ਪੈਟਰੋਲ-ਡੀਜ਼ਲ ਤੇ ਗੈਸ ਦੀਆਂ ਵਧਦੀਆਂ ਕੀਮਤਾਂ ਖ਼ਿਲਾਫ਼ ਕਾਂਗਰਸ ਦਾ ਖੱਚਰ ਰੇਹੜਾ ਪ੍ਰਦਰਸ਼ਨ

0

ਅੱਛੇ ਦਿਨ ਨਹੀਂ, ਕਾਂਗਰਸ ਵਾਲੇ ਦਿਨ ਹੀ ਵਾਪਸ ਕਰ ਦਿਓ: ਕੁਲਵੰਤ ਰਾਏ ਸਿੰਗਲਾ                                     

ਮਾਨਸਾ, 30 ਮਈ (ਬਹਾਦਰ ਖ਼ਾਨ ): – ਕੇਂਦਰ ਦੀ ਭਾਜਪਾ ਸਰਕਾਰ ਵੱਲੋਂ ਪੈਟਰੋਲ, ਡੀਜ਼ਲ, ਘਰੇਲੂ ਗੈਸ, ਸੀਐਨਜੀ ਅਤੇ ਮੋਬਾਈਲ ਰੀਚਾਰਜ ਦੀਆਂ ਕੀਮਤਾਂ ਵਿੱਚ ਹੋ ਰਹੇ ਵਾਧੇ ਖ਼ਿਲਾਫ਼ ਕਾਂਗਰਸ ਪਾਰਟੀ ਨੇ ਬਰੇਟਾ ਵਿਖੇ ਖੱਚਰ ਰੇਹੜੇ ਉੱਤੇ ਸਵਾਰ ਹੋ ਕੇ ਵਿਲੱਖਣ ਢੰਗ ਨਾਲ ਰੋਸ ਪ੍ਰਦਰਸ਼ਨ ਕੀਤਾ। ਇਸ ਦੌਰਾਨ ਕਾਂਗਰਸੀ ਆਗੂਆਂ ਅਤੇ ਵਰਕਰਾਂ ਨੇ ਕੇਂਦਰ ਸਰਕਾਰ ਦੀਆਂ ਨੀਤੀਆਂ ਖ਼ਿਲਾਫ਼ ਨਾਅਰੇਬਾਜ਼ੀ ਕਰਦਿਆਂ ਮਹਿੰਗਾਈ ਦੇ ਮੁੱਦੇ ਨੂੰ ਉਭਾਰਿਆ। ਰੋਸ ਪ੍ਰਦਰਸ਼ਨ ਦੀ ਅਗਵਾਈ ਜ਼ਿਲ੍ਹਾ ਕਾਂਗਰਸ ਪ੍ਰਧਾਨ ਕੁਲਵੰਤ ਰਾਏ ਸਿੰਗਲਾ ਨੇ ਕੀਤੀ। ਉਨ੍ਹਾਂ ਕਿਹਾ ਕਿ ਮੋਦੀ ਸਰਕਾਰ ਦੀਆਂ ਆਰਥਿਕ ਨੀਤੀਆਂ ਕਾਰਨ ਮਹਿੰਗਾਈ ਲਗਾਤਾਰ ਵਧ ਰਹੀ ਹੈ, ਜਿਸ ਨਾਲ ਆਮ ਲੋਕਾਂ ਦਾ ਜੀਵਨ ਬਹੁਤ ਮੁਸ਼ਕਿਲ ਹੋ ਗਿਆ ਹੈ। ਉਨ੍ਹਾਂ ਦੋਸ਼ ਲਗਾਇਆ ਕਿ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਵਾਧੇ ਕਾਰਨ ਟਰਾਂਸਪੋਰਟ ਮਹਿੰਗੀ ਹੋ ਰਹੀ ਹੈ, ਜਿਸ ਦਾ ਸਿੱਧਾ ਅਸਰ ਰੋਜ਼ਮਰ੍ਹਾ ਦੀਆਂ ਵਸਤਾਂ ਦੀਆਂ ਕੀਮਤਾਂ ਉੱਤੇ ਪੈ ਰਿਹਾ ਹੈ।ਸਿੰਗਲਾ ਨੇ ਕਿਹਾ ਕਿ ਘਰੇਲੂ ਗੈਸ ਸਿਲੰਡਰਾਂ ਦੀਆਂ ਵਧੀਆਂ ਕੀਮਤਾਂ ਨੇ ਘਰੇਲੂ ਮਹਿਲਾਵਾਂ ਦੀਆਂ ਮੁਸ਼ਕਲਾਂ ਵਿੱਚ ਵਾਧਾ ਕੀਤਾ ਹੈ, ਜਦਕਿ ਸੀਐਨਜੀ ਅਤੇ ਮੋਬਾਈਲ ਰੀਚਾਰਜ ਮਹਿੰਗੇ ਹੋਣ ਨਾਲ ਨੌਜਵਾਨਾਂ, ਵਿਦਿਆਰਥੀਆਂ ਅਤੇ ਛੋਟੇ ਕਾਰੋਬਾਰੀਆਂ ਉੱਤੇ ਵਾਧੂ ਬੋਝ ਪਿਆ ਹੈ। ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਵੀ ਡੀਜ਼ਲ ਮਹਿੰਗਾ ਹੋਣ ਕਾਰਨ ਖੇਤੀ ਲਾਗਤ ਵਿੱਚ ਵੱਡਾ ਵਾਧਾ ਝੱਲਣਾ ਪੈ ਰਿਹਾ ਹੈ। ਉਨ੍ਹਾਂ ਕਿਹਾ ਕਿ ਭਾਜਪਾ ਸਰਕਾਰ ਲੋਕਾਂ ਨੂੰ ਮਹਿੰਗਾਈ ਤੋਂ ਰਾਹਤ ਦੇਣ ਵਿੱਚ ਨਾਕਾਮ ਰਹੀ ਹੈ ਅਤੇ ਹਰ ਵਰਗ ਆਪਣੇ ਆਪ ਨੂੰ ਠੱਗਿਆ ਮਹਿਸੂਸ ਕਰ ਰਿਹਾ ਹੈ। ਕਾਂਗਰਸੀ ਆਗੂਆਂ ਨੇ ਮੰਗ ਕੀਤੀ ਕਿ ਪੈਟਰੋਲ, ਡੀਜ਼ਲ ਅਤੇ ਘਰੇਲੂ ਗੈਸ ਦੀਆਂ ਕੀਮਤਾਂ ਤੁਰੰਤ ਘਟਾਈਆਂ ਜਾਣ ਤਾਂ ਜੋ ਆਮ ਲੋਕਾਂ ਨੂੰ ਰਾਹਤ ਮਿਲ ਸਕੇ। ਉਨ੍ਹਾਂ ਚੇਤਾਵਨੀ ਦਿੱਤੀ ਕਿ ਜੇਕਰ ਕੇਂਦਰ ਸਰਕਾਰ ਨੇ ਲੋਕਾਂ ਦੀਆਂ ਸਮੱਸਿਆਵਾਂ ਵੱਲ ਧਿਆਨ ਨਾ ਦਿੱਤਾ ਤਾਂ ਕਾਂਗਰਸ ਪਾਰਟੀ ਵੱਲੋਂ ਸੰਘਰਸ਼ ਹੋਰ ਤੇਜ਼ ਕੀਤਾ ਜਾਵੇਗਾ। ਇਸ ਮੌਕੇ ਅਜੀਤ ਇੰਦਰ ਸਿੰਘ ਮੋਫਰ, ਅਰਸ਼ਦੀਪ ਗਗੋਵਾਲ, ਗੁਰਪ੍ਰੀਤ ਵਿੱਕੀ, ਸੁਰੇਸ਼ ਨੰਦਗੜੀਆ, ਨਰੋਤਮ ਸਿੰਘ ਚਹਿਲ, ਬਲਵਿੰਦਰ ਨਾਰੰਗ, ਲਾਲੂ ਭਾਰਦਵਾਜ, ਬਲਵੀਰ ਸਿੰਘ ਦੰਦੀਵਾਲ, ਜਤਿੰਦਰ ਕੁਮਾਰ ਆਗਰਾ, ਅਵਤਾਰ ਸਿੰਘ ਸੁੱਖਾ ਧਲੇਵਾ, ਸਿਮਰਨਜੀਤ ਸਿੰਘ ਮਾਨਸ਼ਾਹੀਆ, ਮੱਖਣ ਸ਼ਰਮਾ, ਵਿਨੋਦ ਸਿੰਗਲਾ, ਡਾ. ਧਰਮਿੰਦਰ ਅਰੋੜਾ, ਰਵੀ ਰੁਪਾਲ, ਕੁਲਵੀਰ ਸਿੰਘ ਮਾਨ, ਹਰਵਿੰਦਰ ਕੌਰ ਸਿੱਧੂ ਸਮੇਤ ਵੱਡੀ ਗਿਣਤੀ ਵਿੱਚ ਕਾਂਗਰਸੀ ਵਰਕਰ ਅਤੇ ਇਲਾਕਾ ਨਿਵਾਸੀ ਹਾਜ਼ਰ ਸਨ।

Leave a Reply

Your email address will not be published. Required fields are marked *