ਨੀਟ ਪ੍ਰੀਖਿਆ ਪਾਸ ਕਰਨ ਵਾਲੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਦਾ ਮੁੱਖ ਮੰਤਰੀ ਨੇ ਕੀਤਾ ਸਨਮਾਨ

0
cm mann

(ਨਿਊਜ਼ ਟਾਊਨ ਨੈਟਵਰਕ)

ਚੰਡੀਗੜ੍ਹ, 27 ਜੂਨ : ਪੰਜਾਬ ਦੇ ਨੀਟ ਪ੍ਰੀਖਿਆ ਪਾਸ ਕਰਨ ਵਾਲੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਦਾ ਅੱਜ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸਨਮਾਨ ਕੀਤਾ। ਸਮਾਰੋਹ ਦੌਰਾਨ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸਿੱਖਿਆ ਖ਼ੇਤਰ ਵਿਚ ਪਿਛਲੇ ਤਿੰਨ ਸਾਲਾਂ ਵਿਚ ਮਿਸਾਲੀ ਤਬਦੀਲੀ ਦੇਖਣ ਨੂੰ ਮਿਲੀ ਹੈ। ਇਨ੍ਹਾਂ ਕ੍ਰਾਂਤੀਕਾਰੀ ਕਦਮਾਂ ਨਾਲ ਸਿੱਖਿਆ ਖ਼ੇਤਰ ਨੂੰ ਵੱਡਾ ਹੁਲਾਰਾ ਮਿਲਿਆ ਹੈ, ਜਿਸ ਕਾਰਨ ਇਨ੍ਹੀਂ ਦਿਨੀਂ ਵਿਦਿਆਰਥੀ ਹਰੇਕ ਖ਼ੇਤਰ ਵਿਚ ਸਫ਼ਲਤਾ ਦੇ ਝੰਡੇ ਗੱਡ ਰਹੇ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਅੱਜ ਦਾ ਦਿਨ ਇਤਿਹਾਸਕ ਹੈ ਕਿਉਂਕਿ ਸਰਕਾਰੀ ਸਕੂਲਾਂ ਦੇ 509 ਵਿਦਿਆਰਥੀਆਂ ਨੇ ਨੀਟ ਦੀ ਵੱਕਾਰੀ ਪ੍ਰੀਖਿਆ ਪਾਸ ਕੀਤੀ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਹੁਣ ਸਰਕਾਰੀ ਸਕੂਲਾਂ ਰਾਹੀਂ ਮਾਪਿਆਂ ਦੇ ਸੁਪਨੇ ਸਾਕਾਰ ਹੋ ਰਹੇ ਹਨ, ਜੋ ਵਿਦਿਆਰਥੀਆਂ ਨੂੰ ਮਿਆਰੀ ਸਿੱਖਿਆ ਦੇ ਰਹੇ ਹਨ। ਉਨ੍ਹਾਂ ਅਫ਼ਸੋਸ ਪ੍ਰਗਟ ਕੀਤਾ ਕਿ ਪਿਛਲੀਆਂ ਸਰਕਾਰਾਂ ਨੇ ਲੋਕਾਂ ਨੂੰ ਸਹੀ ਮੌਕੇ ਮੁਹੱਈਆ ਨਹੀਂ ਕੀਤੇ, ਜਿਸ ਕਾਰਨ ਜ਼ਿਆਦਾਤਰ ਨੌਜਵਾਨ ਸਰਕਾਰੀ ਨੌਕਰੀਆਂ ਲਈ ਉਮਰ ਹੱਦ ਟੱਪ ਗਏ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਕਿੰਨੀ ਬਦਕਿਸਮਤੀ ਦੀ ਗੱਲ ਹੈ ਕਿ ਸਿਆਸੀ ਆਗੂਆਂ ਦੇ ਚੋਣਾਂ ਲੜਨ ਲਈ ਉਮਰ ਦੀ ਕੋਈ ਹੱਦ ਨਹੀਂ, ਸਗੋਂ ਸਰਕਾਰੀ ਨੌਕਰੀਆਂ ਲੈਣ ਲਈ ਉਮਰ ਹੱਦ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਇਕ ਮਿਸਾਲੀ ਤਬਦੀਲੀ ਤਹਿਤ ਸਰਕਾਰੀ ਸਕੂਲਾਂ ਵਿਚ ਮਾਪੇ-ਅਧਿਆਪਕ ਮਿਲਣੀ (ਪੀ.ਟੀ.ਐਮ.) ਕਰਵਾਈ ਗਈ। ਪਹਿਲਾਂ ਪ੍ਰਾਈਵੇਟ ਸਕੂਲਾਂ ਵਿਚ ਅਜਿਹੀਆਂ ਮਿਲਣੀਆਂ ਹੁੰਦੀਆਂ ਸਨ ਅਤੇ ਸਰਕਾਰੀ ਸਕੂਲ ਇਨ੍ਹਾਂ ਤੋਂ ਵਾਂਝੇ ਸਨ। ਉਨ੍ਹਾਂ ਕਿਹਾ ਕਿ ਇਹ ਬਿਹਤਰੀਨ ਜੁਗਤ ਹੈ, ਜਿਸ ਰਾਹੀਂ ਮਾਪਿਆਂ ਤੇ ਅਧਿਆਪਕਾਂ ਵਿਚਾਲੇ ਵਿਦਿਆਰਥੀਆਂ ਦੀ ਪੜ੍ਹਾਈ ਲਈ ਬਿਹਤਰ ਤਾਲਮੇਲ ਪੈਦਾ ਹੁੰਦਾ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਲੜਕੀਆਂ ਅੱਜ ਹਰੇਕ ਖ਼ੇਤਰ ਵਿਚ ਸਫ਼ਲਤਾ ਦੀ ਨਵੀਂ ਇਬਾਰਤ ਲਿਖ ਰਹੀਆਂ ਹਨ ਅਤੇ ਉਨ੍ਹਾਂ ਲੜਕਿਆਂ ਨੂੰ ਜ਼ਿਆਦਾਤਰ ਖ਼ੇਤਰਾਂ ਵਿਚ ਪਛਾੜਿਆ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨੇ ਪੰਜਾਬ ਵਿਚ ਔਰਤਾਂ ਨੂੰ ਵੱਧ ਅਖ਼ਤਿਆਰ ਦੇਣ ਉੱਤੇ ਧਿਆਨ ਕੇਂਦਰਤ ਕੀਤਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸਾਡੀ ਸਰਕਾਰ ਨੇ ਸੱਤ ਮਹਿਲਾ ਅਫ਼ਸਰਾਂ ਨੂੰ ਡਿਪਟੀ ਕਮਿਸ਼ਨਰ ਅਤੇ ਅੱਠ ਮਹਿਲਾ ਅਫ਼ਸਰਾਂ ਨੂੰ ਐਸ.ਐਸ.ਪੀ. ਨਿਯੁਕਤ ਕੀਤਾ ਹੈ। ਇਸ ਪ੍ਰੋਗਰਾਮ ਦੌਰਾਨ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਤੇ ਹੋਰ ਵੀ ਹਾਜ਼ਰ ਸਨ।

Leave a Reply

Your email address will not be published. Required fields are marked *