CM ਮਾਨ ਨੇ ਹੁਸ਼ਿਆਰਪੁਰ ‘ਚ ਪੀੜਤ ਪਰਿਵਾਰਾਂ ਦੀਆਂ ਸੁਣੀਆਂ ਦੁੱਖ-ਤਕਲੀਫਾਂ !


ਕਿਹਾ, ਸੂਬਾ ਸਰਕਾਰ ਲੋਕਾਂ ਨੂੰ ਹੋਏ ਨੁਕਸਾਨ ਦੇ ਇਕ-ਇਕ ਪੈਸੇ ਦੀ ਭਰਪਾਈ ਕਰੇਗੀ
ਕਿਹਾ, ਸੰਕਟ ਦੀ ਘੜੀ ਵਿਚ ਲੋਕਾਂ ਨਾਲ ਖੜੀ ਹੈ ਪੰਜਾਬ ਸਰਕਾਰ
(ਤਰਸੇਮ ਦੀਵਾਨਾ)
ਟਾਂਡਾ (ਹੁਸ਼ਿਆਰਪੁਰ), 1 ਸਤੰਬਰ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਪੰਜਾਬ ਹੁਣ ਤਕ ਦੇ ਸਭ ਤੋਂ ਭਿਆਨਕ ਹੜ੍ਹਾਂ ਦਾ ਸਾਹਮਣਾ ਕਰ ਰਿਹਾ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ ਲੋਕਾਂ ਨੂੰ ਭਰੋਸਾ ਦਿਤਾ ਕਿ ਸੰਕਟ ਦੀ ਇਸ ਘੜੀ ਵਿੱਚ ਸੂਬਾ ਸਰਕਾਰ ਉਨ੍ਹਾਂ ਦੇ ਨਾਲ ਡਟ ਕੇ ਖੜ੍ਹੀ ਹੈ ਅਤੇ ਇਸ ਸੰਕਟ ਵਿੱਚੋਂ ਕੱਢਣ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਮੁੱਖ ਮੰਤਰੀ ਨੇ ਅੱਜ ਹੁਸ਼ਿਆਪੁਰ ਜ਼ਿਲ੍ਹੇ ਵਿੱਚ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕੀਤਾ। ਇਸ ਮੌਕੇ ਉਨ੍ਹਾਂ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਮਿਆਣੀ ਦੇ ਰਾਹਤ ਕੈਂਪ ਵਿਖੇ ਰਹਿ ਰਹੇ ਹੜ੍ਹ ਪੀੜਤ ਪਰਿਵਾਰਾਂ ਨਾਲ ਮੁਲਾਕਾਤ ਕਰਕੇ ਉਨ੍ਹਾਂ ਦੀਆਂ ਦੁੱਖ-ਤਕਲੀਫਾਂ ਸੁਣੀਆਂ। ਇਸ ਦੌਰਾਨ ਮੁੱਖ ਮੰਤਰੀ ਨੇ ਕਿਹਾ ਕਿ ਕੁਦਰਤੀ ਆਫ਼ਤ ਨਾਲ ਸੂਬੇ ਦਾ ਵੱਡਾ ਨੁਕਸਾਨ ਹੋਇਆ ਹੈ ਪਰ ਸੂਬਾ ਸਰਕਾਰ ਨੇ ਪ੍ਰਭਾਵਿਤ ਲੋਕਾਂ ਦੇ ਬਚਾਅ ਅਤੇ ਰਾਹਤ ਲਈ ਜੰਗੀ ਪੱਧਰ ਕਾਰਜ ਵਿੱਢਿਆ ਹੋਇਆ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਨੇ ਇਸ ਚੁਣੌਤੀਪੂਰਨ ਸਮੇਂ ਵਿੱਚ ਰਾਹਤ ਕਾਰਜਾਂ ਲਈ ਪਹਿਲਾਂ ਹੀ ਵਿਆਪਕ ਪੱਧਰ ’ਤੇ ਕਦਮ ਚੁੱਕੇ ਹਨ। ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਹੜ੍ਹ ਪ੍ਰਭਾਵਿਤ ਜ਼ਿਲ੍ਹਿਆਂ ਵਿੱਚ ਲੋਕਾਂ ਨੂੰ ਸੰਕਟ ਵਿੱਚੋਂ ਕੱਢਣ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਨੀਵੇਂ ਇਲਾਕਿਆਂ ਵਿੱਚੋਂ ਲੋਕਾਂ ਨੂੰ ਕੱਢਣ ਅਤੇ ਉਨ੍ਹਾਂ ਨੂੰ ਤੁਰੰਤ ਰਾਹਤ ਦੇਣ ਲਈ ਪਹਿਲਾਂ ਹੀ ਪ੍ਰਸ਼ਾਸਨ ਨੂੰ ਹੁਕਮ ਜਾਰੀ ਕੀਤੇ ਜਾ ਚੁੱਕੇ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਜ਼ਿਲ੍ਹਿਆਂ ਦੇ ਸਾਰੇ ਵਿਭਾਗਾਂ ਨੂੰ ਆਪਸੀ ਤਾਲਮੇਲ ਨਾਲ ਇਕਜੁਟ ਹੋ ਕੇ ਬਚਾਅ ਤੇ ਰਾਹਤ ਕਾਰਜ ਕਰਨ ਲਈ ਆਖਿਆ ਗਿਆ ਹੈ ਤਾਂ ਲੋਕਾਂ ਦੀ ਵੱਧ ਤੋਂ ਵੱਧ ਮਦਦ ਕੀਤੀ ਜਾ ਸਕੇ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਲੋਕਾਂ ਨੂੰ ਹੋਏ ਨੁਕਸਾਨ ਦੇ ਇਕ-ਇਕ ਪੈਸੇ ਦੀ ਭਰਪਾਈ ਕਰੇਗੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਕੁਦਰਤੀ ਆਫ਼ਤ ਨਾਲ ਪੈਦਾ ਹੋਈ ਸਥਿਤੀ ’ਤੇ ਉਹ ਨਿਰੰਤਰ ਨਜ਼ਰ ਰੱਖ ਰਹੇ ਹਨ। ਮੁੱਖ ਮੰਤਰੀ ਨੇ ਕਿਹਾ ਕਿ ਰਾਹਤ ਤੇ ਬਚਾਅ ਕਾਰਜਾਂ ਨੂੰ ਪੂਰਾ ਕਰਨ ਲਈ ਵੱਖ-ਵੱਖ ਵਿਭਾਗਾਂ ਦੇ ਮੁਲਾਜ਼ਮ ਦਿਨ-ਰਾਤ ਲੋਕਾਂ ਦੀ ਮਦਦ ਲਈ ਜੁਟੇ ਹੋਏ ਹਨ। ਭਗਵੰਤ ਸਿੰਘ ਮਾਨ ਨੇ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਦਰਿਆਵਾਂ ਦੇ ਨਾਲ ਲੱਗਦੇ ਪਾੜਾਂ ਨੂੰ ਪੂਰਨ ਦੇ ਨਾਲ-ਨਾਲ ਮੈਡੀਕਲ ਟੀਮਾਂ ਨੂੰ ਬਿਮਾਰੀਆਂ ਤੋਂ ਬਚਾਅ ਲਈ ਹਰੇਕ ਪਿੰਡ ਵਿੱਚ ਸਿਹਤ ਸੰਭਾਲ ਸੇਵਾਵਾਂ ਪ੍ਰਦਾਨ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ। ਉਨ੍ਹਾਂ ਕਿਹਾ ਕਿ ਰਾਹਤ ਕਾਰਜਾਂ ਦੇ ਨਾਲ-ਨਾਲ ਮੈਡੀਕਲ ਟੀਮਾਂ ਨੂੰ ਪਾਣੀ ਦੇ ਨਮੂਨੇ ਲੈਣ, ਘਰਾਂ ਤੇ ਪਿੰਡਾਂ ਦੇ ਅੰਦਰ ਅਤੇ ਬਾਹਰ ਸਪਰੇਅ ਦੇ ਛਿੜਕਾਅ, ਪਾਣੀ ਦੀ ਕਲੋਰੀਨੇਸ਼ਨ, ਬੁਖਾਰ ਦੇ ਸਰਵੇਖਣ, ਮਲੇਰੀਆ ਅਤੇ ਡੇਂਗੂ ਦਾ ਸਮੇਂ ਸਿਰ ਪਤਾ ਲਾਉਣ ਲਈ ਕਾਰਡ ਟੈਸਟ ਅਤੇ ਸੈਨੇਟਰੀ ਨੈਪਕਿਨ ਅਤੇ ਮੱਛਰਦਾਨੀਆਂ ਵੰਡਣ ਦੇ ਕਾਰਜਾਂ ਲਈ ਵੀ ਲੋੜੀਂਦੇ ਆਦੇਸ਼ ਜਾਰੀ ਕੀਤੇ ਜਾ ਚੁੱਕੇ ਹਨ।