ਕੇਂਦਰ ਸਰਕਾਰ ਦਾ ਪੰਜਾਬ ਨੂੰ ਵੱਡਾ ਝਟਕਾ, ਰੱਦ ਹੋਏ ਇਹ ਪ੍ਰੋਜੈਕਟ…


ਪੰਜਾਬ, 14 ਅਗਸਤ, 2025 ( ਨਿਊਜ਼ ਟਾਊਨ ਨੈੱਟਵਰਕ ) :
ਕੇਂਦਰ ਸਰਕਾਰ ਵੱਲੋਂ ਪੰਜਾਬ ਵਿਚ ‘ਪ੍ਰਧਾਨ ਮੰਤਰੀ ਸੜਕ ਯੋਜਨਾ’ ਦਾ ਤਕਰੀਬਨ 800 ਕਰੋੜ ਰੁਪਏ ਦਾ ਪ੍ਰਾਜੈਕਟ ਰੱਦ ਕਰ ਦਿੱਤਾ ਹੈ। ਪ੍ਰਧਾਨ ਮੰਤਰੀ ਸੜਕ ਯੋਜਨਾ-3 ਪ੍ਰਾਜੈਕਟ ਤਹਿਤ ਪੰਜਾਬ ਵਿਚ 64 ਸੜਕਾਂ ਅਪਗਰੇਡ ਹੋਣੀਆਂ ਸਨ ਅਤੇ 38 ਪੁਲ ਬਣਨੇ ਸਨ। ਇਨ੍ਹਾਂ ਸੜਕਾਂ ਦੀ ਲੰਬਾਈ 628.48 ਕਿਲੋਮੀਟਰ ਬਣਦੀ ਹੈ। ਪੰਜਾਬ ਵਿਚ ਇਸ ਪ੍ਰਾਜੈਕਟ ਤਹਿਤ ਵਾਤਾਵਰਣ ਅਨੁਕੂਲ ਨਵੀਂ ਤਕਨਾਲੋਜੀ (ਐਫਡੀਆਰ) ਨਾਲ 64 ਸੜਕਾਂ ਅਪਗਰੇਡ ਹੋਣੀਆਂ ਸਨ ਅਤੇ 15 ਮੀਟਰ ਤੋਂ ਵੱਧ ਲੰਬਾਈ ਦੇ 38 ਪੁਲ ਬਣਨੇ ਸਨ।
ਕੇਂਦਰ ਸਰਕਾਰ ਨੇ 31 ਮਾਰਚ ਨੂੰ ਇਨ੍ਹਾਂ ਸੜਕਾਂ ਤੇ ਪੁਲਾਂ ਦੇ ਪ੍ਰਾਜੈਕਟ ਨੂੰ ਪ੍ਰਵਾਨਗੀ ਦੇ ਦਿੱਤੀ ਸੀ, ਪਰ ਹੁਣ ਕੇਂਦਰੀ ਪੇਂਡੂ ਵਿਕਾਸ ਮੰਤਰਾਲੇ ਦੇ ਸੰਯੁਕਤ ਸਕੱਤਰ ਨੇ 11 ਜੁਲਾਈ ਨੂੰ ਲਿਖੇ ਪੱਤਰ ਵਿਚ ਕਹਿ ਦਿੱਤਾ ਹੈ ਕਿ ਜਿਹੜੇ ਕੰਮਾਂ ਦੇ ਟੈਂਡਰ ਜਾਂ ਕੰਮ ਸ਼ੁਰੂ ਨਹੀਂ ਹੋਏ ਹਨ, ਉਨ੍ਹਾਂ ਨੂੰ ਡਰਾਪ ਕੀਤਾ ਜਾਂਦਾ ਹੈ। ਕੇਂਦਰੀ ਮੰਤਰਾਲੇ ਦੇ ਇਸ ਫੈਸਲੇ ਨਾਲ ਪੰਜਾਬ ਦੇ 828.87 ਕਰੋੜ ਦਾ ਪ੍ਰਾਜੈਕਟ ਰੁਕ ਗਿਆ ਹੈ, ਜਿਨ੍ਹਾਂ ਸੜਕਾਂ ਉਤੇ ਪੁਲ ਬਣਨੇ ਹਨ, ਉਨ੍ਹਾਂ ਸੜਕਾਂ ਦਾ ਕੰਮ ਤਾਂ ਮੁਕੰਮਲ ਹੋ ਗਿਆ ਹੈ ਪ੍ਰੰਤੂ ਪੁਲਾਂ ਦੀ ਪ੍ਰਵਾਨਗੀ ਨੂੰ ਡਰਾਪ ਕਰ ਦਿੱਤਾ ਗਿਆ ਹੈ ਜਿਸ ਕਰਕੇ ਲੋਕਾਂ ਦੀਆਂ ਮੁਸ਼ਕਲਾਂ ਹੋਰ ਵਧ ਜਾਣਗੀਆਂ।
ਇਸੇ ਤਰ੍ਹਾਂ ਯੋਜਨਾ ਤਹਿਤ 64 ਸੜਕਾਂ ਦੀ ਅਪਗਰੇਡੇਸ਼ਨ ਦਾ ਕੰਮ ਸ਼ੁਰੂ ਹੋਣਾ ਸੀ, ਜੋ ਹੁਣ ਖਟਾਈ ਵਿਚ ਪੈ ਗਿਆ ਹੈ।