ਹਿਮਾਚਲ ਦੇ ਕੁੱਲੂ ‘ਚ ਦੋ ਥਾਂਵਾਂ ‘ਤੇ ਬੱਦਲ ਫਟਿਆ


ਕੁੱਲੂ, 25 ਜੂਨ (ਨਿਊਜ਼ ਟਾਊਨ ਨੈਟਵਰਕ) : ਬੁੱਧਵਾਰ ਨੂੰ ਹਿਮਾਚਲ ਪ੍ਰਦੇਸ਼ ਦੇ ਕੁੱਲੂ ਵਿਚ ਦੋ ਥਾਵਾਂ ‘ਤੇ ਬੱਦਲ ਫਟਣ ਦੀ ਘਟਨਾ ਵਾਪਰੀ। ਸੈਂਜ ਘਾਟੀ ਵਿਚ ਜੀਵਾ ਨਾਲੇ ‘ਚ ਪਾਣੀ ਦਾ ਬਹਾਅ ਤੇਜ਼ ਹੋ ਗਿਆ ਜਦਕਿ ਮਣੀਕਰਨ ਦੇ ਬ੍ਰਹਮਗੰਗਾ ‘ਚ ਬੱਦਲ ਫਟਣ ਕਾਰਨ ਨਦੀਆਂ ਅਤੇ ਨਾਲਿਆਂ ਦੇ ਪਾਣੀ ਦਾ ਪੱਧਰ ਅਚਾਨਕ ਵੱਧ ਗਿਆ। ਇਸ ਘਟਨਾ ਤੋਂ ਬਾਅਦ ਇਲਾਕੇ ਦੇ ਜੀਵਾ ਨਾਲੇ ‘ਚ ਤੇਜ਼ ਹੜ੍ਹ ਆ ਗਿਆ, ਜਿਸ ਕਾਰਨ ਆਲੇ ਦੁਆਲੇ ਦੇ ਇਲਾਕਿਆਂ ‘ਚ ਅਲਰਟ ਜਾਰੀ ਕਰ ਦਿਤਾ ਗਿਆ ਹੈ।
ਸਥਾਨਕ ਪ੍ਰਸ਼ਾਸਨ ਦੇ ਅਨੁਸਾਰ ਫੱਟਣ ਮਗਰੋਂ ਪਾਰਵਤੀ ਨਦੀ ਵੀ ਹੜ੍ਹ ‘ਚ ਆਇਆ ਹੈ। ਹਾਲਾਂਕਿ ਹੁਣ ਤੱਕ ਕਿਸੇ ਵੀ ਜਾਨੀ ਜਾਂ ਮਾਲੀ ਨੁਕਸਾਨ ਦੀ ਕੋਈ ਖ਼ਬਰ ਨਹੀਂ ਹੈ ਪਰ ਸਾਵਧਾਨੀ ਵਜੋਂ ਲੋਕਾਂ ਨੂੰ ਸੁਰੱਖਿਅਤ ਥਾਵਾਂ ‘ਤੇ ਰਹਿਣ ਦੀ ਸਲਾਹ ਦਿਤੀ ਗਈ ਹੈ।
ਮੌਸਮ ਵਿਭਾਗ ਦੇ ਅਨੁਸਾਰ ਪਹਾੜਾਂ ਵਿਚ ਇਕ ਨਵਾਂ ਪੱਛਮੀ ਗੜਬੜੀ ਸਰਗਰਮ ਹੋ ਗਈ ਹੈ। ਇਸ ਕਾਰਨ ਜੰਮੂ-ਕਸ਼ਮੀਰ, ਹਿਮਾਚਲ, ਉਤਰਾਖੰਡ ਅਤੇ ਲੱਦਾਖ ਵਿਚ ਭਾਰੀ ਤੋਂ ਬਹੁਤ ਭਾਰੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਹਿਮਾਚਲ ਦੇ ਸੋਲਨ, ਸ਼ਿਮਲਾ ਅਤੇ ਕੁੱਲੂ ਜ਼ਿਲ੍ਹਿਆਂ ਵਿਚ ਭਾਰੀ ਬਾਰਿਸ਼ ਲਈ ਪੀਲਾ ਅਲਰਟ ਜਾਰੀ ਕੀਤਾ ਗਿਆ ਹੈ। ਮੌਸਮ ਵਿਭਾਗ ਨੇ ਲੋਕਾਂ ਨੂੰ ਸਾਵਧਾਨ ਰਹਿਣ ਲਈ ਕਿਹਾ ਹੈ। ਅਗਲੇ 24 ਘੰਟਿਆਂ ਵਿਚ ਪੰਜਾਬ, ਹਰਿਆਣਾ ਅਤੇ ਦਿੱਲੀ ਵਿਚ ਵੀ ਭਾਰੀ ਬਾਰਿਸ਼ ਹੋ ਸਕਦੀ ਹੈ।
ਜ਼ਿਕਰਯੋਗ ਹੈ ਕਿ ਹਿਮਾਚਲ ਸਮੇਤ ਕਈ ਰਾਜਾਂ ‘ਚ ਮਾਨਸੂਨ ਦਾ ਕਹਿਰ ਜਾਰੀ ਹੈ। ਪ੍ਰਸ਼ਾਸਨ ਅਤੇ ਆਫ਼ਤ ਪ੍ਰਬੰਧਨ ਟੀਮਾਂ ਮੌਕੇ ‘ਤੇ ਨਿਗਰਾਨੀ ਕਰ ਰਹੀਆਂ ਹਨ। ਸਥਾਨਕ ਨਿਵਾਸੀਆਂ ਨੂੰ ਅਪੀਲ ਕੀਤੀ ਗਈ ਹੈ ਕਿ ਉਹ ਦਰਿਆਵਾਂ ਅਤੇ ਨਾਲਿਆਂ ਦੇ ਕੰਢਿਆਂ ਦੇ ਨੇੜੇ ਨਾ ਜਾਣ ਅਤੇ ਮੌਸਮ ਵਿਭਾਗ ਦੀਆਂ ਚੇਤਾਵਨੀਆਂ ਵੱਲ ਧਿਆਨ ਦੇਣ।
ਮੌਸਮ ਵਿਭਾਗ ਨੇ ਅਗਲੇ 24 ਘੰਟਿਆਂ ਲਈ ਕੁਝ ਉੱਚਾਈ ਵਾਲੇ ਇਲਾਕਿਆਂ ‘ਚ ਹਲਕੀ ਤੋਂ ਦਰਮਿਆਨੀ ਬਾਰਿਸ਼ ਅਤੇ ਭਾਰੀ ਬਾਰਿਸ਼ ਦੀ ਭਵਿੱਖਬਾਣੀ ਕੀਤੀ ਹੈ।