ਅੰਮ੍ਰਿਤਸਰ ‘ਚ ਮਾਨਾਵਾਲਾ ਦੇ ਨਸ਼ਾ ਛੁਡਾਓ ਕੇਂਦਰ ‘ਚ ਮੁੰਡੇ ਦੀ ਸ਼ੱਕੀ ਮੌਤ

ਮ੍ਰਿਤਕ ਦੇ ਗਲੇ ‘ਤੇ ਮਿਲੇ ਰੱਸੀ ਦੇ ਨਿਸ਼ਾਨ, ਕੇਂਦਰ ਦਾ ਮਾਲਕ ਹਿਰਾਸਤ ‘ਚ
ਅੰਮ੍ਰਿਤਸਰ, 29 ਅਪ੍ਰੈਲ (ਨਿਊਜ਼ ਟਾਊਨ ਨੈਟਵਰਕ) : ਅੰਮ੍ਰਿਤਸਰ ਦੇ ਪਿੰਡ ਮਾਨਾਵਾਲਾ ਵਿੱਚ ਸਥਿਤ ਜੀਵਨ ਜਾਗ੍ਰਤੀ ਨਸ਼ਾ ਛੁਡਾਓ ਕੇਂਦਰ ਵਿੱਚ ਇੱਕ ਨੌਜਵਾਨ ਦੀ ਸ਼ੱਕੀ ਹਾਲਾਤਾਂ ਵਿੱਚ ਮੌਤ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ, ਜਿਸ ਨਾਲ ਇਲਾਕੇ ਵਿੱਚ ਸਨਸਨੀ ਫੈਲ ਗਈ। ਮ੍ਰਿਤਕ ਦੀ ਪਛਾਣ ਸੁਨੀਲ ਸ਼ਰਮਾ ਵਜੋਂ ਹੋਈ ਹੈ ਜੋ ਅਜਨਾਲੇ ਦਾ ਰਹਿਣ ਵਾਲਾ ਹੈ ਜਿਸ ਦੀ ਉਮਰ 36 ਸਾਲ ਦੱਸੀ ਜਾ ਰਹੀ ਹੈ। ਘਟਨਾ ਤੋਂ ਬਾਅਦ ਪੀੜਿਤ ਪਰਿਵਾਰ ਵੱਲੋਂ ਪੁਲਿਸ ਪ੍ਰਸ਼ਾਸਨ ਕੋਲ ਇਨਸਾਫ ਦੀ ਗੁਹਾਰ ਲਗਾਈ ਗਈ ਹੈ। ਦੂਜੇ ਪਾਸੇ ਪੁਲਿਸ ਟੀਮ ਮੌਕੇ ‘ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਚੁੱਕੀ ਹੈ ਅਤੇ ਨਸ਼ਾ ਛੁਡਾਓ ਕੇਂਦਰ ਦੇ ਮਾਲਕ ਨੂੰ ਹਿਰਾਸਤ ਵਿੱਚ ਲਿਆ ਗਿਆ ਹੈ। ਪੀੜਿਤ ਪਰਿਵਾਰ ਦੀ ਮੈਂਬਰ ਰੀਤੂ ਨੇ ਦੱਸਿਆ ਕਿ ਉਸਦਾ ਭਰਾ ਸਨੀ ਸ਼ਰਮਾ, ਜਿਸਦੀ ਉਮਰ ਕਰੀਬ 36 ਸਾਲ ਸੀ, ਕੁਝ ਸਮੇਂ ਤੋਂ ਡਿਪ੍ਰੈਸ਼ਨ ਨਾਲ ਜੂਝ ਰਿਹਾ ਸੀ ਅਤੇ ਉਸਦੀ ਦੇਖਭਾਲ ਲਈ ਉਸਨੂੰ ਇਸ ਕੇਂਦਰ ਵਿੱਚ ਦਾਖ਼ਲ ਕਰਵਾਇਆ ਗਿਆ ਸੀ। ਉਨ੍ਹਾਂ ਮੁਤਾਬਕ ਉਹ ਨਸ਼ਾ ਨਹੀਂ ਕਰਦਾ ਸੀ, ਸਿਰਫ ਮਾਨਸਿਕ ਤਣਾਅ ਕਾਰਨ ਇੱਥੇ ਰੱਖਿਆ ਗਿਆ ਸੀ। ਪਰਿਵਾਰ ਦਾ ਕਹਿਣਾ ਹੈ ਕਿ ਰਾਤ ਨੂੰ ਕੇਂਦਰ ਵੱਲੋਂ ਫੋਨ ਕਰਕੇ ਦੱਸਿਆ ਗਿਆ ਕਿ ਸਨੀ ਦੀ ਮੌਤ ਹੋ ਗਈ ਹੈ। ਪਰਿਵਾਰ ਨੇ ਗੰਭੀਰ ਦੋਸ਼ ਲਗਾਉਂਦਿਆਂ ਕਿਹਾ ਕਿ ਜਦੋਂ ਉਨ੍ਹਾਂ ਨੇ ਕੇਂਦਰ ਤੋਂ ਸੀਸੀਟੀਵੀ ਫੁਟੇਜ ਮੰਗੀ ਤਾਂ ਉਨ੍ਹਾਂ ਨੂੰ ਦੱਸਿਆ ਗਿਆ ਕਿ ਕੈਮਰੇ ਬੰਦ ਸਨ, ਜਿਸ ਨਾਲ ਸ਼ੱਕ ਹੋਰ ਵੱਧ ਗਿਆ ਹੈ। ਉਨ੍ਹਾਂ ਇਹ ਵੀ ਕਿਹਾ ਕਿ ਇੱਕ ਕਮਰੇ ਵਿੱਚ 15-20 ਲੋਕ ਰੱਖੇ ਜਾਂਦੇ ਹਨ, ਜਿਸ ਨਾਲ ਸੁਰੱਖਿਆ ‘ਤੇ ਸਵਾਲ ਖੜੇ ਹੁੰਦੇ ਹਨ। ਪਰਿਵਾਰ ਦਾ ਦਾਅਵਾ ਹੈ ਕਿ ਇਹ ਸਿਰਫ ਖੁਦਕੁਸ਼ੀ ਨਹੀਂ ਹੋ ਸਕਦੀ, ਸਗੋਂ ਇਸ ਦੇ ਪਿੱਛੇ ਕੋਈ ਸਾਜ਼ਿਸ਼ ਵੀ ਹੋ ਸਕਦੀ ਹੈ। ਮੌਕੇ ‘ਤੇ ਪਹੁੰਚੇ ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਮ੍ਰਿਤਕ ਦੇ ਗਲ ‘ਤੇ ਰੱਸੀ ਦੇ ਨਿਸ਼ਾਨ ਮਿਲੇ ਹਨ ਅਤੇ ਮਾਮਲੇ ਦੀ ਹਰ ਪੱਖੋਂ ਜਾਂਚ ਕੀਤੀ ਜਾ ਰਹੀ ਹੈ। ਪੁਲਿਸ ਵੱਲੋਂ ਕੇਂਦਰ ਦੇ ਮਾਲਕ ਨੂੰ ਹਿਰਾਸਤ ਵਿੱਚ ਲੈ ਕੇ ਪੁੱਛਗਿੱਛ ਕੀਤੀ ਜਾ ਰਹੀ ਹੈ ਅਤੇ ਉੱਥੇ ਮੌਜੂਦ ਹੋਰ ਲੋਕਾਂ ਦੇ ਬਿਆਨ ਵੀ ਦਰਜ ਕੀਤੇ ਜਾ ਰਹੇ ਹਨ। ਪੁਲਿਸ ਨੇ ਕਿਹਾ ਕਿ ਪੋਸਟਮਾਰਟਮ ਰਿਪੋਰਟ ਅਤੇ ਜਾਂਚ ਦੇ ਨਤੀਜਿਆਂ ਦੇ ਆਧਾਰ ‘ਤੇ ਅਗਲੀ ਕਾਰਵਾਈ ਕੀਤੀ ਜਾਵੇਗੀ ਅਤੇ ਜੋ ਵੀ ਦੋਸ਼ੀ ਪਾਇਆ ਗਿਆ, ਉਸ ਖ਼ਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਪੀੜਿਤ ਪਰਿਵਾਰ ਨੇ ਸਰਕਾਰ ਅਤੇ ਪ੍ਰਸ਼ਾਸਨ ਤੋਂ ਮੰਗ ਕੀਤੀ ਹੈ ਕਿ ਮਾਮਲੇ ਦੀ ਨਿਰਪੱਖ ਜਾਂਚ ਕਰਕੇ ਅਸਲੀ ਦੋਸ਼ੀਆਂ ਨੂੰ ਸਜ਼ਾ ਦਿੱਤੀ ਜਾਵੇ, ਤਾਂ ਜੋ ਉਨ੍ਹਾਂ ਨੂੰ ਇਨਸਾਫ ਮਿਲ ਸਕੇ।
