ਕੈਪਟਨ ਅਮਰਿੰਦਰ ਨੇ PM ਮੋਦੀ ਨਾਲ ਕੀਤੀ ਮੁਲਾਕਾਤ, ਵੱਡੇ ਫੈਸਲਿਆਂ ਲਈ ਕੀਤਾ ਧੰਨਵਾਦ


ਜਲੰਧਰ, 3 ਫਰਵਰੀ (ਨਿਊਜ਼ ਟਾਊਨ ਨੈਟਵਰਕ) : ਬੀਤੇ ਦਿਨੀਂ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ 649ਵੇਂ ਪ੍ਰਕਾਸ਼ ਪੁਰਬ ਦੇ ਪਵਿੱਤਰ ਮੌਕੇ ਜਲੰਧਰ ਦੇ ਡੇਰਾ ਸੱਚਖੰਡ ਬੱਲਾਂ ਵਿਖੇ ਭਾਰੀ ਉਤਸ਼ਾਹ ਦੇਖਣ ਨੂੰ ਮਿਲਿਆ। ਇਸ ਮੌਕੇ ਸਾਬਕਾ ਮੁੱਖ ਮੰਤਰੀ ਅਤੇ ਭਾਜਪਾ ਦੇ ਸੀਨੀਅਰ ਆਗੂ ਕੈਪਟਨ ਅਮਰਿੰਦਰ ਸਿੰਘ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਕੀਤੀ ਅਤੇ ਗੁਰੂ ਮਹਾਰਾਜ ਦਾ ਆਸ਼ੀਰਵਾਦ ਲਿਆ। ਕੈਪਟਨ ਅਮਰਿੰਦਰ ਸਿੰਘ ਨੇ ਟਵੀਟ ਕਰਕੇ ਇਸ ਮੁਲਾਕਾਤ ਦੀ ਜਾਣਕਾਰੀ ਸਾਂਝੀ ਕੀਤੀ। ਉਨ੍ਹਾਂ ਨੇ ਪੰਜਾਬ ਅਤੇ ਰਵਿਦਾਸੀਆ ਭਾਈਚਾਰੇ ਨਾਲ ਸਬੰਧਤ ਲਏ ਗਏ ਅਹਿਮ ਫੈਸਲਿਆਂ ਲਈ ਪ੍ਰਧਾਨ ਮੰਤਰੀ ਦਾ ਵਿਸ਼ੇਸ਼ ਤੌਰ ‘ਤੇ ਧੰਨਵਾਦ ਕੀਤਾ। ਕੈਪਟਨ ਨੇ ਆਦਮਪੁਰ ਹਵਾਈ ਅੱਡੇ ਦਾ ਨਾਮ ‘ਸੰਤ ਰਵਿਦਾਸ ਜੀ ਮਹਾਰਾਜ’ ਦੇ ਨਾਮ ‘ਤੇ ਰੱਖਣ ਦੇ ਫੈਸਲੇ ਦੀ ਸ਼ਲਾਘਾ ਕੀਤੀ। ਡੇਰਾ ਬੱਲਾਂ ਦੇ ਮੁਖੀ ਸੰਤ ਨਿਰੰਜਨ ਦਾਸ ਜੀ ਨੂੰ ਦੇਸ਼ ਦੇ ਵੱਕਾਰੀ ‘ਪਦਮ ਸ਼੍ਰੀ’ ਸਨਮਾਨ ਨਾਲ ਨਿਵਾਜਣ ਲਈ ਕੇਂਦਰ ਸਰਕਾਰ ਦਾ ਸ਼ੁਕਰਾਨਾ ਕੀਤਾ। ਲੁਧਿਆਣਾ ਵਿਖੇ ਹਲਵਾਰਾ ਇੰਟਰਨੈਸ਼ਨਲ ਏਅਰਪੋਰਟ ਦੇ ਨਵੇਂ ਟਰਮੀਨਲ ਦਾ ਉਦਘਾਟਨ ਕਰਨ ਲਈ ਵੀ ਪ੍ਰਧਾਨ ਮੰਤਰੀ ਦਾ ਧੰਨਵਾਦ ਕੀਤਾ ਗਿਆ। ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਇਹ ਕਦਮ ਗੁਰੂ ਰਵਿਦਾਸ ਜੀ ਦੀਆਂ ਸਿੱਖਿਆਵਾਂ ਪ੍ਰਤੀ ਸਤਿਕਾਰ ਅਤੇ ਪੰਜਾਬ ਦੇ ਵਿਕਾਸ ਪ੍ਰਤੀ ਸਰਕਾਰ ਦੀ ਵਚਨਬੱਧਤਾ ਨੂੰ ਦਰਸਾਉਂਦੇ ਹਨ।
