ਪਾਤੜਾਂ ‘ਚ ਹੌਲਦਾਰ ਮਨਦੀਪ ਸਿੰਘ 30,000 ਦੀ ਰਿਸ਼ਵਤ ਲੈਂਦਾ ਕਾਬੂ


ਚੰਡੀਗੜ੍ਹ, 30 ਜੂਨ (ਨਿਊਜ਼ ਟਾਊਨ ਨੈਟਵਰਕ) : ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਜ਼ਿਲ੍ਹਾ ਪਟਿਆਲਾ ਦੀ ਪੁਲਿਸ ਚੌਕੀ ਪਾਤੜਾਂ ਵਿਖੇ ਤਾਇਨਾਤ ਹੌਲਦਾਰ ਮਨਦੀਪ ਸਿੰਘ ਨੂੰ 30,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਗ੍ਰਿਫ਼ਤਾਰ ਕੀਤਾ ਹੈ।
ਜਾਣਕਾਰੀ ਮੁਤਾਬਕ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਾਇਆ ਕਿ ਉਕਤ ਪੁਲਿਸ ਕਰਮਚਾਰੀ ਨੇ ਉਸ ਤੋਂ 30,000 ਰੁਪਏ ਦੀ ਰਿਸ਼ਵਤ ਮੰਗੀ ਹੈ ਅਤੇ ਰਿਸ਼ਵਤ ਨਾ ਦੇਣ ਦੀ ਸੂਰਤ ਵਿਚ ਉਸ ‘ਤੇ ਅਸਲਾ ਕਾਨੂੰਨ ਤਹਿਤ ਝੂਠੀ ਐਫਆਈਆਰ ਦਰਜ ਕਰਨ ਦੀ ਧਮਕੀ ਦਿਤੀ ਹੈ।
ਸ਼ਿਕਾਇਤ ਦੀ ਪੜਤਾਲ ਤੋਂ ਬਾਅਦ ਪਟਿਆਲਾ ਰੇਂਜ ਦੀ ਵਿਜੀਲੈਂਸ ਬਿਊਰੋ ਟੀਮ ਨੇ ਜਾਲ ਵਿਛਾਇਆ ਅਤੇ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿਚ ਹੌਲਦਾਰ ਮਨਦੀਪ ਸਿੰਘ ਨੂੰ 30000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ ਅਤੇ ਮੌਕੇ ‘ਤੇ ਹੀ ਉਸ ਤੋਂ ਰਿਸ਼ਵਤਖੋਰੀ ਦੀ ਰਕਮ ਵੀ ਬਰਾਮਦ ਕਰ ਲਈ ਗਈ।
ਇਸ ਸਬੰਧੀ ਮੁਲਜ਼ਮ ਵਿਰੁੱਧ ਵਿਜੀਲੈਂਸ ਬਿਊਰੋ ਦੇ ਥਾਣਾ ਪਟਿਆਲਾ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ। ਮੁਲਜ਼ਮ ਪੁਲਿਸ ਕਰਮਚਾਰੀ ਨੂੰ ਕੱਲ੍ਹ ਅਦਾਲਤ ਵਿਚ ਪੇਸ਼ ਕੀਤਾ ਜਾਵੇਗਾ ਅਤੇ ਕੇਸ ਦੀ ਅਗਲੇਰੀ ਜਾਂਚ ਜਾਰੀ ਹੈ।