ ਮਾਰਨ ਦੀ ਧਮਕੀ ਦਿੱਤੀ ਗਈ ਹੈ। ਧਮਕੀ ਤੋਂ ਬਾਅਦ ਸੁਰੱਖਿਆ ਏਜੰਸੀਆਂ ਅਤੇ ਪੁਲਿਸ ਨੂੰ ਹਾਈ ਅਲਰਟ ‘ਤੇ ਰੱਖ ਦਿੱਤਾ ਗਿਆ ਹੈ।

ਜਾਣਕਾਰੀ ਅਨੁਸਾਰ, ਈ-ਮੇਲ ਵਿੱਚ ਦਾਅਵਾ ਕੀਤਾ ਗਿਆ ਹੈ ਕਿ 17 ਜੁਲਾਈ ਨੂੰ ਦੁਪਹਿਰ 1:11 ਵਜੇ ਸਕੂਲਾਂ ਵਿੱਚ ਅਤੇ 3:11 ਵਜੇ ਮੁਹਾਲੀ ਮੇਅਰ ਦੇ ਦਫ਼ਤਰ ਦੇ ਨੇੜੇ ਬੰਬ ਧਮਾਕੇ ਕੀਤੇ ਜਾਣਗੇ। ਇਸ ਤੋਂ ਇਲਾਵਾ ਜਲੰਧਰ ਅਤੇ ਚੰਡੀਗੜ੍ਹ ਰੇਲਵੇ ਸਟੇਸ਼ਨਾਂ ਨੂੰ ਵੀ ਨਿਸ਼ਾਨਾ ਬਣਾਉਣ ਦੀ ਗੱਲ ਕਹੀ ਗਈ ਹੈ।

ਈ-ਮੇਲ ਵਿੱਚ ਕੇਂਦਰੀ ਮੰਤਰੀ ਰਵਨੀਤ ਸਿੰਘ ਬਿੱਟੂ ਨੂੰ ਸਿੱਧੀ ਧਮਕੀ ਦਿੰਦੇ ਹੋਏ ਪ੍ਰਧਾਨ ਮੰਤਰੀ ਮੋਦੀ ਦੀਆਂ ਰੈਲੀਆਂ ਵਿੱਚ ਲੋਕਾਂ ਨੂੰ ਸ਼ਾਮਲ ਨਾ ਹੋਣ ਦੀ ਚਿਤਾਵਨੀ ਵੀ ਦਿੱਤੀ ਗਈ ਹੈ। ਇਸ ਵਿੱਚ ਕੁਝ ਵਿਵਾਦਿਤ ਅਤੇ ਉਕਸਾਉਣ ਵਾਲੇ ਦਾਅਵੇ ਵੀ ਕੀਤੇ ਗਏ ਹਨ। ਪੁਲਿਸ ਅਨੁਸਾਰ, ਧਮਕੀ ਭਰੀ ਈ-ਮੇਲ kengakira@gmail.com ਆਈਡੀ ਤੋਂ ਭੇਜੀ ਗਈ ਹੈ। ਸਾਈਬਰ ਮਾਹਿਰਾਂ ਦੀ ਮਦਦ ਨਾਲ ਈ-ਮੇਲ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਭੇਜਣ ਵਾਲੇ ਦੀ ਪਛਾਣ ਕਰਨ ਦੇ ਯਤਨ ਜਾਰੀ ਹਨ।

ਅਧਿਕਾਰੀਆਂ ਨੇ ਦੱਸਿਆ ਕਿ ਚੰਡੀਗੜ੍ਹ, ਮੁਹਾਲੀ, ਜਲੰਧਰ ਅਤੇ ਹੋਰ ਸੰਵੇਦਨਸ਼ੀਲ ਥਾਵਾਂ ‘ਤੇ ਸੁਰੱਖਿਆ ਪ੍ਰਬੰਧ ਕੜੇ ਕਰ ਦਿੱਤੇ ਗਏ ਹਨ। ਸਕੂਲਾਂ, ਸਰਕਾਰੀ ਦਫ਼ਤਰਾਂ ਅਤੇ ਰੇਲਵੇ ਸਟੇਸ਼ਨਾਂ ‘ਤੇ ਚੌਕਸੀ ਵਧਾ ਦਿੱਤੀ ਗਈ ਹੈ ਅਤੇ ਕਿਸੇ ਵੀ ਸ਼ੱਕੀ ਗਤੀਵਿਧੀ ‘ਤੇ ਤੁਰੰਤ ਕਾਰਵਾਈ ਦੇ ਨਿਰਦੇਸ਼ ਜਾਰੀ ਕੀਤੇ ਗਏ ਹਨ। ਜ਼ਿਕਰਯੋਗ ਹੈ ਕਿ ਪਿਛਲੇ ਕੁਝ ਸਮੇਂ ਦੌਰਾਨ ਵੀ ਚੰਡੀਗੜ੍ਹ ਅਤੇ ਮੁਹਾਲੀ ਦੇ ਕਈ ਸਕੂਲਾਂ ਨੂੰ ਅਜਿਹੀਆਂ ਧਮਕੀ ਭਰੀਆਂ ਈ-ਮੇਲਾਂ ਮਿਲ ਚੁੱਕੀਆਂ ਹਨ, ਜਿਨ੍ਹਾਂ ਵਿੱਚੋਂ ਕਈ ਮਾਮਲੇ ਜਾਂਚ ਦੌਰਾਨ ਝੂਠੇ ਸਾਬਤ ਹੋਏ ਸਨ। ਫਿਲਹਾਲ ਇਸ ਤਾਜ਼ਾ ਧਮਕੀ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ।

Leave a Reply

Your email address will not be published. Required fields are marked *