ਮੁੱਖ ਮੰਤਰੀ ਭਗਵੰਤ ਮਾਨ ਨੇ ਅੰਮ੍ਰਿਤਸਰ ਨੂੰ ਦਿੱਤਾ ਸੁਲਤਾਨਵਿੰਡ ਫਲਾਈਓਵਰ ਦਾ ਤੋਹਫ਼ਾ

ਮੁੱਖ ਮੰਤਰੀ ਭਗਵੰਤ ਮਾਨ ਨੇ ਅੰਮ੍ਰਿਤਸਰ ਨੂੰ...
ਅੰਮ੍ਰਿਤਸਰ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਐਤਵਾਰ ਨੂੰ ਪਵਿੱਤਰ ਨਗਰੀ ਅੰਮ੍ਰਿਤਸਰ ਵਿੱਚ ਸੁਲਤਾਨਵਿੰਡ ਬਾਈਪਾਸ ਅਤੇ ਸੁਲਤਾਨਵਿੰਡ ਲਿੰਕ ਰੋਡ ਦੇ ਜੰਕਸ਼ਨ ‘ਤੇ ਨਵੇਂ ਬਣੇ ਫਲਾਈਓਵਰ ਨੂੰ ਲੋਕਾਂ ਨੂੰ ਸਮਰਪਿਤ ਕੀਤਾ। ਉਨ੍ਹਾਂ ਕਿਹਾ ਕਿ ਇਸ ਪ੍ਰੋਜੈਕਟ ਨਾਲ ਲੰਬੇ ਸਮੇਂ ਤੋਂ ਚੱਲ ਰਹੀ ਟ੍ਰੈਫਿਕ ਸਮੱਸਿਆ ਦਾ ਹੱਲ ਹੋਵੇਗਾ ਅਤੇ ਰੋਜ਼ਾਨਾ ਸ੍ਰੀ ਦਰਬਾਰ ਸਾਹਿਬ ਆਉਣ ਵਾਲੇ ਦੋ ਲੱਖ ਤੋਂ ਵੱਧ ਸ਼ਰਧਾਲੂਆਂ ਨੂੰ ਵੱਡੀ ਸਹੂਲਤ ਮਿਲੇਗੀ।
ਮੁੱਖ ਮੰਤਰੀ ਨੇ ਦੱਸਿਆ ਕਿ ਇਸ ਪ੍ਰੋਜੈਕਟ ਲਈ 34.20 ਕਰੋੜ ਰੁਪਏ ਦੀ ਪ੍ਰਸ਼ਾਸਕੀ ਮਨਜ਼ੂਰੀ ਦਿੱਤੀ ਗਈ ਸੀ, ਪਰ ਪਾਰਦਰਸ਼ੀ ਪ੍ਰਕਿਰਿਆ ਰਾਹੀਂ ਇਹ ਸਿਰਫ਼ 22.68 ਕਰੋੜ ਰੁਪਏ ਵਿੱਚ ਮੁਕੰਮਲ ਹੋਇਆ, ਜਿਸ ਨਾਲ ਸਰਕਾਰੀ ਖ਼ਜ਼ਾਨੇ ਦੇ 11.52 ਕਰੋੜ ਰੁਪਏ ਦੀ ਬਚਤ ਹੋਈ। ਉਨ੍ਹਾਂ ਦੱਸਿਆ ਕਿ 985 ਮੀਟਰ ਲੰਬੇ ਇਸ ਪ੍ਰੋਜੈਕਟ ਵਿੱਚ 725 ਮੀਟਰ ਲੰਬਾ ਅਤੇ 14 ਮੀਟਰ ਚੌੜਾ ਫਲਾਈਓਵਰ ਬਣਾਇਆ ਗਿਆ ਹੈ, ਜਿਸ ਦੇ ਦੋਵੇਂ ਪਾਸਿਆਂ 5.5 ਮੀਟਰ ਚੌੜੀਆਂ ਸਰਵਿਸ ਰੋਡਾਂ ਵੀ ਤਿਆਰ ਕੀਤੀਆਂ ਗਈਆਂ ਹਨ।
ਭਗਵੰਤ ਮਾਨ ਨੇ ਕਿਹਾ ਕਿ ਸਰਕਾਰ ਕਰਦਾਤਾਵਾਂ ਦਾ ਪੈਸਾ ਬਚਾਉਣ ਲਈ ਆਰਟੀਫੀਸ਼ੀਅਲ ਇੰਟੈਲੀਜੈਂਸ (ਏ.ਆਈ.) ਦੀ ਵਰਤੋਂ ਕਰ ਰਹੀ ਹੈ ਅਤੇ ਹੁਣ 43,000 ਕਿਲੋਮੀਟਰ ਤੋਂ ਵੱਧ ਸੜਕਾਂ ਦੇ ਨਿਰਮਾਣ ਨਾਲ ਉਨ੍ਹਾਂ ਦੇ ਪੰਜ ਸਾਲਾਂ ਦੇ ਰੱਖ-ਰਖਾਅ ਦੀ ਜ਼ਿੰਮੇਵਾਰੀ ਵੀ ਠੇਕੇਦਾਰਾਂ ਦੀ ਹੋਵੇਗੀ।
ਉਨ੍ਹਾਂ ਦੱਸਿਆ ਕਿ ਸੂਬੇ ਵਿੱਚ ਹੁਣ 80 ਫੀਸਦੀ ਤੋਂ ਵੱਧ ਸਿੰਚਾਈ ਨਹਿਰੀ ਪਾਣੀ ਰਾਹੀਂ ਹੋ ਰਹੀ ਹੈ, ਜਿਸ ਨਾਲ ਧਰਤੀ ਹੇਠਲੇ ਪਾਣੀ ‘ਤੇ ਨਿਰਭਰਤਾ ਘਟੀ ਹੈ। ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਲਈ 15 ਜੁਲਾਈ ਤੱਕ ਪੰਜਾਬ ਭਰ ਵਿੱਚ 3,100 ਨਵੇਂ ਸਟੇਡੀਅਮ, 3,000 ਜਿੰਮ ਅਤੇ 400 ਨਵੇਂ ਆਮ ਆਦਮੀ ਕਲੀਨਿਕ ਲੋਕਾਂ ਨੂੰ ਸਮਰਪਿਤ ਕਰਨ ਦਾ ਵੀ ਐਲਾਨ ਕੀਤਾ।
