ਢੱਡਰੀਆਂਵਾਲੇ ਨਾਲ ਜੁੜੇ ਮਾਮਲੇ ‘ਚ ਪੁਲਿਸ ਨੂੰ ਰਿਪੋਰਟ ‘ਤੇ ਪੱਖ ਪੇਸ਼ ਕਰਨ ਦੇ ਹੁਕਮ

ਪਟਿਆਲਾ ‘ਚ ਕੁੜੀ ਨਾਲ ਬਲਾਤਕਾਰ ਤੇ ਕਤਲ ਦੇ ਲੱਗੇ ਸਨ ਇਲਜ਼ਾਮ

ਚੰਡੀਗੜ੍ਹ, 2 ਜੁਲਾਈ (ਨਿਊਜ਼ ਟਾਊਨ ਨੈਟਵਰਕ) : ਰਣਜੀਤ ਸਿੰਘ ਢੱਡਰੀਆਂਵਾਲੇ ਨਾਲ ਸਬੰਧਤ ਬਲਾਤਕਾਰ ਮਾਮਲੇ ਦੀ ਸੁਣਵਾਈ ਅੱਜ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿਚ ਹੋਈ। ਪੀੜਤ ਦੇ ਭਰਾ ਵਲੋਂ ਦਾਇਰ ਪਟੀਸ਼ਨ ਵਿਚ ਦੋਸ਼ ਲਗਾਇਆ ਗਿਆ ਸੀ ਕਿ ਉਸਦੀ ਭੈਣ ਨਾਲ 2012 ਵਿਚ ਡੇਰੇ ਵਿਚ ਬਲਾਤਕਾਰ ਹੋਇਆ ਸੀ, ਜਿਸ ‘ਤੇ ਲੰਬੇ ਸਮੇਂ ਤੱਕ ਕੋਈ ਐਫਆਈਆਰ ਦਰਜ ਨਹੀਂ ਕੀਤੀ ਗਈ।
ਮਾਣਯੋਗ ਹਾਈ ਕੋਰਟ ਦੇ ਹੁਕਮਾਂ ‘ਤੇ ਪਿਛਲੇ ਸਾਲ ਐਫਆਈਆਰ ਦਰਜ ਕੀਤੀ ਗਈ ਸੀ। 19 ਦਸੰਬਰ 2024 ਨੂੰ ਹਾਈ ਕੋਰਟ ਨੇ ਪੰਜਾਬ ਪੁਲਿਸ ਨੂੰ ਇਸ ਮਾਮਲੇ ਦੀ ਜਾਂਚ ਪੂਰੀ ਕਰਨ ਅਤੇ ਮੈਜਿਸਟ੍ਰੇਟ ਨੂੰ ਰਿਪੋਰਟ ਪੇਸ਼ ਕਰਨ ਦੇ ਨਿਰਦੇਸ਼ ਦਿਤੇ ਸਨ। ਅਦਾਲਤ ਨੇ ਇਹ ਵੀ ਕਿਹਾ ਸੀ ਕਿ ਜੇਕਰ ਮੈਜਿਸਟ੍ਰੇਟ ਜਾਂਚ ਰਿਪੋਰਟ ਤੋਂ ਸੰਤੁਸ਼ਟ ਨਹੀਂ ਹੈ ਤਾਂ ਇਸਨੂੰ ਹਾਈ ਕੋਰਟ ਨੂੰ ਭੇਜਿਆ ਜਾਵੇ।
ਹੁਣ ਮੈਜਿਸਟ੍ਰੇਟ ਨੇ ਪੰਜਾਬ ਪੁਲਿਸ ਦੀ ਕਲੋਜ਼ਰ ਰਿਪੋਰਟ ਨਾਲ ਅਸਹਿਮਤੀ ਜਤਾਈ ਅਤੇ ਇਸਨੂੰ ਹਾਈ ਕੋਰਟ ਨੂੰ ਭੇਜ ਦਿਤਾ ਹੈ। ਅੱਜ ਹੋਈ ਸੁਣਵਾਈ ਵਿਚ ਹਾਈ ਕੋਰਟ ਨੇ ਪਟੀਸ਼ਨਕਰਤਾ ਦੇ ਵਕੀਲ ਅਤੇ ਪੰਜਾਬ ਸਰਕਾਰ ਨੂੰ ਅਗਲੀ ਸੁਣਵਾਈ ਵਿਚ ਇਸ ਰਿਪੋਰਟ ‘ਤੇ ਆਪਣਾ ਪੱਖ ਪੇਸ਼ ਕਰਨ ਦੇ ਹੁਕਮ ਦਿਤੇ। ਮਾਮਲੇ ਦੀ ਅਗਲੀ ਸੁਣਵਾਈ ਵਿਚ ਇਸ ‘ਤੇ ਵਿਸਥਾਰਤ ਚਰਚਾ ਹੋਣ ਦੀ ਉਮੀਦ ਹੈ।
ਜ਼ਿਕਰਯੋਗ ਹੇ ਕਿ ਸਾਲ 2012 ਵਿਚ ਇਕ ਲੜਕੀ ਦੇ ਕਤਲ ਅਤੇ ਰੇਪ ਦੇ ਮਾਮਲੇ ਵਿਚ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਜਵਾਬ ਤਲਬ ਕੀਤਾ ਸੀ। ਇਸ ਮਾਮਲੇ ਵਿਚ ਮ੍ਰਿਤਕ ਦੇ ਭਰਾ ਨੇ ਪਟੀਸ਼ਨ ਦਾਇਰ ਕਰਕੇ ਮਾਮਲੇ ਦੀ ਜਾਂਚ ਕਰਨ ਦੀ ਮੰਗ ਕਰਦਿਆਂ ਰਣਜੀਤ ਸਿੰਘ ਢੱਡਰੀਆਂਵਾਲੇ ‘ਤੇ ਗੰਭੀਰ ਇਲਜ਼ਾਮ ਲਾਏ ਗਏ ਸਨ।
